ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਬਲਾਕ ਖੇੜਾ ਦੇ ਪਿੰਡਾਂ ਵਿੱਚ ਲਗਾਏ ਕੈਂਪ

ਫ਼ਤਹਿਗੜ੍ਹ ਸਾਹਿਬ 09 ਮਈ  ( ਰਣਜੀਤ ਸਿੱਧਵਾਂ)  : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਵਿਧੀ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੰਚਾਉਣ ਲਈ ਲੜੀਵਾਰ ਕੈਂਪਾਂ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਦਰਸ਼ਨ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਬਲਾਕ ਖੇੜਾ ਦੇ ਹਰੇਕ ਪਿੰਡ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਇਸ ਵਿੱਧੀ ਵਿੱਚ ਝੋਨੇ ਦੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਆ ਸਕਦੀ ਹੈ। ਪਰੰਤੂ ਜੇਕਰ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੀਆਂ ਨਦੀਨ ਨਾਸ਼ਕਾਂ ਨੂੰ ਸਮੇਂ ਸਿਰ ਅਤੇ ਸਹੀ ਢੰਗ ਨਾਲ ਵਰਤਿਆ ਜਾਵੇ ਤਾਂ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਇਸ ਮੌਕੇ ਸ੍ਰੀ ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਖੇੜਾ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਾਫੀ ਉਤਸ਼ਾਹ ਹੈ। ਕੈਪਾਂ ਦੌਰਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਿਟਰੇਚਰ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵਿੱਚ ਇਸ ਵਿਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਛਪੀ ਹੈੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਾਨ ਦੀ ਬਿਜਾਈ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ ਚੰਗੀ ਤਰ੍ਹਾਂ ਭਿਓਂ ਕੇ ਰੱਖਿਆ ਜਾਵੇ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਲੀਨ 1 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਤੁਰੰਤ ਸਪਰੇ ਕੀਤੀ ਜਾਵੇ। ਸਵੇਰੇ ਜਲਦੀ ਅਤੇ ਸ਼ਾਮ ਨੂੰ ਕੀਤੀ ਸਪਰੇ ਜਿਆਦਾ ਅਸਰਦਾਰ ਹੁੰਦੀ ਹੈ। ਇਸ ਮੌਕੇ ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਨਰਾਇਣ ਰਾਮ, ਸ੍ਰੀ ਰਾਜਵੀਰ ਸਿੰਘ ਅਤੇ ਸ੍ਰੀ ਸਤਵਿੰਦਰ ਸਿੰਘ ਮੌਜੂਦ ਰਹੇ। ਇਸ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਝਾੜ ਵੀ ਪੂਰਾ ਮਿਲਦਾ ਹੈ।