You are here

5 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਵਿੱਚ  ਵੀ ਖੁੱਲਣਗੇ 2 ਨਵੇਂ ਮੁੱਹਲਾ ਕਲੀਨਿਕ

109 ਸਬ ਸਿਹਤ ਕੇਂਦਰ ਵੀ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਹਨ ਕਾਰਜਸ਼ੀਲ
ਫ਼ਾਜ਼ਿਲਕਾ, 26 ਮਈ  (ਰਣਜੀਤ ਸਿੱਧਵਾਂ)  :  ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕਰਣਗੇ। ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇਗੰਢ ਮੌਕੇ ਪਹਿਲੇ ਪੜਾਅ ਵਿੱਚ 75 ਕਲੀਨਿਕ ਕਾਰਜਸ਼ੀਲ ਹੋਣਗੇ। ਇਸ ਲੜੀ ਵਿੱਚ  ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਪਹਿਲੇ ਪੜਾਅ ਵਿੱਚ ਦੋ ਮੁਹੱਲਾ ਕਲੀਨਿਕ ਕਾਰਜਸ਼ੀਲ ਕੀਤੇ ਜਾਣਗੇ। ਇਹ ਜਾਣਕਾਰੀ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਨੇ ਦਿੱਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਹੀ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਲਈ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣਗੇ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸੂਬੇ  ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਸਹਿਮਤੀ ਦਿੱਤੀ ਹੈ ਅਤੇ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰ੍ਹਾਂ ਦੀ ਦਿੱਖ ਦਿੱਤੀ ਜਾਵੇਗੀ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ- ਕਮ- ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ।
ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਅਨੁਸਾਰ ਸਾਰਿਆਂ ਦੀ ਆਸਾਨ ਪਹੁੰਚ ਲਈ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਹੱਲਾ ਕਲੀਨਿਕ ਖਾਸ ਕਰਕੇ ਉਨ੍ਹਾਂ ਥਾਂਵਾਂ ਤੇ ਸਥਾਪਿਤ ਕੀਤੇ ਜਾਣਗੇ ਜਿੱਥੇ ਪਹਿਲਾਂ ਹਸਪਤਾਲ ਦੂਰ ਪੈਂਦਾ ਹੈ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ। ਸਿਵਲ ਸਰਜਨ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿੱਚ ਪਹਿਲਾਂ ਵੀ ਸਬ ਸੈਂਟਰਾਂ ਦਾ ਨੈਟਵਰਕ ਹੈ ਜਿੱਥੇ ਲੋਕਾਂ ਨੂੰ ਸਿਹਤ ਸਹੁਲਤਾਂ ਸੁਚਾਰੂ ਤਰੀਕੇ ਨਾਲ ਦੇਣ ਲਈ ਸਟਾਫ਼ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੀਤੋ ਗੁਨੋ ਬਲਾਕ ਵਿੱਚ 28, ਡੱਬਵਾਲਾ ਬਲਾਕ ਵਿੱਚ 24, ਜੰਡਵਾਲਾ ਭੀਮਸ਼ਾਹ ਬਲਾਕ ਵਿੱਚ 24 ਅਤੇ ਖੂਈਖੇੜਾ ਬਲਾਕ ਵਿੱਚ 33 ਸਬ ਸੈਂਟਰ ਹਨ। ਜਿੰਨ੍ਹਾਂ ਨੂੰ ਕਮਿਊਨਿਟੀ ਹੈਲਥ ਅਫਸਰਾਂ ਦੀ ਅਗਵਾਈ ਵਿੱਚ ਸਿਖਲਾਈ ਪ੍ਰਾਪਤ ਪੈਰਾ- ਮੈਡੀਕਲ ਸਟਾਫ਼ ਦੁਆਰਾ ਕਾਰਗਰ ਢੰਗ ਚਲਾਇਆ ਜਾ ਰਿਹਾ ਹੈ । ਓਧਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਅਤੇ ਸਬ ਸੈਂਟਰ ਵਿਚ ਸਾਰੀਆਂ ਬੁਨਿਆਦੀ ਸਿਹਤ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੁਲਤਾਂ ਲਈ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਜ ਕਰਵਾਉਣ ਨੂੰ ਪਹਿਲ ਦੇਣ।