ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਜਿੰਪਾ ਨੇ ਪਰਿਵਾਰ ਨਾਲ ਹਮਦਰਦੀ ਦਾ ਕੀਤਾ ਪ੍ਰਗਟਾਵਾ

ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇਕ ਕਰੋੜ ਰੁਪਏ ਦੀ ਰਾਸ਼ੀ ’ਚੋ 5 ਲੱਖ ਰੁਪਏ ਦਾ ਚੈਕ ਕੀਤਾ ਭੇੰਟ

ਹੁਸ਼ਿਆਰਪੁਰ, 15 ਮਈ  (ਰਣਜੀਤ ਸਿੱਧਵਾਂ)  : ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਮਾਲ, ਮੁੜ ਵਸੇਬਾ ਤੇ ਆਪਦਾ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੇ ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਸ਼ਹੀਦ ਦੇ ਪਿੰਡ ਬਰਾਂਡਾ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਦੇ ਬਾਅਦ ਕੈਬਨਿਟ ਮੰਤਰੀ ਨੇ ਈਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਕਦਮਾਂ ਵਿਚ ਨਿਵਾਸ ਦੇਣ ਅਤੇ ਦੁੱਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਸ਼ਹਾਦਤ ’ਤੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਉਨ੍ਹਾਂ ਦੇ ਮਹਾਨ ਬਲੀਦਾਨ ਪ੍ਰਤੀ ਦੇਸ਼ ਸਦਾ ਉਨ੍ਹਾਂ ਦਾ ਰਿਣੀ ਰਹੇਗੀ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇੱਕ ਕਰੋੜ ਰੁਪਏ ਦੀ ਰਾਸ਼ੀ ਵਿਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸ਼ਹੀਦ ਦੀ ਪਤਨੀ ਰਵਿੰਦਰ ਕੌਰ ਨੂੰ ਭੇੰਟ ਕੀਤਾ ਅਤੇ ਕਿਹਾ ਕਿ ਬਕਾਇਆ ਰਾਸ਼ੀ ਜਲਦ ਤੋਂ ਜਲਦ ਪਰਿਵਾਰ ਨੂੰ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਇਸ ਮੌਕੇ ’ਤੇ ਸ਼ਹੀਦ ਦੀ ਮਾਤਾ ਤੀਰਥ ਕੌਰ, ਬੇਟਾ ਰਵਿੰਦਰ ਪਾਲ ਸਿੰਘ, ਬੇਟੀ ਅਮਨੀਤ ਕੌਰ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਜੋ ਕਿ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿਚ ਤਾਇਨਾਤ ਸਨ, 6 ਮਈ ਨੂੰ ਅਰੁਣਾਚਲ ਪ੍ਰਦੇਸ਼ ਵਿਚ ਐਲ.ਏ.ਸੀ. ਨਾਲ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਸ਼ਹੀਦ ਦਾ 8 ਮਈ ਨੂੰ ਉਨ੍ਹਾਂ ਦੇ ਪਿੰਡ ਵਿੱਚ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ।