ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ
ਚੰਡੀਗੜ੍ਹ, 19 ਮਈ ( ਜਨ ਸ਼ਕਤੀ ਨਿਊਜ਼ ਬਿਊਰੋ )ਸੁਪਰੀਮ ਕੋਰਟ ਵੱਲੋਂ ਇਕ 34 ਸਾਲ ਪੁਰਾਣੇ ਕੇਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਟਵੀਟ ਕੀਤਾ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਅਦਾਲਤ ਦਾ ਫੈਸਲਾ ਸਵੀਕਾਰ ਹੈ।
ਜ਼ਿਕਰਯੋਗ ਹੈ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ 1 ਸਾਲ ਦੀ ਕਠੋਰ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਗੈਰ ਇਰਾਦਤਨ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਅੱਜ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।