ਲੁਧਿਆਣਾ, 23 ਮਈ (ਰਣਜੀਤ ਸਿੱਧਵਾਂ) : ਲੁਧਿਆਣਾ (ਪੱਛਮੀ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੱਖੋਵਾਲ ਰੋਡ 'ਤੇ ਸਥਿਤ ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਨੂੰ 60 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਾਇਆ ਜਾਵੇਗਾ। ਇਹ ਗੱਲ ਵਿਧਾਇਕ ਨੇ ਅੱਜ ਇਲਾਕੇ ਵਿੱਚ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕਹੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਗੀ ਨੇ ਭਰੋਸਾ ਦਿੱਤਾ ਕਿ ਹਲਕਾ ਲੁਧਿਆਣਾ (ਪੱਛਮੀ) ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਕਈ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਵੀ ਉਨ੍ਹਾਂ ਦੀ ਟੀਮ ਨੇ ਇੱਕ ਵਿਆਪਕ ਵਿਕਾਸ ਯੋਜਨਾ ਤਿਆਰ ਕਰ ਲਈ ਹੈ, ਜਿਸ 'ਤੇ ਉਨ੍ਹਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ (ਪੱਛਮੀ) ਹਲਕੇ ਦੇ ਸਮੂਹ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਟਰ ਰੀਚਾਰਜਿੰਗ ਟੋਇਆਂ ਨਾਲ ਵਧੀਆ ਕੁਆਲਿਟੀ ਦੀਆਂ ਸੜਕਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।