You are here

ਕਿਸਾਨ ਪਾਣੀ ਬੱਚਤ ਸਬੰਧੀ ਸਰਕਾਰ ਦਾ ਸਹਿਯੋਗ ਕਰਨ - ਵਿਧਾਇਕ ਸਰਵਜੀਤ ਕੌਰ ਮਾਣੂੰਕੇਂ

ਲੁਧਿਆਣਾ, 13 ਮਈ (ਰਣਜੀਤ ਸਿੱਧਵਾਂ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਜਗਰਾਉਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪਾਂ ਦੀ ਸੁਰੂਆਤ ਹਲਕਾ ਜਗਰਾਉਂ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਦੀ ਯੋਗ ਅਗਵਾਈ ਵਿੱਚ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ, ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਧਰਤੀ ਹੇਠਲੇ ਪਾਣੀ ਅਤੇ ਹੋਰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਦੀ ਅਪੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਖਾਦਾਂ ਦੀ ਕਿੱਲਤ ਸਬੰਧੀ ਕਿਸਾਨਾਂ ਨੂੰ ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨੂੰ ਕਿਹਾ ਕਿ ਜਗਰਾਉਂ ਵਿੱਚ ਖਾਦਾਂ ਦੇ ਰੈਕ ਲਗਵਾਉਣ ਸੰਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਸ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ, ਤਰਜ਼ਵੱਤਰ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਰਕਾਰ ਵੱਲੋਂ ਨਿਰਧਾਰਿਤ ਸਮੇਂ 'ਤੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਅਤੇ ਬੀਜਾਂ ਦੀ ਸਪਲਾਈ ਸੰਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਖੇਤੀਬਾੜੀ ਅਫਸਰ ਜਗਰਾਉਂ ਡਾ. ਗੁਰਦੀਪ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ, ਖਾਦਾਂ ਦਵਾਈਆਂ ਦੀ ਸੰਤੁਲਤ ਵਰਤੋਂ ਅਤੇ ਮਹਿਕਮੇ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਜੈਕਟ ਕਰਨ ਹਿੱਤ ਖੇਤੀਬਾੜੀ ਵਿਭਾਗ ਦਾ ਸਹਿਯੋਗ ਕਰਨ। ਇਸ ਮੌਕੇ ਮੌਜੂਦ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਦੌਰਾਨ ਚੂਹੇ ਦੀ ਸਮੱਸਿਆ ਦੇ ਸੰਬੰਧ ਵਿੱਚ ਉਨ੍ਹਾਂ ਦੱਸਿਆ ਕਿ ਪਿੰਡ ਪੱਧਰ 'ਤੇ ਮੁਹਿੰਮ ਚਲਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਡਾ.ਰਮਿੰਦਰ ਸਿੰਘ, ਡਾ. ਜਸਵੰਤ ਸਿੰਘ ਖੇਤੀ ਵਿਕਾਸ ਅਫ਼ਸਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਹੋਰ ਸਾਉਣੀ ਦੀਆਂ ਫਸਲਾਂ ਦੇ ਕੀੜੇ ਮਕੌੜੇ, ਬਿਮਾਰੀਆਂ ਉਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਾਉਣੀ ਦੌਰਾਨ ਝੋਨੇ ਦੇ ਬਦਲ ਵਜੋਂ ਬਾਸਮਤੀ ਅਤੇ ਮੱਕੀ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਡਾ. ਰਿਤੂ ਭੰਗੂ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਡਾ. ਪੁਸ਼ਪਾ ਰਾਣੀ ਨੇ ਮਿੱਟੀ  ਪਰਖ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਨਾਬਾਰਡ ਵੱਲੋਂ ਅਜੀਵਿਕਾ ਮਿਸ਼ਨ ਸੰਬੰਧੀ ਜਾਣਕਾਰੀ ਹਾਜ਼ਰ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਡਾ. ਜਤਿੰਦਰ ਸਿੰਘ, ਡਾ. ਗਿਰਜੇਸ਼ ਭਾਰਗਵ, ਡਾ. ਨਿਤੇਸ਼ ਕੁਮਾਰ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ ਅਤੇ ਸਰਪੰਚ ਜਗਜੀਤ ਸਿੰਘ, ਜਗਰੂਪ ਸਿੰਘ ਟਾਰਜਨ, ਫਤਿਹ ਸਿੰਘ, ਸੁਖਦੇਵ ਸਿੰਘ ਸੇਖੋਂ, ਬਲਵਿੰਦਰ ਸਿੰਘ ਸੇਖੋਂ, ਰਛਪਾਲ ਸਿੰਘ ਡੱਲਾ, ਨਛੱਤਰ ਸਿੰਘ ਡੱਲਾ, ਜਗਦੀਸ਼ ਸਿੰਘ, ਰਣਜੀਤ ਸਿੰਘ ਗੁਰੂਸਰ, ਗੁਰਮੀਤ ਸਿੰਘ ਦੇਹੜਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।