You are here

ਪੰਜਾਬੀ ਭਾਸ਼ਾ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ

ਪਠਾਨਕੋਟ, 11 ਜਨਵਰੀ(ਹਰਪਾਲ ਸਿੰਘ/ਪ੍ਰਭਜੋਤ ਕੌਰ)ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਰਾਜ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ । ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ, ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਰਾਜ ਵਿੱਚ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ ਬੋਰਡਾਂ ਉੱਪਰ ਪੰਜਾਬੀ (ਗੁਰਮੁਖੀ ਲਿਪੀ) ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਸੰਬੰਧੀ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਸੰਬੰਧੀ ਪੱਤਰ ਜ਼ਿਲ੍ਹੇ ਦੇ ਸਭ ਦਫ਼ਤਰਾਂ ਨੂੰ ਭੇਜ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ ਉਹਨਾਂ ਦੇ ਦਫ਼ਤਰ ਵੱਲੋਂ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜਾ ਸਕਦੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਕਿਸੇ ਵੀ ਸਾਇਨ ਬੋਰਡ, ਨਾਮ ਪੱਟੀਆਂ, ਮੀਲ ਪੱਥਰ ਆਦਿ ’ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ’ਚ ਲਿਖਿਆ ਜਾਣਾ ਜ਼ਰੂਰੀ ਹੈ ਜੇ ਕਿਤੇ ਦੂਜੀ ਭਾਸ਼ਾ ਦੀ ਵਰਤੋਂ ਦੀ ਲੋੜ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਬਾਅਦ ਲਿਖਿਆ ਜਾਵੇਗਾ ਅਤੇ ਧਿਆਨ ਰੱਖਿਆ ਜਾਵੇ ਕਿ ਪੰਜਾਬੀ ਦਾ ਅੱਖ਼ਰੀ ਅਕਾਰ ਦੂਜੀ ਭਾਸ਼ਾ ਨਾਲੋਂ ਵੱਡਾ ਹੋਵੇ ।