ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣ ਵਾਲਾ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਆਪਣੇ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ

 ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 1500 ਰੁਪਏ ਪ੍ਰਤੀ ਏਕੜ

ਵਿੱਤੀ ਸਹਾਇਤਾ ਦੇਣ ਦਾ ਐਲਾਨ : ਸੰਯਮ ਅਗਰਵਾਲ
ਮਾਲੇਰਕੋਟਲਾ 10 ਮਈ  (ਰਣਜੀਤ ਸਿੱਧਵਾਂ)   :  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਕੱਦੂ ਕੀਤੇ ਝੋਨੇ ਦਾ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ ।ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਪੱਤਰ ਗੋਪਾਲ ਸਿੰਘ ਪਿੰਡ ਸੰਗਾਲਾ ਬਲਾਕ ਅਤੇ ਜਿਲ੍ਹਾ ਮਾਲੇਰਕੋਟਲਾ ਵੱਲੋਂ ਪਿਛਲੇ ਦੋ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। 56 ਸਾਲਾ ਕਿਸਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ 2020 ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਕਿੱਲਾ ਝੋਨੇ ਦੀ ਸਿੱਧੀ ਬਿਜਾਈ ਪ੍ਰਯੋਗ ਦੇ ਤੌਰ ਤੇ ਕੀਤੀ ਸੀ । ਸਿੱਧੀ ਬਿਜਾਈ  ਦੇ ਨਤੀਜੇ ਤੋਂ ਖ਼ੁਸ਼ ਹੋ ਕੇ ਮੇਰੇ ਵੱਲੋਂ  ਪਿਛਲੇ ਸਾਲ 2021 ਵਿੱਚ ਪੰਜ ਕਿੱਲੇ ਝੋਨੇ ਦੀ ਸਿੱਧੀ ਬਿਜਾਈ ਕੀਤੀ ।ਆਪਣੇ ਤਜਰਬੇ ਸਾਂਝੇ ਕਰਦਿਆ ਕਿਸਾਨ ਨੇ ਦੱਸਿਆ ਕਿ ਪਾਣੀ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ 15 - 20 ਫ਼ੀਸਦੀ ਤੱਕ ਬੱਚਤ ਹੁੰਦੀ ਹੈ ਉੱਥੇ ਕੀੜੇਮਾਰ ਦਵਾਈਆਂ ਅਤੇ ਖਾਦਾਂ ਦਾ ਖਰਚਾ ਵੀ ਘੱਟ ਹੁੰਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਮਿੱਟੀ ਵਿੱਚ ਮਿਲਾ ਕੇ ਜ਼ਮੀਨ ਦੀ ਉਪਜ ਅਤੇ ਬਣਤਰ ਵਿੱਚ ਸੁਧਾਰ ਕਰਕੇ ਚੰਗੀ ਪੈਦਾਵਾਰ ਪ੍ਰਾਪਤ ਕੀਤੀ ਜਾ ਸਕਦੀ ਹੈ।ਕਿਸਾਨ ਗੁਰਦੇਵ ਸਿੰਘ ਨੇ ਹੋਰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਸੰਭਾਲ ਕਰਦਾ ਆ ਰਿਹਾ ਹੈ। ਉਨ੍ਹਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਸੁਪਰ ਸੀਡਰ ਨਾਲ 30 ਕੀਲਿਆ ਵਿੱਚ (20 ਕਿੱਲੇ ਆਪਣੇ ਅਤੇ 10 ਕਿੱਲੇ ਠੇਕੇ ਤੇ) ਕਣਕ ਦੀ ਸਿੱਧੀ ਬਿਜਾਈ ਵੀ ਕੀਤੀ ਜਾਂਦੀ ਹੈ। ਉਹਨਾਂ ਹੋਰ ਦੱਸਿਆ ਕਿ ਉਹ ਹਰ ਸਾਲ ਕਣਕ ਤੋਂ ਬਾਅਦ ਚਾਰ ਕਿੱਲਿਆਂ ਵਿੱਚ ਮੱਕੀ ਵੀ ਬੀਜਦੇ ਆ ਰਹੇ ਹਨ । ਫ਼ਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਦੇ ਨਾਲ ਨਾਲ ਜ਼ਮੀਨ ਦੀ ਸਿਹਤ ਦੀ ਸਾਂਭ ਸੰਭਾਲ ਕਰ ਰਹੇ ਹਨ । ਉਹ ਆਪਣੇ ਘਰ ਵਿੱਚ ਰੱਖੇ ਪਸ਼ੂਆਂ ਲਈ ਹਰਾ ਚਾਰਾ (ਸਾਈਲੇਜ਼) ਤਿਆਰ ਕਰਦੇ ਹਨ। ਡਾ. ਕੁਲਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਮਾਲੇਰਕੋਟਲਾ ਵੱਲੋਂ ਦੱਸਿਆ ਗਿਆ ਹੈ ਕਿ ਗੁਰਦੇਵ ਸਿੰਘ ਇੱਕ ਅਗਾਂਹਵਧੂ ਕਿਸਾਨ ਹੈ ਜਿਸ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਹੋ ਰਹੀਆਂ ਗਤੀਵਿਧੀਆਂ ਵਿੱਚ ਸਮੇਂ- ਸਮੇਂ ਤੇ ਭਾਗ ਲਿਆ ਜਾਂਦਾ ਹੈ। ਉਹਨਾਂ ਵੱਲੋਂ ਸੁਪਰ ਸੀਡਰ ਮਸ਼ੀਨਰੀ ਵਿਭਾਗ ਵੱਲੋਂ ਦਿੱਤੀ ਜਾਂਦੀ 50% ਸਬਸਿਡੀ ਉੱਪਰ ਪ੍ਰਾਪਤ ਕੀਤਾ ਗਿਆ ਹੈ। ਕਿਸਾਨ ਗੁਰਦੇਵ ਸਿੰਘ ਇੱਕ ਵਾਤਾਵਰਣ ਪ੍ਰੇਮੀ ਕਿਸਾਨ ਹੈ ਜੋ ਆਪਣੇ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਲਈ ਇੱਕ ਪ੍ਰੇਰਨਾ ਸਰੋਤ ਹੈ ਅਤੇ ਇੱਕ ਮਿਸਾਲ ਦੇ ਤੌਰ ਤੇ ਉਭਰਿਆ ਹੈ।ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਵਿੱਚ ਅਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਵਲੋਂ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਵਾਸੀ ਪਿੰਡ ਸੰਗਾਲਾ ਦੀ ਪ੍ਰਸੰਸਾ ਕਰਦਿਆ ਕਿਹਾ ਕਿ  ਹੋਰ ਕਿਸਾਨਾਂ ਭਰਾਵਾਂ ਨੂੰ ਅਜਿਹੇ ਅਗਾਂਹਵਧੂ ਕਿਸਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਸਿਹਤਮੰਦ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਡਿੱਗਦੇ ਪਾਣੀ ਦੇ ਪੱਧਰ ਚਿੰਤਤ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦਾ ਟੀਚਾ ਮਿਥਿਆ ਹੈ ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਦੇ ਸਮੂਹ ਬਣਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕਿਸਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।