ਐਸ ਕੇ ਐਮ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਗਿਆ ਮੰਗ ਪੱਤਰ*
ਲੁਧਿਆਣਾ , 07 ਮਾਰਚ- (ਗੁਰਸੇਵਕ ਸੋਹੀ)- ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਬਿੱਜਲੀ ਬੋਰਡ ਦੇ ਨਿੱਜੀਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਜ਼ਿਲ੍ਹਾ ਪੱਧਰੀ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਸਵੇਰ ਤੋਂ ਹੀ ਜ਼ਿਲ੍ਹੇ ਦੇ ਵੱਖ ਵੱਖ ਥਾਂਵਾਂ ਤੋਂ ਸਾਥੀ ਟਰੈਕਟਰਾਂ ਟਰਾਲੀਆਂ ਵਿੱਚ ਭਾਰਤ ਨਗਰ ਚੌਕ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ। ਜਿੱਥੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੇ ਮੋਦੀ ਵੱਲੋਂ ਮੰਗਾਂ ਨਾ ਮੰਨੇ ਜਾਣ ਲਈ ਉਸ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸੂਬਿਆਂ ਦੇ ਅਧਿਕਾਰਾਂ ਤੇ ਹਮਲਾ ਬੋਲਦਿਆਂ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਦਾ ਹੱਕ ਖੋਹ ਕੇ ਆਪਣੇ ਕੋਲ ਲੈ ਲਿਆ ਹੈ ਜਿਸ ਦਾ ਨੁਕਸਾਨ ਸੂਬੇ ਨੂੰ ਹੋਵੇਗਾ । ਕੇਂਦਰ ਸਰਕਾਰ ਰਾਜਾਂ ਤੋਂ ਡੈਮ ਅਤੇ ਉਨ੍ਹਾਂ ਦੇ ਕੁਦਰਤੀ ਵਸੀਲੇ ਖੋਹ ਕੇ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਦੇਣਾ ਚਾਹੁੰਦੀ ਹੈ ।ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਵਿੱਚ ਇਤਿਹਾਸ ਬਦਲੇ ਜਾਣ ਅਤੇ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਧਾਰਮਿਕ ਪਹਿਰਾਵੇ ਹਿਜਾਬ ਅਤੇ ਦਸਤਾਰ ਤੇ ਪਾਬੰਦੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਧਰਨੇ ਅਤੇ ਰੈਲੀ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਗਿਆ । ਰੈਲੀ ਦੇ ਪ੍ਰਧਾਨਗੀ ਮੰਡਲ ਵਿੱਚ ਭਾਰਤੀ ਕਿਸਾਨ ਯੂਨੀਅਨ- ਡਕੌਂਦਾ ਵੱਲੋਂ ਮਹਿੰਦਰ ਸਿੰਘ ਕਮਾਲਪੁਰਾ, ਭਾਰਤੀ ਕਿਸਾਨ ਯੂਨੀਅਨ -ਕਾਦੀਆ ਵੱਲੋਂ ਹਰਦੀਪ ਸਿੰਘ ਗਿਆਸਪੁਰਾ, ਜਮਹੂਰੀ ਕਿਸਾਨ ਸਭਾ ਵਲੋਂ ਬਲਰਾਜ ਸਿੰਘ ਕੋਟ ਉਮਰਾਂ ,ਕੁੱਲ ਹਿੰਦ ਕਿਸਾਨ ਸਭਾ (1936) ਵੱਲੋਂ ਸੁਰਿੰਦਰ ਸਿੰਘ ਜਲਾਲਦੀਵਾਲ ਭਾਰਤੀ ਕਿਸਾਨ ਯੂਨੀਅਨ -ਪੰਜਾਬ ਕਿਸਾਨ ਯੂਨੀਅਨ ਵਲੋਂ ਬੂਟਾ ਸਿੰਘ ਚਕਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਤਰਲੋਚਨ ਸਿੰਘ ਝੋਰੜਾਂ , ਅਤੇ ਏ.ਆਈ.ਕੇ ਐਫ.ਵੱਲੋਂ ਸੁਖਦੇਵ ਸਿੰਘ ਕਿਲਾ ਰਾਏਪੁਰ ਸ਼ਾਮਿਲ ਸਨ। ਜਿਹੜੇ ਸਾਥੀਆਂ ਨੇ ਵਿਚਾਰ ਪ੍ਰਗਟ ਕੀਤੇ ਉਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ , ਰਘਬੀਰ ਸਿੰਘ ਬੈਨੀਪਾਲ, ਚਮਕੌਰ ਸਿੰਘ ,ਸਾਧੂ ਸਿੰਘ ਅੱਚਰਵਾਲ, ਇੰਦਰਜੀਤ ਸਿੰਘ ਧਾਲੀਵਾਲ ,ਚਰਨ ਸਰਾਭਾ ,ਮਨਪ੍ਰੀਤ ਸਿੰਘ ਘੁਲਾਲ ,ਡਾ ਗੁਰਚਰਨ ਸਿੰਘ ,ਪ੍ਰਗਟ ਸਿੰਘ ਕੋਟਪਨੈਚ ਅਤੇ ਐਡਵੋਕੇਟ ਕੁਲਦੀਪ ਸਿੰਘ ਗ੍ਰੇਵਾਲ ਸ਼ਾਮਲ ਸਨ ।
ਸਟੇਜ ਸਕੱਤਰ ਦੀ ਭੂਮਿਕਾ ਪ੍ਰੋ ਜੈਪਾਲ ਸਿੰਘ ਨੇ ਨਿਭਾਈ । ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿਚ ਐਸ.ਕੇ. ਐਮ ਦੇ ਬੁਲਾਰੇ ਮਨਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਅੱਜ ਦਾ ਧਰਨਾ ਅਤੇ ਰੈਲੀ ਪੂਰੀ ਤਰ੍ਹਾਂ ਕਾਮਯਾਬ ਰਹੀ ।
ਜਾਰੀ ਕਰਤਾ:
ਮਨਿੰਦਰ ਸਿੰਘ ਭਾਟੀਆ