You are here

ਮੁੱਖ ਮੰਤਰੀ ਪੰਜਾਬ ਵੱਲੋਂ ਮੰਨੀਆਂ ਮੰਗਾਂ ਹਫ਼ਤੇ 'ਚ ਲਾਗੂ ਕਰਨ ਦਾ ਭਰੋਸਾ ਪਰਖ਼ਣ ਅਤੇ ਕਈ ਹੋਰ ਰਹਿੰਦੀਆਂ ਮੰਗਾਂ ਮੰਨਣ 'ਤੇ ਜ਼ੋਰ ਪਾਉਣ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਜ਼ਿਲ੍ਹਾ ਪੱਧਰੇ ਧਰਨੇ 30 ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ

ਚੰਡੀਗੜ੍ਹ 24 ਦਸੰਬਰ ( ਗੁਰਸੇਵਕ ਸੋਹੀ  ) ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਗੱਲਬਾਤ ਸਮੇਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਪਾਸ ਸਮੇਂ ਦੀ ਕਿੱਲਤ ਕਾਰਨ ਪਹਿਲਾਂ ਮੰਨੀਆਂ ਹੋਈਆਂ ਪਰ ਲਾਗੂ ਨਾ ਕੀਤੀਆਂ 5 ਮੰਗਾਂ ਅਤੇ 2 ਹੋਰ ਫੌਰੀ ਮੰਗਾਂ ਹਫ਼ਤੇ ਦੇ ਵਿੱਚ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਹ ਭਰੋਸੇ ਅਮਲੀ ਰੂਪ ਵਿਚ ਲਾਗੂ ਕਰਵਾਉਣ ਅਤੇ ਰਹਿੰਦੀਆਂ ਕਈ ਹੋਰ ਅਹਿਮ ਮੰਗਾਂ ਮੰਨਵਾਉਣ ਲਈ 15 ਜ਼ਿਲ੍ਹਿਆਂ ਵਿੱਚ ਡੀ ਸੀ ਜਾਂ ਐੱਸ ਡੀ ਐੱਮ ਦਫ਼ਤਰਾਂ ਅੱਗੇ ਧਰਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਨਰਮੇ ਅਤੇ ਝੋਨੇ ਦੀ ਫਸਲੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਕਾਸ਼ਤਕਾਰ ਕਿਸਾਨਾਂ ਨੂੰ ਅਤੇ ਵੱਖਰਾ 10% ਖੇਤ ਮਜ਼ਦੂਰਾਂ ਨੂੰ ਛੇਤੀ ਤੋਂ ਛੇਤੀ ਦੇਣ ਲਈ ਹਰ ਪ੍ਰਭਾਵਤ ਜ਼ਿਲ੍ਹੇ ਵਿੱਚ ਏ ਡੀ ਸੀ ਜਨਰਲ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਪੱਤਰ ਮੌਕੇ 'ਤੇ ਜਾਰੀ ਕੀਤਾ ਗਿਆ ਸੀ। ਨਿੱਜੀ ਖੰਡ ਮਿੱਲਾਂ ਨੂੰ ਵੇਚੇ ਗੰਨੇ ਦੀ 325 ਰੁਪਏ ਪ੍ਰਤੀ ਕੁਇੰਟਲ ਵਾਲ਼ੀ ਪਰਚੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਅੱਗੇ ਪੇਸ਼ ਕਰਨ 'ਤੇ 2 ਦਿਨਾਂ ਦੇ ਅੰਦਰ-ਅੰਦਰ 35 ਰੁਪਏ ਪ੍ਰਤੀ ਕੁਇੰਟਲ ਹੋਰ ਉਸਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਦੀ ਹਦਾਇਤ ਤੁਰੰਤ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ।। ਐਲਾਨੀ ਗਈ 3-3 ਲੱਖ ਰੁਪਏ ਦੀ ਰਾਹਤ ਅਤੇ ਨੌਕਰੀ ਸਮੇਤ ਕਰਜ਼ਾ ਮਾਫ਼ੀ ਤੋਂ ਵਾਂਝੇ ਰਹਿ ਗਏ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇਹ ਰਾਹਤਾਂ ਹਫ਼ਤੇ ਦੇ ਵਿੱਚ ਵਿੱਚ ਦੇਣ ਲਈ ਜਨਤਕ ਨੋਟਿਸ ਜਾਰੀ ਕਰਕੇ ਦੁਬਾਰਾ ਸੂਚੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਪਿਤਾ, ਪੁੱਤਰ/ਧੀ ਜਾਂ ਪਤੀ ਪਤਨੀ ਕਿਸੇ ਦੇ ਸਿਰ ਵੀ ਕਰਜ਼ਾ ਹੋਵੇ ਤਾਂ ਉਹ ਮੰਨਿਆ ਜਾਵੇਗਾ ਅਤੇ ਨਾ ਵੀ ਹੋਵੇ ਤਾਂ ਆਰਥਿਕ ਤੰਗੀ ਵੀ ਖ਼ੁਦਕੁਸ਼ੀ ਦਾ ਕਾਰਨ ਮੰਨੀ ਜਾਵੇਗੀ। 5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਮਾਫ਼ੀ ਲੈਂਡ ਮਾਰਗੇਜ਼ ਬੈਂਕ ਦੇ ਕਰਜ਼ਦਾਰਾਂ ਸਮੇਤ ਰਹਿੰਦੇ ਸਾਰੇ ਬੈਂਕਾਂ ਸੋਸਾਇਟੀਆਂ ਦੇ ਕਰਜ਼ਦਾਰਾਂ ਨੂੰ ਛੇਤੀ ਤੋਂ ਛੇਤੀ ਅਦਾ ਕੀਤੀ ਜਾਵੇਗੀ। ਅੰਦੋਲਨਕਾਰੀ ਕਿਸਾਨਾਂ ਵਿਰੁੱਧ ਦਰਜ ਸਾਰੇ ਪੁਲਿਸ ਕੇਸ ਵੀ ਹਫ਼ਤੇ ਦੇ ਅੰਦਰ ਅੰਦਰ ਵਾਪਸ ਲਏ ਜਾਣਗੇ। ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਂਝੇ ਰਹਿੰਦੇ ਵਾਰਸਾਂ ਨੂੰ 5-5 ਲੱਖ ਦਾ ਮੁਆਵਜ਼ਾ, 1-1 ਪੱਕੀ ਸਰਕਾਰੀ ਨੌਕਰੀ ਤੇ ਕਰਜ਼ਾ ਮਾਫ਼ੀ ਵੀ ਛੇਤੀ ਤੋਂ ਛੇਤੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਮਾਨਸਾ ਵਿਖੇ ਬੇਰੁਜ਼ਗਾਰ ਟੀਚਰਾਂ ਉੱਤੇ ਬੇਕਿਰਕ ਲਾਠੀਆਂ ਵਰ੍ਹਾਉਣ ਦੇ ਦੋਸ਼ੀ ਡੀ ਐੱਸ ਪੀ ਵਿਰੁੱਧ 2 ਦਿਨਾਂ ਵਿੱਚ ਕੇਸ ਦਰਜ ਕਰ ਕੇ ਮੁਅੱਤਲ ਕਰਨ ਅਤੇ ਟੌਲ ਪਲਾਜ਼ਾ ਦੇ ਪੁਰਾਣੇ ਰੇਟ ਹੀ ਵਸੂਲਣ ਦੀ ਹਦਾਇਤ ਪੰਜਾਬ ਸਰਕਾਰ ਵੱਲੋਂ ਤਾਂ ਤੁਰੰਤ ਜਾਰੀ ਕਰਨ ਅਤੇ ਕੇਂਦਰੀ ਮੰਤਰੀ ਸ੍ਰੀ ਗਡਕਰੀ ਵੱਲੋਂ ਵੀ ਇਸ ਲਈ ਸਹਿਮਤੀ ਹਾਸਲ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ ਸੀ। 
               ਇਸ ਤੋਂ ਇਲਾਵਾ ਮੁੱਖ ਮੰਤਰੀ ਜੀ ਵੱਲੋਂ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਹਰ ਘਰ ਰੁਜ਼ਗਾਰ ਅਤੇ ਮਾਰੂ ਨਸ਼ਿਆਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜ਼ਦੂਰ ਪੱਖੀ ਸੂਦਖੋਰੀ ਕਰਜ਼ਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਅਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਵਰਗੇ ਕਈ ਹੋਰ ਰਹਿੰਦੇ ਅਹਿਮ ਮਸਲਿਆਂ ਦੇ ਹੱਲ ਲਈ 30 ਦਸੰਬਰ ਨੂੰ ਮੁੜ ਗੱਲਬਾਤ ਦਾ ਵਾਅਦਾ ਕੀਤਾ ਗਿਆ ਸੀ।
      ਕਿਸਾਨ ਆਗੂ ਨੇ ਦੱਸਿਆ ਕਿ ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਲੌਂਗੋਵਾਲ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਗੁਰਪ੍ਰੀਤ ਕੌਰ ਬਰਾਸ ਸ਼ਾਮਲ ਸਨ। ਬੁਲਾਰਿਆਂ ਵੱਲੋਂ ਬੀਤੇ ਦਿਨੀਂ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ 2-3 ਥਾਂਈਂ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਕੱਲ੍ਹ ਲੁਧਿਆਣੇ ਕਚਹਿਰੀ ਵਿੱਚ ਕੀਤੇ ਗਏ ਬੰਬ ਧਮਾਕੇ ਪਿੱਛੇ ਲੋਕ ਵਿਰੋਧੀ ਤਾਕਤਾਂ ਦੀ ਗਹਿਰੀ ਸਾਜ਼ਿਸ਼ ਦਾ ਦੋਸ਼ ਲਾਉਂਦਿਆਂ ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਰਾਜ ਸਰਕਾਰ ਵੱਲੋਂ ਤੁਰੰਤ ਨਿਰਪੱਖ ਪੜਤਾਲ ਰਾਹੀਂ ਇਨ੍ਹਾਂ ਸਾਜ਼ਸ਼ਾਂ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਗਈ। ਨਾਲ਼ ਹੀ ਸਮੂਹ ਕਿਸਾਨਾਂ, ਮਜ਼ਦੂਰਾਂ, ਕਿਰਤੀਆਂ ਤੇ ਇਨਸਾਫਪਸੰਦ ਲੋਕਾਂ ਨੂੰ ਅਜਿਹੇ ਸਾਜ਼ਸ਼ੀ ਅਨਸਰਾਂ ਵਿਰੁੱਧ ਪੂਰੀ ਚੌਕਸੀ ਵਰਤਣ ਦਾ ਸੱਦਾ ਵੀ ਦਿੱਤਾ ਗਿਆ। ਮੌਕੇ 'ਤੇ ਫ਼ੜੇ ਜਾਣ ਵੇਲੇ ਵੀ ਗੁੱਸੇ ਨੂੰ ਕਾਬੂ 'ਚ ਰੱਖਦਿਆਂ ਹਜੂਮੀ ਹਿੰਸਾ ਰਾਹੀਂ ਜਾਨੋਂ ਮਾਰਨ ਦੀ ਬਜਾਏ ਗਹਿਰੀ ਪੜਤਾਲ ਰਾਹੀਂ ਸਾਜ਼ਿਸ਼ ਦੇ ਅਸਲੀ ਦੋਸ਼ੀ ਨਸ਼ਰ ਕਰਨੇ ਚਾਹੀਦੇ ਹਨ, ਤਾਂ ਕਿ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਹਕੀਕੀ ਮਸਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਤੇ ਫਿਰਕੂ ਫ਼ਸਾਦ ਭੜਕਾਉਣ ਦੀਆਂ ਸਾਮਰਾਜੀ ਹਕੂਮਤੀ ਚਾਲਾਂ ਨੂੰ ਪਛਾੜਿਆ ਜਾ ਸਕੇ।
   
 ਜਾਰੀ ਕਰਤਾ:- ਸੁਖਦੇਵ ਸਿੰਘ ਕੋਕਰੀ ਕਲਾਂ