ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਬੱਲੂਆਣਾ 20 ਮਈ (ਰਣਜੀਤ ਸਿੱਧਵਾਂ) : ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿੱਚ ਵਿਭਾਗ ਦੇ ਐਸਈ ਜਸਜੀਤ ਸਿੰਘ ਗਿੱਲ, ਕਾਰਜਕਾਰੀ ਇੰਜਨੀਅਰ ਅਮਰਦੀਪ ਸਿੰਘ ਭੱਠਲ, ਐੱਸਡੀਓ ਵੇਦ ਪ੍ਰਕਾਸ਼, ਐਸਡੀਓ ਸੁਭਾਸ਼ ਚੰਦਰ ਤੇ ਸੋਸ਼ਲ ਵਿੰਗ ਦੇ ਅਧਿਕਾਰੀ ਸੁਖਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਜੋਤੀ ਪ੍ਰਕਾਸ਼ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵੀ ਹਾਜ਼ਰ ਸਨ। ਬੈਠਕ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਧਾਇਕ ਗੋਲਡੀ ਮੁਸਾਫ਼ਰ ਨੂੰ ਬੱਲੂਆਣਾ ਹਲਕੇ ਦੇ ਪਿੰਡਾਂ ਵਿੱਚ ਵਾਟਰ ਵਰਕਸਾਂ ਤੋਂ ਹੁੰਦੀ ਸਪਲਾਈ ਸਬੰਧੀ ਅਤੇ ਮੌਜੂਦਾ ਸਥਿਤੀ ਬਾਰੇ ਪੂਰਨ ਜਾਣਕਾਰੀ ਦਿੱਤੀ। ਬੈਠਕ ਦੌਰਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਤੇ ਹਰ ਘਰ ਜਲ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਵਾਟਰ ਵਰਕਸਾਂ ਦੀ ਸਫ਼ਾਈ ਯਕੀਨੀ ਤੌਰ ਤੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਦੇ ਹਰੇਕ ਪਿੰਡ ਵਿੱਚ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਪੱਤਰੇਵਾਲਾ ਵਿਖੇ 122 ਪਿੰਡਾਂ ਅਤੇ 15 ਢਾਣੀਆਂ ਤੱਕ ਸਾਫ਼ ਸੁਥਰੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਾਟਰ ਸਰਫੇਸ ਪ੍ਰਾਜੈਕਟ ਵੀ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਵਾਟਰਵਰਕਸ ਨਹੀਂ ਬਣੇ ਉਨ੍ਹਾਂ ਪਿੰਡਾਂ ਵਿਚ ਪਾਣੀ ਵਾਲੀਆਂ ਟੈਂਕੀਆਂ ਸਥਾਪਿਤ ਕੀਤੀਆਂ ਜਾਣਗੀਆਂ ਤੇ ਪਿੰਡਾਂ ਵਿੱਚ ਵਾਟਰ ਸਪਲਾਈ ਲਈ ਪਾਈਪ ਲਾਈਨ ਵੀ ਪਾਈ ਜਾਵੇਗੀ।