ਚੰਡੀਗੜ੍ਹ, 20 ਮਾਰਚ (ਜਨਸ਼ਕਤੀ ਨਿਊਜ਼ ਬਿਊਰੋ )ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਨਾਲ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ਵਿੱਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ ਬੀਬੀਐਮਬੀ ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਵਿੱਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਕਾਰਨ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਇਹ ਮੁੱਦਾ ਉਠਿਆ ਸੀ ਕਿ ਬੀਬੀਐਮਬੀ ਵਿੱਚ ਕੇਂਦਰ ਨੇ ਪੰਜਾਬ ਦੀਆਂ ਅਸਾਮੀਆਂ ਵਿੱਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਮਾਮਲਾ ਇਹ ਵੀ ਉੱਠਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਉਥੇ ਅਸਾਮੀਆਂ ਦੇ ਬਰਾਬਰ ਭਰਤੀ ਨਹੀਂ ਕੀਤੀ। ਇਸ ਲਈ ਪਿਛਲੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।