ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐੱਸ ਵਾਈ ਐੱਲ ਦੇ ਮੁੱਦੇ ਤੇ ਆਪਣਾ ਸਟੈਂਡ ਸਪੱਸ਼ਟ ਕਰਨ - ਵਿਧਾਇਕ ਇਯਾਲੀ

ਮੁਫ਼ਤ ਬਿਜਲੀ ਮੁੱਦੇ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਾਅਦਾ ਪੂਰਾ ਕੀਤਾ ਜਾਵੇ

ਮੁੱਲਾਂਪੁਰ ਦਾਖਾ 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਹਲਕਾ ਦਾਖਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਅੰਦਰ ਅਕਾਲੀ ਬਸਪਾ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕਰਕੇ ਸੱਤਾ ਹਾਸਿਲ ਕਰਨ ਵਾਲੀ ਆਪ ਸਰਕਾਰ ਵੱਲੋਂ ਹੁਣ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਅੰਦਰ ਭੰਬਲਭੂਸੇ ਵਾਲੀ ਸਥਿਤੀ ਬਣਾ ਕੇ ਕੀਤੇ ਵਾਅਦਿਆਂ ਤੋਂ ਬਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦ ਕਿ ਆਪ ਸਰਕਾਰ ਆਪਣੇ ਕਾਰਜਕਾਲ ਦੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਜ਼ਮੀਨੀ ਤੌਰ ਤੇ ਫੋਕੇ ਐਲਾਨਾਂ ਤੋਂ ਬਗੈਰ ਕੁਝ ਵੀ ਨਹੀਂ ਕਰ ਸਕੀ ਜਦਕਿ ਚੋਣਾਂ ਤੋਂ ਪਹਿਲਾਂ ਹਰ ਵਰਗ ਲਈ ਬਗੈਰ ਕਿਸੇ ਸ਼ਰਤ ਛੇ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਤੋਂ ਬਾਅਦ ਹੁਣ ਆਏ ਦਿਨ ਸ਼ਰਤਾਂ ਤਹਿਤ ਮੁਫ਼ਤ ਬਿਜਲੀ ਹਾਸਲ ਕਰਨ ਵਾਲਿਆਂ ਦੇ ਦਾਇਰੇ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਪਹਿਲਾਂ ਆਪ ਸਰਕਾਰ ਵੱਲੋਂ ਜਨਰਲ ਵਰਗ ਅਤੇ ਐੱਸਸੀ ਵਰਗ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਲੋਕਾਂ ਦੇ ਵਿਰੋਧ ਦੇ ਚੱਲਦੇ ਹੁਣ ਇੱਕ ਕਿਲੋਵਾਟ ਲੋਡ ਤੱਕ ਦੇ ਐਸ ਸੀ ਪਰਿਵਾਰਾਂ ਨੂੰ ਛੇ ਸੌ ਤੋਂ ਉੱਪਰ ਯੂਨਿਟਾਂ ਬਲਣ ਦੇ ਬਿੱਲ ਦੀ ਗੱਲ ਕੀਤੀ ਜਾ ਰਹੀ ਹੈ, ਜਦ ਕਿ ਵਾਅਦੇ ਮੁਤਾਬਕ ਹਰ ਵਰਗ ਲਈ ਬਰਾਬਰ ਸਹੂਲਤ ਦੇਣ ਦਾ ਵਾਅਦਾ ਕੀਤਾ ਗਿਆ ਸੀ। ਵਿਧਾਇਕ ਇਯਾਲੀ ਨੇ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੱਲੋਂ ਐੱਸ ਵਾਈ ਐੱਲ ਨਹਿਰ ਦੇ ਮੁੱਦੇ ਤੇ ਦਿੱਤੇ ਬਿਆਨ ਉਪਰ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਅੱਜ ਖ਼ੁਦ ਪਿਆਸੀ ਹੋਣ ਦੀ ਕਗਾਰ ਤੇ ਪਹੁੰਚ ਚੁੱਕੀ ਹੈ ਜਿਸ ਕਾਰਨ ਹਰਿਆਣੇ ਨੂੰ ਕਿਸੇ ਵੀ ਹਾਲਤ ਵਿੱਚ ਹੋਰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਮਾਮਲੇ ਵਿੱਚ ਪੰਜਾਬ ਨਾਲ ਖੜ੍ਹੇ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਦੇ ਵਾਅਦਿਆਂ ਦੇ ਵਫ਼ਾ ਨਾ ਹੋਣ ਕਾਰਨ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਨ ਲੱਗੇ ਹਨ, ਕਿਉਂਕਿ ਆਪ ਸਰਕਾਰ ਵੱਲੋਂ ਮਾਈਨਿੰਗ ਨੀਤੀ ਤੇ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਪੰਜਾਬ ਦੇ ਲੋਕ ਮਹਿੰਗੇ ਭਾਅ ਦਾ ਰੇਤਾ ਖ਼ਰੀਦਣ ਲਈ ਮਜਬੂਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੇ ਬਿਹਤਰੀ ਲਈ ਖਡ਼੍ਹੇ ਹਨ ਅਤੇ ਜੇਕਰ ਸਰਕਾਰ ਵੱਲੋਂ ਕੋਈ ਪੰਜਾਬ ਦੇ ਹਿੱਤ ਵਿੱਚ ਫੈਸਲਾ ਲਿਆ ਜਾਂਦਾ ਹੈ ਤਾਂ ਉਹ ਉਸ ਦਾ ਸੁਆਗਤ ਕਰਨਗੇ ਜਦਕਿ ਗ਼ਲਤ ਫ਼ੈਸਲਿਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ