ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਪਿੰਡਾਂ ਵਿੱਚ ਸੁਵਿਧਾ ਕੈਂਪ 

ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿਚਲੇ ਵੱਖ-ਵੱਖ ਪਿੰਡਾਂ ਵਿੱਚ ਲਾਏ ਕੈਂਪ  

 

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਲਿਆ ਜਾਇਜ਼ਾ

 

ਲੋਕਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

 

ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ 11 ਅਪ੍ਰੈਲ  (ਰਣਜੀਤ ਸਿੱਧਵਾਂ)  : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਸੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਵੱਖ ਵੱਖ ਪਿੰਡਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਸੁਵਿਧਾ ਕੈਂਪ ਲਾਏ ਗਏ।  

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਪਿੰਡ ਫਤਹਿਗੜ੍ਹ ਨਿਊਆਂ ਵਿਖੇ ਲਾਏ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਲੋਕਾਂ ਦੇ ਫਰਦਾਂ, ਇੰਤਕਾਲ ਅਤੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਕੰਮਾਂ ਦੇ ਨਿਪਟਾਰੇ ਲਈ ਇਹ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਰੋਸਟਰ ਬਣਾ ਕੇ ਤੈਅ ਸਮੇਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਅੱਜ ਲਗਾਏ ਗਏ ਕੈਂਪਾਂ ਵਿੱਚ ਆਈਆਂ ਵੱਡੀ ਗਿਣਤੀ ਦਰਖਾਸਤਾਂ ਤੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਦੀ ਪਿੰਡਾਂ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ।

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸਿ਼ਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ। ਸ਼੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਿੱਚ ਲੋਕਾਂ ਵੱਲੋਂ ਜੋ ਸਮੱਸਿਆਵਾਂ ਦੱਸੀਆਂ ਜਾਂਦੀਆਂ ਹਨ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਦਿਹਾਤੀ ਖੇਤਰ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਕੰਮਾਂ ਲਈ ਆਪਣੇ ਘਰਾਂ ਤੋਂ ਦੂਰ ਨਾ ਜਾਣ ਅਤੇ ਉਨ੍ਹਾਂ ਦੇ ਕੰਮਾਂ ਦਾ ਛੇਤੀ ਨਿਪਟਾਰਾ ਹੋ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਸਬੰਧੀ ਇਨ੍ਹਾਂ ਕੈਂਪਾਂ ਵਿੱਚ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਦੇ ਕੰਮਾਂ ਦਾ ਨਿਪਟਾਰਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਜਾਂ ਆਪਣੇ ਜਾਣਕਾਰਾਂ ਨੂੰ ਇਨ੍ਹਾਂ ਕੈਂਪਾਂ ਪ੍ਰਤੀ ਜਾਗਰੂਕ ਵੀ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਣ। ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰਮ ਸਮਰਪਣ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਕੇ ਕੈਂਪਾਂ ਤੋਂ ਲਾਹਾ ਲੈਣ ਲਈ ਪ੍ਰੇਰਣ। ਇਸ ਮੌਕੇ ਐਸ ਡੀ ਐਮ ਅਮਲੋਹ ਸ਼੍ਰੀਮਤੀ ਜੀਵਨਜੋਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।