ਸੀਬੀਆਈ ਅਦਾਲਤ ਵੱਲੋਂ ਕਲੋਜ਼ਰ ਰਿਪੋਰਟ ਸਬੰਧੀ ਅਪੀਲ ਮਨਜ਼ੂਰ

ਮੁਹਾਲੀ. ਜੁਲਾਈ 2019- ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ਿਕਾਇਤਕਰਤਾਵਾਂ ਦੀ ਅਪੀਲ ਮਨਜ਼ੂਰ ਕਰ ਲਈ ਹੈ। ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ (ਜ਼ਿਲ੍ਹਾ ਫਰੀਦਕੋਟ) ਅਤੇ ਇਸੇ ਪਿੰਡ ਦੇ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਆਪਣੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨਾਲ ਅੱਜ ਨਿੱਜੀ ਤੌਰ ’ਤੇ ਸੀਬੀਆਈ ਦੇ ਵਿਸ਼ੇਸ਼ ਜੱਜ ਜੀ.ਐੱਸ. ਸੇਖੋਂ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਪਿਛਲੇ ਦਿਨੀਂ ਸੀਬੀਆਈ ਵੱਲੋਂ ਬੇਅਦਬੀ ਮਾਮਲੇ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਜੱਜ ਨੂੰ ਬੇਅਦਬੀ ਮਾਮਲਿਆਂ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਜਿਰ੍ਹਾ ਦੌਰਾਨ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਅਤੇ ਪੰਜਾਬ ਪੁਲੀਸ ਦੇ ਏਆਈਜੀ (ਅਪਰਾਧ) ਸਰਬਜੀਤ ਸਿੰਘ ਵੀ ਮੌਜੂਦ ਸਨ। ਪੁਲੀਸ ਨੇ ਅੱਜ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸ਼ਿਕਾਇਤਕਰਤਾਵਾਂ, ਉਨ੍ਹਾਂ ਦੇ ਵਕੀਲਾਂ, ਪੁਲੀਸ ਅਧਿਕਾਰੀਆਂ ਅਤੇ ਸਰਕਾਰੀ ਵਕੀਲਾਂ ਤੋਂ ਬਿਨਾਂ ਕਿਸੇ ਨੂੰ ਅਦਾਲਤ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਅਤੇ ਅਦਾਲਤ ਦਾ ਕੋਈ ਵੀ ਨੁਮਾਇੰਦਾ ਕੁਝ ਵੀ ਦੱਸਣ ਲਈ ਤਿਆਰ ਨਹੀਂ ਸੀ।

ਅਦਾਲਤੀ ਕਾਰਵਾਈ ਮਗਰੋਂ ਬਾਹਰ ਆਏ ਸ਼ਿਕਾਇਤਕਰਤਾਵਾਂ ਦੇ ਵਕੀਲਾਂ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਜੱਜ ਨੇ ਉਨ੍ਹਾਂ ਨੂੰ ਕਲੋਜ਼ਰ ਰਿਪੋਰਟ ਦੇਣ ਦੀ ਅਪੀਲ ਮਨਜ਼ੂਰ ਕਰਦਿਆਂ ਹਦਾਇਤ ਕੀਤੀ ਹੈ ਕਿ ਕਾਨੂੰਨੀ ਤੌਰ ’ਤੇ ਇਹ ਅਹਿਮ ਦਸਤਾਵੇਜ਼ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਜਾਵੇ। ਵਕੀਲਾਂ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਸਵੇਰੇ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਅਦਾਲਤ ’ਚ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਵਿਚਲੇ ਵੱਖ-ਵੱਖ ਪਹਿਲੂਆਂ ਨੂੰ ਵਾਚਣ ਤੋਂ ਬਾਅਦ ਉਸ ਰਿਪੋਰਟ ਨੂੰ ਚੁਣੌਤੀ ਦੇਣ ਬਾਰੇ ਫ਼ੈਸਲਾ ਲਿਆ ਜਾਵੇਗਾ। ਵਕੀਲਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਸਿੱਟ ਵੱਲੋਂ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ ਅਤੇ ਇਹ ਕੇਸ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਹਨ ਪਰ ਹੁਣ ਕਲੋਜ਼ਰ ਰਿਪੋਰਟ ਪੇਸ਼ ਹੋਣ ਨਾਲ ਉਨ੍ਹਾਂ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋ ਸਕਦੀ ਹੈ।
ਉਧਰ, ਪੰਜਾਬ ਸਰਕਾਰ ਵੱਲੋਂ ਸੀਬੀਆਈ ਦੀ ਤਸਦੀਕਸ਼ੁਦਾ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਸੂਬਾ ਸਰਕਾਰ ਵਲੋਂ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਮੁਹਾਲੀ ਅਦਾਲਤ ਵਿੱਚ ਹਾਜ਼ਰ ਸਨ। ਇਸ ਸਬੰਧੀ ਵਕੀਲਾਂ ਨੇ ਅਦਾਲਤ ਵਿੱਚ ਜਿਰ੍ਹਾ ਕੀਤੀ। ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਦੱਸਿਆ ਕਿ ਤਸਦੀਕਸ਼ੁਦਾ ਕਾਪੀ ਲੈਣ ਲਈ ਏਆਈਜੀ (ਅਪਰਾਧ) ਸਰਬਜੀਤ ਸਿੰਘ ਵੱਲੋਂ ਅਰਜ਼ੀ ਦਾਇਰ ਕੀਤੀ ਗਈ ਸੀ। ਜੱਜ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੇਸ ਦੀ ਅਗਲੀ ਸੁਣਵਾਈ 23 ਜੁਲਾਈ ’ਤੇ ਪਾ ਦਿੱਤੀ। ਉਸੇ ਦਿਨ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਵੀ ਸੁਣਵਾਈ ਹੋਣੀ ਹੈ।