ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਮੁੱਖ ਮੰਤਰੀ ਵੱਲੋਂ ਐਲਾਨੀ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਹਾਸਲ ਕਰਨ ਦੀ ਅਪੀਲ

ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਦੀ ਤਕਨੀਕ ਨਾਲ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ-  ਸੁਖਪ੍ਰੀਤ ਸਿੰਘ ਸਿੱਧੂ

ਮਾਲੇਰਕੋਟਲਾ 13 ਮਈ  (ਰਣਜੀਤ ਸਿੱਧਵਾਂ)   : ਝੋਨੇ ਦੀ ਰਵਾਇਤੀ ਕੱਦੂ ਵਾਲੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਪ੍ਰਾਪਤ ਕਰਨ।

ਪਿਛਲੇ ਸਾਲ ਜ਼ਿਲ੍ਹੇ ਵਿੱਚ ਕਰੀਬ 53,061 ਹੈਕਟੇਅਰ ਰਕਬੇ ਵਿੱਚ ਰਵਾਇਤੀ ਤਰੀਕੇ ਨਾਲ ਝੋਨੇ ਦੀ ਬਿਜਾਈ ਕੀਤੀ ਗਈ ਸੀ, ਜਿਸ ਵਿੱਚੋਂ ਕਰੀਬ 1000 ਹੈਕਟੇਅਰ ਰਕਬੇ  ਅਧੀਨ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਪਿਛਲੇ ਸਮੇਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਵਿਉਂਤਬੰਦੀ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ । ਉਨ੍ਹਾਂ ਕਿਹਾ ਕਿ ਇਸ ਸਾਲ ਜ਼ਿਲ੍ਹੇ ਅੰਦਰ ਕਰੀਬ 14,700 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ (ਡੀ.ਐਸ.ਆਰ ) ਹੇਠ ਲਿਆਉਣ ਲਈ ਟੀਚਾ ਮਿਥਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰਨ ਦੀ ਖੁੱਲ੍ਹ ਵੀ ਦਿੱਤੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਾਲ ਪਿਛਲੇ ਸਮੇਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਦੇ ਆ ਰਹੇ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਖੇਤੀਬਾੜੀ ਵਿਭਾਗ ਦੇ ਤਕਨੀਕੀ ਮਾਹਿਰਾਂ/ਡਾਕਟਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਦਰਪੇਸ਼ ਆਈਆਂ ਸਮੱਸਿਆਵਾਂ ਦਾ ਹੱਲ ਦੱਸਿਆ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਤੇ ਬੀਤੇ ਕਈ ਸਾਲਾਂ ਤੋਂ ਸਫਲ ਤਜਰਬੇ ਕਰ ਚੁੱਕਾ ਹੈ ਅਤੇ ਸਿੱਧੀ ਬਿਜਾਈ ਕਰਨ ਨਾਲ ਝੋਨੇ ਦੇ ਝਾੜ ਵਿਚ ਕੋਈ ਕਮੀ ਨਹੀਂ ਹੁੰਦੀ।  ਸ੍ਰੀ ਸਿੱਧੂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਬਲਾਕ ਪੱਧਰ 'ਤੇ ਪਿੰਡਾਂ 'ਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਤਕਨੀਕ ਬਾਬਤ ਜਾਗਰੂਕ ਕਰਕੇ ਅਜਿਹੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਨ ਜੋ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਰਾਜ਼ੀ ਹੋਣ।  ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਬਾਰੇ ਜਲਦੀ ਪੋਰਟਲ ਖੁੱਲ੍ਹ ਰਿਹਾ ਹੈ, ਜਿਸ 'ਤੇ ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਸਿੱਧੇ ਤੌਰ 'ਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਜੇਕਰ ਕੋਈ ਮੁਸ਼ਕਿਲ ਆਵੇ ਤਾਂ ਉਹ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਵੀ ਕਰ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਇੱਕਜੁੱਟਤਾ ਨਾਲ ਅੱਗੇ ਆ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ । ਖੇਤੀ ਵਿਗਿਆਨੀਆਂ ਵੱਲੋਂ ਈਜਾਦ ਖੋਜਾਂ ਮੁਤਾਬਕ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਕਿਸਾਨਾਂ ਲਈ ਆਰਥਿਕ ਤੌਰ 'ਤੇ ਵੀ ਲਾਹੇਵੰਦ ਹੈ। ਇਸ ਨਾਲ ਝੋਨੇ ਦੇ ਝਾੜ 'ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫ਼ਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਬੀਰ ਸਿੰਘ,ਡਾ ਨਵਦੀਪ ਕੁਮਾਰ, ਡਾ. ਕੁਲਦੀਪ ਕੌਰ, ਡਾ. ਅਨਮੋਲਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਕੁਠਾਲਾ, ਹਰਵਿੰਦਰ ਸਿੰਘ ਹੈਦਰ ਨਗਰ, ਨਰੈਣ ਸਿੰਘ ਕੁਠਾਲਾ ,ਜਸਬੀਰ ਸਿੰਘ ਸੰਗਾਲਾ, ਜਸਵੰਤ ਸਿੰਘ ਫਲੋਡ ਖੁਰਦ, ਦਰਸ਼ਨ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਅਹਿਮਦਗੜ੍ਹ ਛੰਨਾ,ਜਗਜੀਤ ਸਿੰਘ ਮੌਜੂਦ ਸਨ।