ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਮ੍ਰਿਤਕਾਂ ਦੇ ਪਰਿਵਾਰਾਂ ਵਲੋਂ ਧਰਨੇ

ਫਾਜ਼ਿਲਕਾ, ਜੂਨ 2019- ਇੱਥੋਂ ਦੇ ਗਾਂਧੀ ਨਗਰ ਵਾਸੀ ਮਦਨ ਲਾਲ ਨਾਮੀਂ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕਸ਼ੀ ਕਰਨ ਸਬੰਧੀ ਕਥਿਤ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਦੀ ਮੰਗ ਲਈ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਫਾਜ਼ਿਲਕਾ ਦੇ ਬਾਹਰ ਧਰਨਾ ਲਾਇਆ।
ਮ੍ਰਿਤਕ ਮਦਨ ਲਾਲ ਦੇ ਸਾਢੂ ਕੁੰਦਨ ਲਾਲ ਨੇ ਦੱਸਿਆ ਕਿ ਮਦਨ ਲਾਲ ਦਾ ਫਾਜ਼ਿਲਕਾ, ਮੁਕਤਸਰ ਅਤੇ ਹੋਰਨਾਂ ਸ਼ਹਿਰਾਂ ਦੇ ਵਾਸੀ ਆਪਣੇ ਰਿਸ਼ਤੇਦਾਰਾਂ ਅਤੇ ਹੋਰਨਾਂ ਲੋਕਾਂ ਨਾਲ ਪੈਸਿਆਂ ਦੇ ਲੈਣ ਦੇਣ ਦਾ ਮਾਮਲਾ ਸੀ। ਉਸ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਪੈਸਿਆਂ ਨੂੰ ਲੈ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮਦਨ ਲਾਲ ਪਰੇਸ਼ਾਨ ਹੋ ਕੇ ਕੱਲ੍ਹ ਸਵੇਰੇ ਲਗਭਗ 9 ਵਜੇ ਘਰ ਤੋਂ ਇਹ ਕਹਿਕੇ ਚਲਾ ਗਿਆ ਕਿ ਉਹ ਨੇੜਲੇ ਪਿੰਡ ਪੰਨੀ ਵਾਲਾ ਜਾ ਰਿਹਾ ਹੈ ਅਤੇ ਦੁਪਹਿਰ 3 ਵਜੇ ਤੱਕ ਵਾਪਸ ਆ ਜਾਵੇਗਾ। ਜਦੋਂ ਮਦਨ ਲਾਲ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਭਾਲ ਦੌਰਾਨ ਮਦਨ ਲਾਲ ਦੀ ਲਾਸ਼ ਨਹਿਰ ਵਿਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਸਚਿਨ ਕੁਮਾਰ ਨੇ ਦੱਸਿਆ ਕਿ ਮਾਮਲੇ ਸਬੰਧੀ ਭਾਰਤੀ ਦੰਡਾਵਲੀ ਦੀ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।