ਪਾਕਿਸਤਾਨ 'ਚ 2 ਸਿੱਖ ਭਰਾਵਾਂ ਦੀ ਹੱਤਿਆ ਦੀ ਨਿੰਦਾ  

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਵੱਲੋਂ ਪਾਕਿਸਤਾਨ ਭਾਰਤ ਅਤੇ ਬਰਤਾਨੀਆ ਦੀਆਂ ਸਰਕਾਰਾਂ ਨੂੰ ਇਸ ਤਰ੍ਹਾਂ ਦੀਆਂ ਹੱਤਿਆਵਾਂ ਨੂੰ ਤੁਰੰਤ ਰੋਕਣ ਦੀ ਅਪੀਲ  

ਲੰਡਨ, 16 ਮਈ (ਖਹਿਰਾ )- ਪਾਕਿਸਤਾਨ ਦੇ ਪਿਸ਼ਾਵਰ ਵਿਚ ਦੋ ਸਿੱਖਾਂ ਦੀ ਹੱਤਿਆ ਨੂੰ ਲੈ ਕੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ | ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਕਿਹਾ ਕਿ ਪਾਕਿਸਤਾਨ ਵਿਚ ਰਹਿ ਰਹੇ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਬਰਤਾਨਵੀ ਅਤੇ ਭਾਰਤ ਸਰਕਾਰ ਨੂੰ ਪੀੜਤ ਪਰਿਵਾਰ ਲਈ ਇਨਸਾਫ ਦਿਵਾਉਣ ਲਈ ਪਾਕਿਸਤਾਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਆਏ ਦਿਨ ਘੱਟਗਿਣਤੀ ਲੋਕਾਂ ਉੱਪਰ ਹੱਤਿਆਵਾਂ ਅਤੇ ਤਸ਼ੱਦਦ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਜਿਨ੍ਹਾਂ ਦੀ ਹਰੇਕ ਪਾਸੇ ਤੋਂ ਨਿੰਦਿਆ ਹੋਣੀ ਜ਼ਰੂਰੀ ਹੈ ਅਤੇ ਨਾਲ ਹੀ ਭਾਰਤ ਬਰਤਾਨੀਆ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਜਲਦ ਤੋਂ ਜਲਦ ਇਸ ਵੱਲ ਧਿਆਨ ਦੇ ਕੇ ਇਸ ਨੂੰ ਰੋਕਣ ਦੇ ਸੁਹਿਰਦ ਉਪਰਾਲੇ ਕਰਨ ਦੀ ਜ਼ਰੂਰਤ ਹੈ । ਇਸ ਸਮੇਂ ਉਨ੍ਹਾਂ ਨਾਲ ਗੁਰਦੁਆਰਾ  ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੀਤ ਪ੍ਰਧਾਨ ਸਰਪੰਚ ਹਰਜੀਤ ਸਿੰਘ ਅਤੇ ਸਰਦਾਰ ਸੋਹਣ ਸਿੰਘ ਸਮਰਾ ਮੌਜੂਦ ਸਨ।