ਕੈਬਨਿਟ ਮੰਤਰੀ ਜਿੰਪਾ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਲਈ ਦੋ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 2 ਮਈ  (ਰਣਜੀਤ ਸਿੱਧਵਾਂ)  : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਇਹੀ ਕਾਰਨ ਹੈ ਕਿ ਐਨੇ ਥੋੜੇ ਸਮੇਂ ਵਿੱਚ ਹੀ ਸਰਕਾਰ ਨੇ ਸੂਬੇ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਹਨ। ਉਹ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਰੋੜੀ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਦੋ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਦੀ ਲੰਬੇ ਸਮੇਂ ਤੋਂ ਫਾਇਰ ਬ੍ਰਿਗੇਡ ਗੱਡੀਆਂ ਦੀ ਮੰਗ ਸੀ, ਜਿਸ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ’ਤੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸੇ ਤਰ੍ਹਾਂ ਹੋਰ ਵਿਧਾਨ ਸਭਾ ਹਲਕਿਆਂ ਦੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਜੁੜੀ ਹਰ ਛੋਟੀ ਤੋਂ ਛੋਟੀ ਮੰਗ ਨੂੰ ਗੰਭੀਰਤਾ ਨਾਲ ਪੂਰਾ ਕਰ ਰਹੀ ਹੈ। ਇਸ ਦੌਰਾਨ ਵਿਧਾਇਕ ਗੜ੍ਹਸ਼ੰਕਰ ਸ੍ਰੀ ਜੈ ਕ੍ਰਿਸ਼ਨ ਰੋੜੀ ਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।