ਜਲੰਧਰ 16 ਅਪ੍ਰੈਲ (ਰਣਜੀਤ ਸਿੱਧਵਾਂ) :ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹੇ ਦੇ ਸਾਰੇ 78 ਖ਼ਰੀਦ ਕੇਂਦਰਾਂ 'ਤੇ 72 ਘੰਟਿਆਂ ਦੇ ਅੰਦਰ 214.73 ਫੀਸਦੀ ਕਣਕ ਦੀ ਲਿਫ਼ਟਿੰਗ ਕਰਕੇ ਸੂਬੇ ਭਰ 'ਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਹੁਣ ਤੱਕ ਕੁੱਲ 81547 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 13635 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ 72 ਘੰਟਿਆਂ ਵਿੱਚ ਹੋਣੀ ਸੀ ਜਦਕਿ ਏਜੰਸੀਆਂ ਵੱਲੋਂ 29279 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਗਈ ਹੈ, ਜੋ ਕਿ ਟੀਚੇ ਦਾ 214.73 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ ਫ਼ਸਲ ਦੀ ਲਿਫ਼ਟਿੰਗ ਵਿੱਚ ਸੂਬੇ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲ ਦੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਘਨਸ਼ਿਆਮ ਥੋਰੀ ਨੇ ਖ਼ਰੀਦ ਦੇ ਕਾਰਜ ਨਾਲ ਜੁੜੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਫ਼ਸਲ ਆਉਣ ਤੋਂ ਬਾਅਦ ਇਸ ਦੀ ਨਿਰਧਾਰਤ ਸਮੇਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਖ਼ਰੀਦ ਦੇ ਹਰ ਪੜਾਅ 'ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਛਾਂ ਆਦਿ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੇ ਸੀਜ਼ਨ ਦੌਰਾਨ ਇਹ ਰੈਂਕ ਬਰਕਰਾਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਸਹਿਯੋਗ ਦੇਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਾਨਾ ਖ਼ਰੀਦ ਦੀ ਸਮੀਖਿਆ ਕਰਨ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਵੀ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਦੱਸਿਆ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਸਾਰੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਖਰੀਦ ਕੇਂਦਰਾਂ 'ਤੇ 72 ਘੰਟਿਆਂ ਦੇ ਅੰਦਰ ਲਿਫ਼ਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖ਼ਰੀਦ ਦਾ ਸਮੁੱਚਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।