ਆਬਕਾਰੀ ਅਤੇ ਕਰ ਮੰਤਰੀ ਨੇ ਅਗਾਮੀ ਆਬਕਾਰੀ ਨੀਤੀ, 2022-23 ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ

 ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ

 

 ਲੁਧਿਆਣਾ, 27 ਅਪ੍ਰੈਲ    (ਰਣਜੀਤ ਸਿੱਧਵਾਂ)  :  ਆਬਕਾਰੀ ਅਤੇ ਕਰ ਮੰਤਰੀ, ਹਰਪਾਲ ਸਿੰਘ ਚੀਮਾ ਨੇ ਆਬਕਾਰੀ ਨੀਤੀ, 2022-23 ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਪ੍ਰੀ-ਆਬਕਾਰੀ ਨੀਤੀ ਸਬੰਧਤ ਮੀਟਿੰਗ ਦੀ ਪ੍ਰਧਾਨਗੀ ਕੀਤੀ।  ਮੀਟਿੰਗ ਦੀ ਸਹਿ-ਪ੍ਰਧਾਨਗੀ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਕਰ) ਕੇ.ਏ.ਪੀ. ਸਿਨਹਾ, ਆਈ.ਏ.ਐਸ. ਅਤੇ ਆਬਕਾਰੀ ਕਮਿਸ਼ਨਰ, ਪੰਜਾਬ, ਵਰੁਣ ਰੂਜ਼ਮ, ਆਈ.ਏ.ਐਸ. ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਹੋਏ।

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਲਈ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਮੁੱਖ ਫੋਕਸ ਸਿਰਫ਼ ਮਾਲੀਆ ਵਧਾਉਣ 'ਤੇ ਹੀ ਨਹੀਂ ਹੋਵੇਗਾ, ਸਗੋਂ ਸ਼ਰਾਬ ਦੇ ਕਾਰੋਬਾਰ 'ਚ ਉਛਾਲ ਰੱਖਣ 'ਤੇ ਵੀ ਧਿਆਨ ਦਿੱਤਾ ਜਾਵੇਗਾ।  ਮੰਤਰੀ ਨੇ ਕਿਹਾ ਕਿ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਭਾਗੀਦਾਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਨੀਤੀ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਾਲੀਆਂ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰੀ ਹੋਣ ਵਾਲੀ ਸ਼ਰਾਬ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਕੈਬਨਿਟ ਮੰਤਰੀ ਨੇ ਜਲਦੀ ਹੀ ਤਿਆਰ ਕੀਤੀ ਜਾਣ ਵਾਲੀ ਆਬਕਾਰੀ ਨੀਤੀ ਬਾਰੇ ਲਾਇਸੰਸਧਾਰਕਾਂ ਤੋਂ ਸੁਝਾਅ ਮੰਗੇ ਅਤੇ ਚੱਲ ਰਹੀ ਨੀਤੀ ਬਾਰੇ ਫੀਡਬੈਕ ਲਈ।  ਲਾਇਸੰਸਧਾਰਕਾਂ ਨੇ ਪਾਲਿਸੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਦਿੱਤੇ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਪ੍ਰਸਤਾਵਾਂ ਨੂੰ ਨੀਤੀ ਬਣਾਉਣ ਸਮੇਂ ਵਿਚਾਰਿਆ ਜਾਵੇਗਾ। ਅੱਜ ਇੱਥੇ ਸਰਕਟ ਹਾਊਸ ਵਿਖੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਟੁਕੜੀ ਨੇ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ।  ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।