ਸਿਵਲ ਹਸਪਤਾਲ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਸਿਹਤ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

 

ਹੁਸ਼ਿਆਰਪੁਰ, 22 ਅਪ੍ਰੈਲ  (ਰਣਜੀਤ ਸਿੱਧਵਾਂ)    : ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀਬਖ਼ਸ਼ ਸਨ।ਕੈਬਨਿਟ ਮੰਤਰੀ ਨੇ ਇਸ ਦੌਰਾਨ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਸਹਾਇਕ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪਰਚੀ ਕਾਊਂਟਰ ਵਿੱਚ ਵਾਧਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਡਾਕਟਰ ਦੀ ਪਰਚੀ ਕਟਵਾਉਣ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਹਸਪਤਾਲ ਵਿੱਚ ਮਰੀਜਾਂ ਨੂੰ ਮੁਫ਼ਤ ਦਵਾਈ ਦੇਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਟੈਸਟਿੰਗ ਸੁਵਿਧਾ ਨੂੰ ਹੋਰ ਦਰੁੱਸਤ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਮੁਹੱਲਾ ਕਮਾਲਪੁਰ ਦੇ ਗੌਰਵ ਦਾ ਹਾਲ-ਚਾਲ ਵੀ ਪੁੱਛਿਆ, ਜਿਸ ’ਤੇ 21 ਅਪ੍ਰੈਲ ਨੂੰ ਕੁਝ ਯੁਵਕਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਥਾਣਾ ਮਾਡਲ ਟਾਊਨ ਪੁਲਿਸ ਨੂੰ ਇਸ ਮਾਮਲੇ ਵਿੱਚ ਨਿਰਪੱਖ ਅਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।