ਧਰਤੀ ਹੇਠਲਾ ਪਾਣੀ ਅਗਲੀਆਂ ਪੀੜੀਆਂ ਲਈ ਬਚਾਉਣ ਵਾਸਤੇ ਘੱਟ ਪਾਣੀ ਦੀ ਖਪਤ ਕਰਨ ਵਾਲੀਆਂ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਣਾਉਣਾ ਸਮੇਂ ਦੀ ਲੋੜ : ਵਧੀਕ ਡਿਪਟੀ ਕਮਿਸ਼ਨਰ

 ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਏਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ - ਸਿੱਧੂ

 ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕਤਾ ਕੈਪ ਲਗਾਉਣ ਦੇ ਨਿਰਦੇਸ਼
ਮਾਲੇਰਕੋਟਲਾ 09 ਮਈ (ਰਣਜੀਤ ਸਿੱਧਵਾਂ)  :  ‘‘ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।” ਇਹ ਸੰਦੇਸ਼ ਹੀ ਆਲਮੀ ਪੱਧਰ 'ਤੇ ਆਏ ਵਾਤਾਵਰਨ ਦੇ ਸੰਕਟ ਤੋਂ ਪਾਰ ਪਾਉਣ ਦੀ ਸਮਰੱਥਾ ਰੱਖਦਾ ਹੈ। ਇਸ ਸੰਦੇਸ਼ 'ਤੇ ਅਮਲ ਕੀਤੇ ਬਿਨ੍ਹਾਂ  ਇਸ ਸੰਕਟ ਵਿੱਚੋਂ ਨਿਕਲਣਾ ਮੁਸ਼ਕਿਲ ਹੀ ਨਹੀਂ ਸਗੋਂ ਅਸੰਭਵ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ/ਪ੍ਰੇਰਿਤ ਕਰਨ ਲਈ ਜ਼ਿਲ੍ਹੇ ਦੇ ਖੇਤੀਬਾੜੀ ਅਫ਼ਸਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਜੇਕਰ ਅਸੀਂ ਅਗਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਹੈ ਤਾਂ ਸਾਨੂੰ ਘੱਟ ਪਾਣੀ ਖਪਤ ਕਰਨ ਵਾਲੀਆ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਣਾਉਣੀਆਂ ਪੈਣਗੀਆਂ । ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ  ਕਿਸਾਨ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖ਼ਰਚੇ  ਵੀ ਘਟਾ ਸਕਦੇ ਹਨ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500  ਦਿੱਤੇ ਜਾਣਗੇ ਜੋ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ਤੇ ਪੰਜੀਕ੍ਰਿਤ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਜਾਗਰੂਕਤਾ ਕੈਪ ਲਗਾਉਣ । ਪਿੰਡਾਂ ਅੰਦਰ ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰਾਂ ਰਾਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਸਬੰਧੀ ਅਨਾਊਂਸਮੈਂਟ ਕਰਵਾ ਕੇ ਜਾਗਰੂਕ  ਵੀ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।ਉਨ੍ਹਾਂ ਹੋਰ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ 'ਤੇ ਝੋਨਾ ਲਾਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਿਆ ਜਾ ਸਕੇ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੋਰ ਹਦਾਇਤ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਸਬੰਧੀ ਸੋਸ਼ਲ ਮੀਡੀਏ ਰਾਹੀਂ ਪ੍ਰਚਾਰ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ । ਵਧੀਕ ਡਿਪਟੀ ਕਮਿਸ਼ਨਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਤ ਵੱਟਾਂ ਉਪਰ ਝੋਨਾ ਲਾਉਣ ਦੀ ਤਕਨੀਕ ਵਰਤਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਧਰਤੀ ਹੇਠਲਾ ਪਾਣੀ ਬਚਾਉਣ ਤੇ ਜ਼ਹਿਰ ਮੁਕਤ ਖੇਤੀ ਕਰਨ ਲਈ ਖੇਤੀ ਮਾਹਰਾਂ ਦੀ ਸਲਾਹ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇਣ ਤਾਂ ਕਿ ਅਸੀਂ ਆਪਣੀ ਧਰਤੀ, ਪਾਣੀ ਅਤੇ ਹਵਾ ਨੂੰ ਬਚਾ ਸਕੀਏ । ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀਬਾੜੀ ਵਿਭਿੰਨਤਾ ਅਤੇ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਅਤੇ  ਕੈਂਪਾਂ ਦੌਰਾਨ ਕਿਸਾਨਾਂ ਦੇ ਤਕਨੀਕੀ ਸੈਸ਼ਨ 'ਚ ਖੇਤੀਬਾੜੀ, ਫ਼ਸਲਾਂ ਤੇ ਪਸ਼ੂਆਂ ਦੀ ਸਾਂਭ-ਸੰਭਾਲ, ਫ਼ਸਲੀ ਰਹਿੰਦ-ਖੂੰਹਦ ਦਾ ਸਦਉਪਯੋਗ ਆਦਿ ਦੀ ਜਾਣਕਾਰੀ ਦੇਣ ਲਈ ਕਿਹਾ । ਉਨ੍ਹਾਂ ਨੇ ਕਿਸਾਨਾਂ ਦੇ ਗਰੁੱਪ ਬਣਾ ਕੇ ਆਧੁਨਿਕ ਤਕਨੀਕਾਂ ਤੇ ਖੇਤੀਬਾੜੀ ਦੀ ਨਵੀਨਤਮ ਜਾਣਕਾਰੀ ਸਾਂਝੀ ਕਰਨ  'ਤੇ  ਜ਼ੋਰ ਦਿੰਦਿਆ ਕਿਹਾ ਕਿ ਅਗਾਂਹ ਵਧੂ ਕਿਸਾਨਾਂ ਦੇ ਖੇਤੀਬਾੜੀ ਦੇ ਤਜਰਬੇ ਸਾਂਝੇ ਕਰਵਾਏ ਜਾਣ ਅਤੇ ਨਮੂਨੇ ਦੇ ਫਾਰਮਾਂ ਦਾ ਦੌਰਾ ਕਰਵਾ ਕੇ ਉਨ੍ਹਾਂ ਪ੍ਰੇਰਿਤ ਕੀਤਾ ਜਾਵੇ ।