ਸਿਹਤ ਵਿਭਾਗ ਦੀ ਟੀਮ ਵੱਲੋਂ ਮਿਠਾਈਆਂ ਦੀਆ ਦੁਕਾਨਾਂ ਦੀ ਚੈਕਿੰਗ

ਮਾਲੇਰਕੋਟਲਾ 02 ਮਈ   (ਰਣਜੀਤ ਸਿੱਧਵਾਂ)   :  ਈਦ ਦੇ ਤਿਉਹਾਰ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੱਧ ਅਤੇ ਸਾਫ਼ ਸੁਥਰੀਆਂ ਮਿਠਾਈਆਂ ਮੁਹੱਈਆ ਕਰਾਉਣ ਦੇ ਮੰਤਵ ਨਾਲ  ਅੱਜ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਫੂਡ ਮਲੇਰਕੋਟਲਾ ਸ੍ਰੀਮਤੀ ਰਾਖੀ ਵਿਨਾਇਕ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਦੌਰਾਨ ਸਾਫ਼ ਸੁਥਰੇ ਢੰਗ ਨਾਲ ਮਿਠਾਈਆਂ ਬਣਾਉਣ, ਫੂਡ ਸੇਫਟੀ ਅਥਾਰਿਟੀ ਵੱਲੋਂ ਮਾਨਤਾ ਪ੍ਰਾਪਤ ਰੰਗਾਂ ਦੀ ਵਰਤੋਂ ਕਰਨ ਅਤੇ  ਮਿਠਾਈਆਂ ਉਤੇ ਬੈਸਟ ਬਿਫੋਰ ਤਰੀਕ ਲਿਖਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ।  ਸਹਾਇਕ ਕਮਿਸ਼ਨਰ ਫੂਡ ਸ਼੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ  ਕਿ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ , ਨਵਾਂ ਕਿਲ੍ਹਾ, ਨਾਭਾ ਰੋਡ ਅਤੇ ਟਰੱਕ ਯੂਨੀਅਨ ਚੌਕ ਤੇ  ਸਥਿਤ ਵੱਖ-ਵੱਖ ਮਠਿਆਈ ਦੀਆਂ  ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ  ਦੋ ਸੁਧਾਰ ਨੋਟਿਸ ਜਾਰੀ ਕੀਤੇ ਗਏ ਅਤੇ ਲਗਪਗ ਦਸ ਕਿੱਲੋ ਜ਼ਿਆਦਾ ਰੰਗਾਂ ਵਾਲੀ ਮਿਠਾਈ ਨਸ਼ਟ ਕਰਵਾਈ ਗਈ। ਫੂਡ ਕਾਰੋਬਾਰੀਆਂ ਨੂੰ ਮਿਆਰੀ ਕੱਚੇ ਮਾਲ ਦੀ ਵਰਤੋਂ ਕਰਨ ਅਤੇ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਸਬੰਧੀ ਸਖਤੀ ਨਾਲ ਤਾੜਨਾ ਕਰਦੇ ਹੋਏ ਕਿਹਾ  ਜੇਕਰ ਕੋਈ ਵੀ ਫੂਡ ਵਿਕਰੇਤਾ ਗ਼ੈਰ ਮਿਆਰੀ ਜਾਂ ਮਿਲਾਵਟੀ ਖਾਧ ਪਦਾਰਥ  ਵੇਚਦਾ ਹੋਇਆ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।