ਆਸ਼ੂ ਵੱਲੋਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਮਾਤ ਦੇਣ ਦਾ ਸੱਦਾ

ਪਾਇਲ,ਅਗਸਤ 2019- ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਜਪਾ ਵੱਲੋਂ ਦੇਸ਼ ਦੇ ਕੌਮੀ ਨਾਇਕਾਂ ਦੇ ਕੀਤੇ ਜਾ ਰਹੇ ਚਰਿੱਤਰ ਘਾਣ ਖਿਲਾਫ਼ ਉਠ ਖੜ੍ਹੇ ਹੋਣ ਅਤੇ ਦੇਸ਼ ਦੇ ਸੁਨਹਿਰੀ ਇਤਿਹਾਸ ਨੂੰ ਬਦਲਣ ਦੀਆਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਮਾਤ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2020 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਣ ਦਾ ਫ਼ੈਸਲਾ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਨੂੰ ਵਿਕਾਸ ਲਈ ਧਨ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਲਈ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਅਤੇ ਉਨ੍ਹਾਂ ਦੀ ਭੈਣ ਕਰਨੈਲ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ। ਕਰਨੈਲ ਕੌਰ ਨੇ ਇਸ ਮੌਕੇ ਆਪਣੇ ਭਰਾ ਵੱਲੋਂ ਗੋਆ ਦੀ ਆਜ਼ਾਦੀ ਲਈ ਪਾਏ ਯੋਗਦਾਨ ਸਬੰਧੀ ਕਵਿਤਾ ਪੇਸ਼ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਫਤਿਹਗੜ੍ਹ ਸਾਹਿਬ, ਬੱਸੀ ਪਠਾਣਾਂ ਅਤੇ ਖੰਨਾ ਹਲਕਿਆਂ ਲਈ 10-10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਹਲਕਾ ਵਿਧਾਇਕ ਖੰਨਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਮਲਕੀਤ ਸਿੰਘ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪਿੰਡ ਈਸੜੂ ਦੇ ਕਲੱਬ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।