ਜੇਕਰ ਅਕਾਲੀ ਦਲ 'ਚ ਥੋੜਾ ਜਿਹਾ ਵੀ ਸਵੈ-ਮਾਣ ਹੁੰਦਾ ਤਾਂ ਤੁਰੰਤ ਭਾਜਪਾ ਨਾਲ ਗੱਠਜੋੜ ਤੋੜ ਦਿੰਦੇ - ਜਾਖੜ
ਮੁੱਖ ਮੰਤਰੀ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਕੋਵੀਡ -19 ਮਹਾਂਮਾਰੀ ਦੌਰਾਨ ਕਣਕ ਦੀ ਫਸਲ ਨੂੰ ਸੁਚਾਰੂ ਢੰਗ ਨਾਲ ਚੁੱਕਣ ਅਤੇ ਖਰੀਦਣ ਲਈ ਕੀਤੇ ਗਏ ਯਤਨਾਂ ਦੀ ਕੀਤੀ ਸ਼ਲਾਘਾ
ਲੁਧਿਆਣਾ, ਸਤੰਬਰ 2020 ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਅੱਜ ਸਾਡੇ ਦੇਸ਼ ਦਾ ਕਿਸਾਨ ਚਿੰਤਤ ਹੈ, ਖੇਤੀ ਸੈਕਟਰ 'ਤੇ ਕਾਲੇ ਬੱਦਲ ਛਾਏ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਨਾਂ ਭਰੋਸੇ 'ਚ ਲਏ ਜੋ ਕਾਲਾ ਕਾਨੂੰਨ ਲੈ ਕੇ ਆ ਰਹੇ ਹਨ ਉਸ ਨਾਲ ਕਿਸਾਨ ਕਿਸਾਨੀ ਦੋਵਾਂ ਦਾ ਵਜੂਦ ਖ਼ਤਮ ਹੋ ਜਾਵੇਗ।ਜਾਖੜ ਵੱਲੋਂ ਇਹ ਪ੍ਰਗਟਾਵਾ ਸਥਾਨਕ ਬਚਤ ਭਵਨ ਵਿਖੇ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਜਾਖੜ ਵੱਲੋ ਬਚਤ ਭਵਨ ਵਿਖੇ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਵੀਡੀਓ ਕਾਨਫਰੰਸ ਰਾਹੀਂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸਿੰਘ ਸੰਧੂ, ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।ਜਾਖੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਵਿੱਤੀ ਸੁਰੱਖਿਆ ਨਹੀਂ ਹੁੰਦੀ ਉਦੋਂ ਤੱਕ ਕੋਈ ਭੋਜਨ ਜਾਂ ਪੌਸ਼ਟਿਕ ਸੁਰੱਖਿਆ ਨਹੀਂ ਹੋ ਸਕਦੀ, ਜਿਸ ਨੂੰ ਕੇਂਦਰ ਸਰਕਾਰ ਇਨ੍ਹਾਂ ਨਵੇਂ ਕਾਲੇ ਕਾਨੂੰਨਾਂ ਰਾਹੀਂ ਖਤਮ ਕਰਨ ਦੀ ਕੋਸ਼ਿਸ ਕਰ ਰਹੀ ਹੈ।ਉਨ੍ਹਾਂ ਹਰਸਿਮਰਤ ਕੌਰ ਬਾਦਲ 'ਤੇ ਵਰ੍ਹਦੇ ਹੋਏ ਕਿਹਾ ਕਿ ਕੇਂਦਰੀ ਆਰਡਰਨੈਂਸਾਂ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਮੰਡਲ ਦਾ ਅਹੁਦਾ ਛੱਡਣਾ ਤੇ ਕਿਸਾਨਾਂ ਨਾਲ ਝੂਠੀ ਹਮਦਰਦੀ ਦਿਖਾਉਣਾ ਉਸ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਅਕਾਲੀ ਦਲ 'ਚ ਥੋੜਾ ਜਿਹਾ ਵੀ ਸਵੈ-ਮਾਣ ਹੁੰਦਾ ਤਾਂ ਉਹ ਸਾਡੇ ਤਬਾਹ ਹੋ ਰਹੇ ਕਿਸਾਨ ਭਰਾਵਾਂ ਲਈ ਭਾਜਪਾ ਨਾਲ ਗਠਜੋੜ ਤੋੜ ਦਿੰਦੇ।
ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਅਤੇਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨਾਂ ਨਾਲ ਖੜ੍ਹੇ ਹੁੰਦੇ ਅਤੇ ਉਨ੍ਹਾਂ ਦੀ ਸਹਿਯੋਗੀ ਪਾਰਟੀ ਨਾਲ ਪਹਿਲੀ ਮੁਲਾਕਾਤ ਦੌਰਾਨ ਹੀ ਦਬਾਅ ਬਣਾਇਆ ਹੁੰਦਾ ਤਾਂ ਮੌਜੂਦਾ ਸਥਿਤੀ ਪੈਦਾ ਹੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਪਹਿਲਾਂ ਹੀ ਇਸ ਕਾਲੇ ਕਾਨੂੰਨ ਦੀ ਵਕਾਲਤ ਕਰ ਰਹੇ ਸਨ ਅਤੇ ਕਿਸਾਨਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਰਾਸ਼ਟਰਪਤੀ ਵੱਲੋਂ ਹਰਸਿਮਰਤ ਬਾਦਲ ਦੇ ਅਸਤੀਫ਼ੇ ਦੀ ਪ੍ਰਵਾਨਗੀ 'ਤੇ ਵਿਅੰਗ ਕੱਸਦੇ ਹੋਏ ਜਾਖੜ ਨੇ ਕਿਹਾ ਕਿ ਉਹ ਆਸ ਕਰ ਰਹੇ ਸਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਸਟਾਚਾਰ ਦੇ ਨਾਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨ.ਡੀ.ਏ.) ਦੇ ਸੰਸਥਾਪਕ ਮੈਂਬਰ ਵੀ ਹਨ, ਨੂੰ ਅਸਤੀਫ਼ੇ 'ਤੇ ਮੁੜ ਵਿਚਾਰ ਕਰਨ ਲਈ ਕਹਿਣਗੇ ਪਰ ਪ੍ਰਧਾਨ ਮੰਤਰੀ ਵੱਲ਼ੋ ਤੁਰੰਤ ਅਸਤੀਫਾ ਸਵਿਕਾਰ ਕਰਨਾ ਹੈਰਾਨੀ ਵਾਲੀ ਗੱਲ ਹੈ।ਉਨ੍ਹਾ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਕਾਂਗਰਸ ਪਾਰਟੀ ਇਸ ਕਾਲੇ ਕਾਨੂੰਨ ਦੇ ਖਿਲਾਫ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਇਹ ਸਵਾਲ ਸਾਰੇ ਦੇਸ਼ ਦੀ ਕਿਸਾਨੀ ਭਾਈਚਾਰੇ ਦੀ ਸੁਰੱਖਿਆ ਦਾ ਹੈ ਤੇ ਕਾਂਗਰਸ ਕਿਸਾਨੀ ਅਧਿਕਾਰਾਂ ਵਾਸਤੇ ਲੜਨ ਲਈ ਅੱਡੀ ਚੋਟੀ ਦਾ ਜੋਰ ਲਗਾਵੇਗੀ।
ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੋਵੀਡ-19 ਮਹਾਂਮਾਰੀ ਦੇ ਦੌਰਾਨ ਕਣਕ ਦੀ ਫਸਲ ਨੂੰ ਨਿਰਵਿਘਨ ਅਤੇ ਸਫਲਤਾਪੂਰਵਕ ਚੁੱਕਣ ਅਤੇ ਖਰੀਦਣ ਲਈ ਕੀਤੇ ਗਏ ਯਤਨਾਂ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਖਰੀਦ ਲਈ ਇਕ ਹੋਰ ਚੁਣੌਤੀ ਦੀ ਤਿਆਰੀ ਕਰੋ ਅਤੇ ਇਹ ਸੁਨਿਸ਼ਚਿਤ ਕਰੋ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਸ਼ਰਮਾ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।