ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਅਧਿਆਪਕਾਂ ਵੱਲੋਂ ਰੋਸ ਧਰਨਾ

ਲਹਿਰਾਗਾਗਾ  ,6 ਅਪ੍ਰੈਲ ( ਗੁਰਸੇਵਕ ਸੋਹੀ   ) ਲਹਿਰਾਗਾਗਾ

ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪ੍ਰਾਇਮਰੀ ਅਧਿਆਪਕਾਂ ਵਲੋਂ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ  ਸਿੱਖਿਆ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜਰਨਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਵੱਡੀ ਗਿਣਤੀ 'ਚ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਤਿੰਨ ਮਹੀਨਿਆਂ ਤੋਂ ਰੁਕੀ ਅਧਿਆਪਕਾਂ ਦੀ ਤਨਖਾਹ ਅਤੇ ਬਕਾਏ ਜਾਰੀ ਕੀਤੇ ਜਾਣ।

        ਡੀਟੀਐਫ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਅਤੇ ਬਲਾਕ ਜਰਨਲ ਸਕੱਤਰ ਗੁਰਮੀਤ ਸੇਖੂਵਾਸ ਨੇ ਦੱਸਿਆ ਕਿ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਮਾਨਸਿਕ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਅਧਿਆਪਕ ਤੇ ਦਫਤਰੀ ਕਾਮੇ ਰੈਗੂਲਰ ਕੀਤੇ ਜਾਣ। ਧਰਨੇ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਤਨਖਾਹ ਦਾ ਬਜਟ ਆ ਚੁੱਕਾ ਹੈ। ਜਲਦੀ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਭਰਾਤਰੀ ਜਥੇਬੰਦੀ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ - ਉਗਰਾਹਾਂ) ਵੱਲੋਂ ਮਾਸਟਰ ਗੁਰਚਰਨ ਸਿੰਘ ਖੋਖਰ ਅਤੇ 4500 ਈਟੀਟੀ ਯੂਨੀਅਨ ਵਲੋਂ ਹਰਦੀਪ ਸਿੰਘ ਕੈਂਪਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਰੋਸ ਧਰਨੇ ਵਿੱਚ ਬਲਾਕ ਲਹਿਰਾਗਾਗਾ ਦੇ ਵੱਡੀ ਗਿਣਤੀ 'ਚ ਪ੍ਰਾਇਮਰੀ ਅਧਿਆਪਕ ਹਾਜ਼ਰ ਸਨ।

ਜਾਰੀ ਕਰਤਾ : - ਗੁਰਪ੍ਰੀਤ ਪਸ਼ੋਰ ਬਲਾਕ ਪ੍ਰਧਾਨ ਡੀਟੀਐਫ ਲਹਿਰਾਗਾਗਾ