ਮੁੱਖ ਮੰਤਰੀ ਭਗਵੰਤ ਮਾਨ ਨੇ ਅਨਾਜ ਮੰਡੀ ਖੰਨਾ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ 

ਕਿਸਾਨਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਨਿਰਵਿਘਨ, ਤੁਰੰਤ ਅਤੇ ਮੁਸ਼ਕਲ ਰਹਿਤ ਕਣਕ ਦੀ ਖਰੀਦ ਦਾ ਭਰੋਸਾ

 

ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

ਖੰਨਾ (ਲੁਧਿਆਣਾ), 8 ਅਪ੍ਰੈਲ  (ਰਣਜੀਤ ਸਿੱਧਵਾਂ)  :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਾਰੇ ਹਿੱਸੇਦਾਰਾਂ ਖਾਸ ਕਰਕੇ ਖਰੀਦ ਪ੍ਰਕਿਰਿਆ ਵਿੱਚ ਸ਼ਾਮਲ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ।  ਇਥੇ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਤੁਰੰਤ ਲਿਫਟਿੰਗ ਤੋਂ ਇਲਾਵਾ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਰਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਦੀ 50 ਕੁਇੰਟਲ ਕਣਕ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਏਜੰਸੀ ਵੱਲੋਂ ਕਮਿਸ਼ਨ ਏਜੰਟ ਮੈਸਰਜ਼ ਖੁਸ਼ੀ ਰਾਮ ਐਂਡ ਕੰਪਨੀ ਰਾਹੀਂ ਖਰੀਦੀ ਗਈ ਅਤੇ ਮੌਕੇ 'ਤੇ ਹੀ ਆਨਲਾਈਨ ਅਦਾਇਗੀ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਥੋੜੀ ਦੇਰੀ ਹੋਈ ਹੈ ਅਤੇ ਕੁਝ ਖੇਤਰਾਂ ਵਿੱਚ ਉਪਜ ਵੀ ਮੁਕਾਬਲਤਨ ਘੱਟ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਆਪਣੀਆਂ 2262 ਮੰਡੀਆਂ (1862 ਸਥਾਈ ਅਤੇ 400 ਅਸਥਾਈ) ਰਾਹੀਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਉਨ੍ਹਾਂ ਨੂੰ ਸੂਬੇ ਵਿੱਚ 135 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ, ਜਿਸ ਵਿੱਚੋਂ 97000 ਮੀਟਰਕ ਟਨ ਇਕੱਲੇ ਖੰਨਾ ਮੰਡੀ ਵਿੱਚ ਅਤੇ 9.24 ਲੱਖ ਮੀਟਰਕ ਟਨ ਜ਼ਿਲ੍ਹਾ ਲੁਧਿਆਣਾ ਵਿੱਚ ਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਵਿਸ਼ਵ ਪੱਧਰ 'ਤੇ ਕਣਕ ਦੀ ਮੰਗ ਵਧੇਗੀ ਅਤੇ ਇਸ ਵਾਰ ਨਿੱਜੀ ਵਪਾਰੀਆਂ ਵੱਲੋਂ ਸਰਕਾਰੀ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਉਪਰ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਟੈਕਸ ਜਮ੍ਹਾਂ ਕਰਵਾਉਣ ਤੋਂ ਬਾਅਦ ਪ੍ਰਾਈਵੇਟ ਵਪਾਰੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਕਣਕ ਦੀ ਆਸਾਨੀ ਨਾਲ ਖਰੀਦ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਆਨਲਾਈਨ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਉਹ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰ ਰਹੇ ਹਨ।

ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਆਵਾਜਾਈ, ਅਦਾਇਗੀ ਅਤੇ ਬਾਰਦਾਨੇ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਦਾ “ਐਨ ਡਾਟਾ” ਸਹੀ ਢੰਗ ਨਾਲ ਸੰਭਾਲਿਆ ਜਾਵੇਗਾ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਲਾਈਟਾਂ, ਬੈਠਣ ਦੇ ਪ੍ਰਬੰਧ ਅਤੇ ਪਖਾਨੇ ਆਦਿ ਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੂਜੇ ਰਾਜਾਂ ਤੋਂ ਕਣਕ ਦੀ ਆਮਦ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਭ੍ਰਿਸ਼ਟ ਵਰਤਾਰੇ ਦੀ ਇਜਾਜ਼ਤ ਦੇਣ ਵਾਲੇ ਸਾਰੇ ਅਧਿਕਾਰੀਆਂ ਜਾਂ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ, ਵਿੱਤ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ ਡੀ.ਕੇ ਤਿਵਾੜੀ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ।