ਨਿਰਵਿਘਨ ਹੋਵੇ ਕਣਕ ਦੀ ਖ਼ਰੀਦ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਕਣਕ ਦੀ ਖ਼ਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

 

ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ

 

ਫ਼ਤਹਿਗੜ੍ਹ ਸਾਹਿਬ, 11 ਅਪਰੈਲ  (ਰਣਜੀਤ ਸਿੱਧਵਾਂ)  :  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਣੀ ਯਕੀਨੀ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਕਣਕ ਦੀ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ਼  ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਵਿਖੇ ਕਣਕ ਦੀ ਖਰੀਦ ਨਾਲ ਸਬੰਧਤ ਵਿਭਾਗਾਂ ਤੇ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਹਦਾਇਤਾਂ ਹਨ ਕਿ ਕੁਦਰਤੀ ਕਾਰਨਾਂ ਕਰ ਕੇ ਆ ਰਹੇ ਮਾਜੂ ਦਾਣੇ ਦੀ ਖਰੀਦ ਸਬੰਧੀ ਵੀ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਨਾਲ ਸਬੰਧਤ ਸਾਰੇ ਅਧਿਕਾਰੀ ਪੂਰਨ ਸਮਰਪਣ ਭਾਵਨਾ ਨਾਲ ਕੰਮ ਕਰਦੇ ਹੋਏ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਗਰੀਬ ਕਲਿਆਣ ਸਬੰਧੀ ਕੇਂਦਰੀ ਯੋਜਨਾ ਅਤੇ ਆਟਾ ਦਾਲ ਸਕੀਮ ਸਬੰਧੀ ਵੀ ਕਣਕ ਦੀ ਖਰੀਦ ਕੀਤੀ ਜਾਣੀ ਹੈ। ਇਸ ਲਈ ਖਰੀਦ ਏਜੰਸੀਆਂ ਦੇ ਅਧਿਕਾਰੀ ਇਸ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ। ਉਨ੍ਹਾਂ ਨੇ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਫੀਲਡ ਵਿੱਚ ਰਹਿ ਕੇ ਖਰੀਦ ਪ੍ਰਕਿਰਿਆ ਦੀ  ਨਿਗਰਾਨੀ ਕਰਦਿਆਂ ਸੁਚੱਜੀ ਖਰੀਦ ਯਕੀਨੀ ਬਨਾਉਣ। ਇਸ ਮੌਕੇ ਸ੍ਰੀਮਤੀ ਪੂਨਮਦੀਪ ਕੌਰ ਨੇ ਲਿਫਟਿੰਗ ਸਬੰਧੀ ਆਈਆਂ ਦਿੱਕਤਾਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸਮੱਸਿਆ ਦੇ ਹੱਲ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।    

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 4205 ਮੀਟ੍ਰਿਕ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 2002 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਨੇ 580 ਐਮ. ਟੀ., ਮਾਰਕਫੈਡ ਨੇ 546, ਪਨਸਪ ਨੇ 388, ਵੇਅਰਹਾਊਸ ਨੇ 328, ਐਫ.ਸੀ.ਆਈ. ਨੇ 10 ਅਤੇ ਵਪਾਰੀਆਂ ਨੇ 150 ਐਮ.ਟੀ. ਕਣਕ ਖਰੀਦੀ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਪੱਕੀਆਂ 33 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਪਾਣੀ, ਲਾਈਟਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 

 ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਬਾਰਦਾਨੇ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ। ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਝਗੜਾ ਨਿਪਟਾਊ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। 

ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕੇ ਲਾਏ ਗਏ ਹਨ ਤਾਂ ਜੋ ਬਾਹਰੋਂ ਕਣਕ ਦੀ ਆਮਦ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਦਰਪੇਸ਼ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਸਮੀਖਿਆ ਵੀ ਕੀਤੀ ਤੇ ਉਹਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਕਾਇਆ ਕਾਰਜ ਤੈਅ ਸਮੇਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ  ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ,  ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ.  ਬਸੀ ਪਠਾਣਾ ਸ਼੍ਰੀ  ਯਸ਼ਪਾਲ ਸ਼ਰਮਾ, ਐਸ.ਡੀ.ਐਮ. ਅਮਲੋਹ ਸ਼੍ਰੀਮਤੀ ਜੀਵਨਜੋਤ ਕੌਰ, ਸਮੂਹ ਕਾਰਜਸਾਧਕ ਅਫਸਰਾਂ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।