You are here

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਲੁਧਿਆਣਾ, 09 ਅਗਸਤ -ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ. ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜਾਹਰੇ, ਧਰਨੇ, ਜਲੂਸ ਵਗੈਰਾ 'ਤੇ ਪੂਰਨ ਤੌਰ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਸਿਵਲ ਰਿੱਟ ਪਟੀਸ਼ਨ ਨੰਬਰ 28061 ਆਫ 2017 ਵਿੱਚ ਮਾਨਯੋਗ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜ਼ਾਹਰੇ/ਰੈਲੀਆਂ/ਧਰਨੇ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਗਈ ਹੈ। ਪਰ ਇਸ ਜਗ੍ਹਾ 'ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈਕੇ ਚੱਲਣ 'ਤੇ ਪੂਰਨ ਤੌਰ 'ਤੇ ਮਨਾਹੀ ਕੀਤੀ ਜਾਂਦੀ ਹੈ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।