You are here

ਸਕੂਲਾਂ ਦੇ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਲੇਖ ਲਿਖਣ, ਪ੍ਰਸ਼ਨੋਤਰੀ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਇਤਿਹਾਸ/ਧਰਮ ਵਰਗੇ ਵਿਸ਼ਿਆਂ ਵਿੱਚ ਉਤਸ਼ਾਹ ਵਧਾਉਣ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਹੋਣਗੇ ਸਹਾਈ -ਅਸ਼ੀਸ਼ ਕੁਮਾਰ

ਲੁਧਿਆਣਾ, ਅਗਸਤ 2019 ( ਮਨਜਿੰਦਰ ਗਿੱਲ )- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਾਰਾ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕਰਵਾਉਣ ਲਈ ਸਰਕਾਰੀ ਟੇਬਲ ਕੈਲੰਡਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ 07 ਤਹਿਸੀਲਾਂ ਦੇ ਵਿੱਚ ਸਸਸਸ/ਸਹਸ/ਸਮਿਸ ਸਕੂਲਾਂ ਦੇ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਲੇਖ ਲਿਖਣ/ਪ੍ਰ੍ਰਸ਼ਨੋਤਰੀ/ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਲੁਧਿਆਣਾ ਸ਼੍ਰੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਤਿਹਾਸ ਅਤੇ ਧਰਮ ਵਰਗੇ ਵਿਸ਼ਿਆਂ ਵਿੱਚ ਉਤਸ਼ਾਹ ਪੈਦਾ ਕਰਨ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਸਹਾਈ ਸਿੱਧ ਹੁੰਦੇ ਹਨ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਮਨਾਉਣ ਲਈ 2019 ਦਾ ਕੈਲੰਡਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹੈ। ਉਪ-ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਹਨਾਂ ਮੁਕਾਬਲਿਆਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਤੇ ਅਧਾਰਤ ਲੇਖ ਲਿਖਣ ਨੂੰ ਤਰਜੀਹ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਸਮੇਂ ਸਕੂਲੀ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਸੁਧਾਰ ਲਿਆਉਦੇਂ ਹਨ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨੇ ਇਨਾਮਾਂ ਦੀ ਵੰਡ ਵੀ ਕੀਤੀ।