ਕੁਲਦੀਪ ਧਾਲੀਵਾਲ ਨੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ 17 ਅਗਸਤ ( ਗੁਰਸੇਵਕ ਸੋਹੀ  ) ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ ਮੁੱਢਲੇ ਤੌਰ 'ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਮਿਲੀਆਂ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।