ਲੁਧਿਆਣਾ, ਅਗਸਤ 2019 ( ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਦੁੱਧ ਅਤੇ ਮਠਿਆਈਆਂ ਦਾ ਕਾਰੋਬਾਰ ਕਰਨ ਵਾਲੇ ਵਿਕਰੇਤਾਵਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇ। ਅਗਰਵਾਲ ਆਪਣੇ ਦਫ਼ਤਰ ਵਿਖੇ ਅੱਜ 'ਮਿਸ਼ਨ ਤੰਦਰੁਸਤ ਪੰਜਾਬ' ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਗਰਵਾਲ ਨੇ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਬਾਜ਼ਾਰੀ ਵਿੱਚ ਵਿਕ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਚੈਕਿੰਗ ਜਾਰੀ ਰੱਖਣ। ਉਨਾਂ ਕਿਹਾ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਦੁੱਧ ਅਤੇ ਮਠਿਆਈਆਂ ਦਾ ਕਾਰੋਬਾਰ ਕਰਨ ਵਾਲੇ ਵਿਕਰੇਤਾਵਾਂ 'ਤੇ ਖਾਸ ਨਜ਼ਰ ਰੱਖੀ ਜਾਵੇ ਕਿਉਂਕਿ ਇਨਾਂ ਦਿਨਾਂ ਦੌਰਾਨ ਇਨਾਂ ਵਸਤਾਂ ਵਿੱਚ ਸਭ ਤੋਂ ਵਧੇਰੇ ਮਿਲਾਵਟ ਦਰਜ ਕੀਤੀ ਜਾਂਦੀ ਹੈ। ਉਨਾਂ ਜੰਗਲਾਤ ਵਿਭਾਗ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਲਗਾਤਾਰ ਨਿਗਰਾਨੀ ਕਰਨ। ਉਨਾਂ ਇਹ ਵੀ ਹਦਾਇਤ ਕੀਤੀ ਕਿ ਲਗਾਏ ਜਾ ਰਹੇ ਪੌਦਿਆਂ ਨੂੰ ਬਚਾਉਣ ਲਈ ਲੋੜੀਂਦੀ ਗਿਣਤੀ ਵਿੱਚ 'ਟਰੀ ਗਾਰਡ' ਵੀ ਸਥਾਪਤ ਕੀਤੇ ਜਾਣ। ਇਸ ਤੋਂ ਇਲਾਵਾ ਬਾਕੀ ਵਿਭਾਗਾਂ ਨੂੰ ਵੀ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਦਿੱਤੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਯਤਨ ਜਾਰੀ ਰੱਖਣ ਲਈ ਕਿਹਾ ਗਿਆ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਕਰਨ ਲਈ ਪੂਰਨ ਸਹਿਯੋਗ ਦੇਣ। ਉਨਾਂ ਕਿਹਾ ਕਿ ਜੇਕਰ ਲੋਕਾਂ ਦੇ ਧਿਆਨ ਵਿੱਚ ਮਿਲਾਵਟੀ ਖਾਧ ਪਦਾਰਥਾਂ ਆਦਿ ਬਾਰੇ ਆਉਂਦਾ ਹੈ ਤਾਂ ਇਸ ਸੰਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਸਥਾਪਤ ਹੈੱਲਪਲਾਈਨ ਨੰਬਰ 0161-2444193 'ਤੇ ਸੰਪਰਕ ਕਰਕੇ ਪੁਖ਼ਤਾ ਜਾਣਕਾਰੀ ਦਿੱਤੀ ਜਾਵੇ, ਜਿਸ 'ਤੇ ਉਚਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਇਹ ਵੀ ਅਪੀਲ ਕੀਤੀ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਪੌਦਿਆਂ ਦੀ ਸਾਂਭ ਸੰਭਾਲ ਚੰਗੀ ਤਰਾਂ ਨਾਲ ਕੀਤੀ ਜਾਵੇ।