ਪੰਜਾਬ ਸਰਕਾਰ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏਗੀ ਪੀਣ ਵਾਲਾ ਸਾਫ਼ ਸੁਥਰਾ ਪਾਣੀ: ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 21.69 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 21 ’ਚ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਮਈ (ਰਣਜੀਤ ਸਿੱਧਵਾਂ)  :  ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਪਹਿਲ ਦੇ ਆਧਾਰ ’ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਏਗੀ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਲੋਕਾਂ ਤੱਕ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਵਿੱਚ  ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 21 ਵਿੱਚ 21.69 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਸ੍ਰੀਮਤੀ ਸੁਲੇਖਾ ਦੇਵੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈਲ ਲੱਗਣ ਨਾਲ ਵਾਰਡ ਤੋਂ ਇਲਾਵਾ ਮੁਹੱਲਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿੱਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਕਈ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਵਿਚ ਕਾਫ਼ੀ ਸਕਰਾਤਮਕ ਬਦਲਾਅ ਆਏ ਹਨ।
ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਨਿਰਧਾਰਤ ਸਮੇਂ ਵਿੱਚ ਹੱਲ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।