ਨਵੀਂ ਦਿੱਲੀ, 11 ਅਕਤੂਬਰ(ਏਜੰਸੀ ) ਭਾਰਤ ਨੇ ਜਸਟਿਨ ਟਰੂਡੋ ਪ੍ਰਸ਼ਾਸਨ ਵੱਲੋਂ ਕੈਨੇਡਾ ਵਿੱਚ ਸਿੱਖਸ ਫਾਰ ਜਸਟਿਸ ਵਰਗੀਆਂ ਕੱਟੜਪੰਥੀ ਜਥੇਬੰਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਢੁੱਕਵੇਂ ਕਦਮ ਨਾ ਚੁੱਕੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਜਿਸ ਕਾਰਨ ਦੁਵੱਲੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸਪੱਸ਼ਟ ਕੀਤਾ ਹੈ ਕਿ ਨਵੀਂ ਦਿੱਲੀ ਨੇ ਕੈਨੇਡਾ ਵਿੱਚ ਕੱਟੜਪੰਥੀ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦਾ ਮੁੱਦਾ ਟਰੂਡੋ ਸਰਕਾਰ ਕੋਲ ਉਠਾਇਆ ਹੈ ਅਤੇ ਉਹ ਕੈਨੇਡੀਅਨ ਸਰਕਾਰ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਜੈਸ਼ੰਕਰ ਨੇ ਕੱਲ੍ਹ ਆਸਟ੍ਰੇਲੀਆ ਦੇ ਕੈਨਬਰਾ ਵਿੱਚ ਪੱਤਰਕਾਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਕੈਨੇਡਾ ਨੂੰ ਹਿੰਸਾ ਅਤੇ ਕੱਟੜਤਾ ਦਾ ਪ੍ਰਚਾਰ ਕਰਨ ਵਾਲੀਆਂ ਭਾਰਤ ਵਿਰੋਧੀ ਤਾਕਤਾਂ ਦੁਆਰਾ ਪ੍ਰਗਟਾਵੇ ਦੀ ਆਜ਼ਾਦੀ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।