ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਵੱਧ ਮੁਨਾਫ਼ਾ ਅਤੇ ਵਾਤਾਵਰਣ ਦੀ ਸੰਭਾਲ ਕਰ ਰਿਹੈ ਪਿੰਡ ਸੈਂਚਾ ਦਾ ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ

-ਡਿਪਟੀ ਕਮਿਸ਼ਨਰ ਵਲੋਂ ਅਗਾਂਹਵਧੂ ਕਿਸਾਨ ਦੀ ਸ਼ਲਾਘਾ

- ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਤੋਂ ਲਾਹਾ ਲੈਣ ਦੀ ਕੀਤੀ ਅਪੀਲ

 

ਹੁਸ਼ਿਆਰਪੁਰ, 13 ਅਪ੍ਰੈਲ  (ਰਣਜੀਤ ਸਿੱਧਵਾਂ)  :  ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਝੋਨੇ ਦੀ ਸਿੱਧੀ ਬਿਜਾਈ ਜ਼ਰੀਏ ਹੁਸ਼ਿਆਰਪੁਰ ਦੇ ਪਿੰਡ ਸੈਂਚਾ ਦਾ ਪ੍ਰਗਤੀਸ਼ੀਲ ਕਿਸਾਨ ਰੁਪਿੰਦਰ ਸਿੰਘ ਜਿੱਥੇ ਵਾਤਾਵਰਣ ਦੀ ਸੰਭਾਲ ਕਰ ਰਿਹਾ ਹੈ, ਉਥੇ ਹੀ ਹਰ ਸਾਲ ਝੋਨੇ ਦੀ ਬਿਜਾਈ ’ਤੇ ਪੈਸੇ ਅਤੇ ਸਮੇਂ ਦੀ ਬੱਚਤ ਰਾਹੀਂ ਦੋਹਰਾ ਮੁਨਾਫ਼ਾ ਵੀ ਕਮਾ ਰਿਹਾ ਹੈ। ਇਸ ਦੇ ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਰਾਹੀਂ  ਰੁਪਿੰਦਰ ਸਿੰਘ ਵਲੋਂ ਪਾਣੀ ਦੀ ਬੱਚਤ ਕਰਨ ਦਾ ਪੁੱਟਿਆ ਕਦਮ ਭੂ-ਜਲ ਦੇ ਡਿੱਗਦੇ ਮਿਆਰ ਨੂੰ ਰੋਕਣ ਵਿਚ ਅਹਿਮ ਕਦਮ ਸਾਬਤ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਇਸ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਪਾਣੀ ਦੀ ਬੱਚਤ ਲਈ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵੱਲ ਕਦਮ ਵਧਾਉਣਾ ਚਾਹੀਦਾ ਹੈ, ਕਿਉਂਕਿ ਇਹ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਕਿਸਾਨ ਸ੍ਰੀ ਰੁਪਿੰਦਰ ਸਿੰਘ ਵਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨਾ ਇੱਕ ਮਿਸਾਲੀ ਕਦਮ ਹੈ ਅਤੇ ਇਸ ਕਦਮ ਨਾਲ ਜਿੱਥੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਰਹੀ ਹੈ, ਉਥੇ ਵੱਧ ਮੁਨਾਫ਼ਾ ਵੀ ਕਮਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਿਸਾਨ ਸ੍ਰੀ ਰੁਪਿੰਦਰ ਸਿੰਘ ਵਾਂਗ ਕਰੀਬ 25 ਤੋਂ 30 ਫ਼ੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭੂ-ਜਲ ਦੇ ਸੋਮਿਆਂ ਦੀ ਸੰਭਾਲ ਹੁੰਦੀ ਹੈ ਅਤੇ ਫ਼ਸਲ ਦੀ ਲਾਗਤ ਵੀ ਘੱਟਦੀ ਹੈ।  ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਸਿੱਧੀ ਬਿਜਾਈ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕਦੀ ਹੈ ਅਤੇ ਇਸ ਨਾਲ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਦਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ। ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ. ਆਰ.  ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

       ਅਗਾਂਹਵਧੂ ਕਿਸਾਨ  ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾਂ ਘੱਟ ਖਰਚੇ ’ਤੇ 5 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ 25 ਤੋਂ 30 ਫੀਸਦੀ ਪਾਣੀ ਦੀ ਬੱਚਤ ਤਾਂ ਹੁੰਦੀ ਹੀ ਹੈ। ਇਸ ਦੇ ਨਾਲ-ਨਾਲ ਕੱਦੂ ਅਤੇ ਪਨੀਰੀ ਦੀ ਲੁਆਈ ’ਤੇ ਜੋ ਖਰਚਾ ਆਉਂਦਾ ਹੈ, ਉਹ ਝੋਨੇ ਦੀ ਸਿੱਧੀ ਬਿਜਾਈ ਕਾਰਨ ਬੱਚਤ ਖਾਤੇ ਵਿਚ ਜੁੜ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 3500 ਤੋਂ 4000 ਪ੍ਰਤੀ ਏਕੜ ਇਹ ਮੁਨਾਫ਼ਾ ਹੁੰਦਾ ਹੈ ਅਤੇ ਇਸ ਤੋਂ ਇਲਾਵਾ ਲੇਬਰ ਦੀ ਸਮੱਸਿਆ ਦਾ ਵੀ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਉਸ ਵਲੋਂ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਈ ਜਾਂਦੀ, ਬਲਕਿ ਉਹ ਕੰਬਾਇਨ ਨਾਲ ਕਣਕ ਦੀ ਕਟਾਈ ਕਰਨ ਤੋਂ ਬਾਅਦ ਖੜ੍ਹੇ ਮੁੱਢਾਂ ਵਿੱਚ ਹੀ ਸਿੱਧੀ ਬਿਜਾਈ ਕਰ ਦਿੰਦਾ ਹੈ। ਉਪਰੰਤ ਕਟਰ ਨਾਲ ਹੀ ਨਾੜ ਨੂੰ ਖੇਤ ਵਿੱਚ ਹੀ ਖਿਲਾਰ ਦਿੱਤਾ ਜਾਂਦਾ ਹੈ ਅਤੇ ਇਸ ਵਿਧੀ ਨਾਲ ਝੋਨੇ ਦੇ ਬੀਜ ਨੂੰ ਉਗਣ ਵਿੱਚ ਕੋਈ ਦਿੱਕਤ ਨਹੀਂ ਆਉਂਦੀ, ਸਗੋਂ ਨਾੜ ਖੇਤ ਵਿੱਚ ਵਧੀਆ ਮਲਚ ਦਾ ਕੰਮ ਕਰਦਾ ਹੈ। ਇਸ ਅਗਾਂਹਵਧੂ ਕਿਸਾਨ ਦਾ ਕਹਿਣਾ ਹੈ ਕਿ ਇਸ ਉਪਰਾਲੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਣ ਤੋਂ ਇਲਾਵਾ ਲੇਬਰ ਅਤੇ ਸਮੇਂ ਦੀ ਬੱਚਤ ਵੀ ਹੁੰਦੀ ਹੈ।