- ਐਸ.ਸੀ. ਭਾਈਚਾਰੇ ਦੀਆਂ ਸਿ਼ਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ
- ਤੈਅ ਸਮੇਂ ਅੰਦਰ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਬੱਚਤ ਭਵਨ ਵਿਖੇ ਸੁਣੀਆਂ ਸ਼ਿਕਾਇਤਾਂ
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਰਣਜੀਤ ਸਿੱਧਵਾਂ) : ਅਨੁਸੂਚਿਤ ਜਾਤੀਆਂ ਦੇ ਭੋਲੇ ਭਾਲੇ ਲੋਕਾਂ ਨੂੰ ਝਗੜਿਆਂ ਦਾ ਨਿਪਟਾਰਾ ਕਰਨ ਲਈ ਕਈ ਏਜੰਟ ਮੌਜੂਦ ਹਨ ਪ੍ਰੰਤੂ ਲੋਕਾਂ ਨੂੰ ਅਜਿਹੇ ਏਜੰਟਾਂ ਦੇ ਬਹਿਕਾਵੇ ਵਿੱਚ ਨਹੀਂ ਆਉਣ ਚਾਹੀਦਾ ਤੇ ਆਪਸੀ ਸਹਿਮਤੀ ਨਾਲ ਝਗੜਿਆਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਬੱਚਤ ਭਵਨ ਵਿਖੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਐਸ.ਸੀ. ਐਕਟ ਸਬੰਧੀ ਕਈ ਏਜੰਟ ਐਸ.ਸੀ. ਐਕਟੀਵਿਸਟ ਬਣ ਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਤੋਂ ਹਲਫ਼ੀਆ ਬਿਆਨ ਲੈਂਦੇ ਹਨ, ਜਦੋਂ ਕਿ ਮਾਣਯੋਗ ਹਾਈ ਕੋਰਟ ਵੱਲੋਂ ਇਹ ਫੈਸਲਾ ਦਿੱਤਾ ਗਿਆ ਹੈ ਕਿ ਥਰਡ ਪਾਰਟੀ ਕਿਸੇ ਵੀ ਝਗੜੇ ਦੀ ਪੈਰਵੀ ਨਹੀਂ ਕਰ ਸਕਦੀ ਇਸ ਲਈ ਜੇਕਰ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ ਤਾਂ ਉਹ ਖੁਦ ਕਮਿਸ਼ਨ ਕੋਲ ਪਹੁੰਚ ਕਰਕੇ ਬਣਦੀ ਕਾਰਵਾਈ ਕਰਵਾ ਸਕਦੇ ਹਨ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ. ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਸ਼੍ਰੀ ਮੋਹੀ ਨੇ ਦੱਸਿਆ ਕਿ ਕਈ ਝਗੜੇ ਐਸੇ ਹੁੰਦੇ ਹਨ ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੇ ਹਮੇਸ਼ਾਂ ਇਸ ਗੱਲ ਦੀ ਪੈਰਵੀ ਕੀਤੀ ਹੈ ਕਿ ਦੋਵੇਂ ਧਿਰਾਂ ਨੂੰ ਬਿਠਾ ਕੇ ਆਪਸੀ ਝਗੜਿਆਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਛੋਟੇ-ਮੋਟੇ ਝਗੜਿਆ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਪਿੰਡ, ਸ਼ਹਿਰ, ਵਾਰਡ ਜਾਂ ਮੁਹੱਲੇ ਦਾ ਵਿਕਾਸ ਕਰਵਾ ਸਕੀਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਲੋਕਾਂ ਦੇ ਕੋਲ ਜਾ ਕੇ ਕੀਤਾ ਜਾਵੇ ਅਤੇ ਇਸੇ ਲੀਹ ’ਤੇ ਚੱਲਦੇ ਹੋਏ ਕਮਿਸ਼ਨ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਛੇਤੀ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਪਿਛਲੇ ਛੇ ਮਹੀਨਿਆਂ ਤੋਂ ਲੋਕਾਂ ਨੂੰ ਆਪਣੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਨਹੀਂ ਬੁਲਾਉਂਦੇ ਸਗੋਂ ਲੋਕਾਂ ਦੇ ਕੋਲ ਜਾ ਕੇ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਨੂੰ ਪਹਿਲ ਦਿੰਦੇ ਹਨ। ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ ਤਾਂ ਉਹ ਨਿੱਜੀ ਪੱਧਰ ’ਤੇ ਉਨ੍ਹਾਂ ਨੂੰ ਮਿਲ ਕੇ ਆਪਣੀ ਸ਼ਿਕਾਇਤ ਦੇਣ ਤਾਂ ਜੋ ਇਨ੍ਹਾਂ ਝਗੜਿਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਛੋਟੇ-ਛੋਟੇ ਝਗੜੇ ਜਿੰਨ੍ਹਾਂ ਦਾ ਹੱਲ ਪੰਚਾਇਤ ਪੱਧਰ ’ਤੇ ਹੋ ਸਕਦਾ ਹੈ ਉਸ ਨੂੰ ਕਮਿਸ਼ਨ ਜਾਂ ਉਚ ਅਥਾਰਟੀ ਕੋਲ ਲੈ ਕੇ ਜਾਣ ਦੀ ਬਜਾਏ ਇਸ ਦਾ ਨਿਪਟਾਰਾ ਕਰਨ ਨੂੰ ਪਹਿਲ ਦੇਣ ਕਿਉਂਕਿ ਕਈ ਵਾਰ ਇਨ੍ਹਾਂ ਝਗੜਿਆਂ ਕਾਰਨ ਆਪਸੀ ਮਨ ਮੁਟਾਵ ਤੇ ਤਕਰਾਰਬਾਜੀ ਵੱਧਦੀ ਹੈ। ਜਦੋਂ ਕਿ ਆਪਸੀ ਸਹਿਮਤੀ ਨਾਲ ਝਗੜੇ ਨਿਪਟਾਉਣ ਲਈ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੁੰਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।