ਬਾਬਾ ਦੀਪ ਸਿੰਘ ਜੀ ਜਨਮ-ਦਿਨ ’ਤੇ ਵਿਸ਼ੇਸ਼ ✍️ ਕਰਨੈਲ ਸਿੰਘ ਐੱਮ.ਏ

ਸੀਸ ਤਲੀ ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ
ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਸੰਨ 1682 ਈ: ਨੂੰ ਪਿਤਾ ਭਾਈ ਭਗਤਾ ਜੀ ਅਤੇ ਮਾਤਾ ਜਿਉੂਣੀ ਜੀ ਦੇ ਘਰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ (ਪੰਜਾਬ) ਵਿਖੇ ਹੋਇਆ। ਦੋਵੇਂ ਗੁਰੂ ਘਰ ਦੇ ਬੜੇ ਪੇ੍ਰਮੀ ਸਨ। ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿੱਚ ਰਹੇ ਤੇ ਸੇਵਾ ਕਰਦੇ ਰਹੇ। ਉਹ ਆਪਣੇ ਆਪ ਨੂੰ ਗੁਰੂ ਘਰ ਦਾ ਨਿਮਾਣਾ ਸਿੱਖ ਸਮਝਦੇ ਸਨ। ਮਾਤਾ-ਪਿਤਾ ਨੇ ਬਚਪਨ ਵਿੱਚ ਉਹਨਾਂ ਦਾ ਨਾਂ ‘ਦੀਪਾ’ ਰੱਖਿਆ। ਬਾਬਾ ਦੀਪ ਸਿੰਘ ਚੜ੍ਹਦੀ ਜਵਾਨੀ ’ਚ ਤਕਰੀਬਨ 18 ਸਾਲ ਦੀ ਉਮਰ ਵਿੱਚ  ਆਪਣੇ ਮਾਤਾ-ਪਿਤਾ ਦੇ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਲਈ ਪਹੁੰਚੇ। ਗੁਰੂ ਸਾਹਿਬ ਨੇ ਉਹਨਾਂ ਨੂੰ ਅਨੰਦਪੁਰ ਸਾਹਿਬ ਹੀ ਰੱਖ ਲਿਆ ਤੇ ਮਾਤਾ-ਪਿਤਾ ਆਪਣੇ ਪਿੰਡ ਵਾਪਸ ਆ ਗਏ ਆਪ ਤਿੰਨ ਸਾਲ ਗੁਰੂ ਜੀ ਦੇ ਚਰਨਾਂ ਵਿੱਚ ਰਹੇ।
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਵਿੱਚ ਜਦ ਖ਼ਾਲਸੇ ਦੀ ਸਿਰਜਣਾ ਕੀਤੀ ਤਾਂ ਉਸ ਸਮੇਂ ਵੱਡੀ ਤਾਦਾਦ ਵਿੱਚ ਸੰਗਤਾਂ ਨੇ ਖੰਡੇ-ਬਾਟੇ ਦਾ ਅੰਮ੍ਰਿਤਸਰ ਛਕਿਆ। ਬਾਬਾ ਦੀਪ ਸਿੰਘ ਜੀ ਵੀ ਅੰਮ੍ਰਿਤਸਰ ਛਕ ਕੇ ਸਿੰਘ ਸਜ ਗਏ ਅਤੇ ਨਾਂ ਦੀਪ ਸਿੰਘ ਰੱਖ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਮਨੀ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਬਾਣੀ ਦਾ ਅਧਿਐਨ ਕੀਤਾ ਅਤੇ ਸ਼ਸਤਰ ਵਿੱਦਿਆ ਗ੍ਰਹਿਣ ਕੀਤੀ। ਬਾਬਾ ਜੀ ਨੇ ਸੰਸਕਿਤ, ਬਿਰਜ, ਫ਼ਾਰਸੀ ਅਤੇ ਗੁਰਮੁਖੀ ਭਾਸ਼ਾਵਾਂ ਵਿੱਚ ਮੁਹਾਰਤ ਹਾਸਲ ਕਰਕੇ ਜਿੱਥੇ ਧਰਮ ਗ੍ਰੰਥਾਂ ਦਾ ਅਧਿਐਨ ਕੀਤਾ, ਉੱਥੇ ਹੀ ਬਾਣੀ ਦਾ ਪ੍ਰਚਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
1704 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਅਕਾਲ ਪੁਰਖ ਦੇ ਹੁਕਮ ਨਾਲ ਅਨੰਦਪੁਰ ਸਾਹਿਬ ਛੱਡਣਾ ਪਿਆ। ਗੁਰੂ ਜੀ ਚਮਕੌਰ ਸਾਹਿਬ, ਮਾਛੀਵਾੜਾ, ਦੀਨਾ ਕਾਂਗੜ, ਆਲਮਗੀਰ, ਕੋਟਕਪੁੂਰਾ, ਮੁਕਤਸਰ, ਲੱਖੀ-ਜੰਗਲ ਤੋਂ ਹੁੰਦੇ ਹੋਏ ਦਮਦਮਾ ਸਾਹਿਤ ਤਲਵੰਡੀ ਸਾਬੋ ਪਹੁੰਚੇ। ਗੁਰੂ ਸਾਹਿਬ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਪੂਰਨ ਰੂਪ ਦੇਣ ਦਾ ਕਾਰਜ ਭਾਈ ਮਨੀ ਸਿੰਘ ਦੁਆਰਾ ਨੇਪਰੇ ਚਾੜ੍ਹਿਆ। ਇਸ ਮਹਾਨ ਕਾਰਜ ਵਿੱਚ ਭਾਈ ਮਨੀ ਸਿੰਘ ਜੀ ਦੇ ਸਹਾਇਕ ਬਾਬਾ ਦੀਪ ਸਿੰਘ ਜੀ ਸਨ। ਉਹਨਾਂ ਇਸ ਸੇਵਾ ਨੂੰ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਨਿਭਾਇਆ।
ਬਾਬਾ ਦੀਪ ਸਿੰਘ ਜੀ ਜਿੱਥੇ ਨਿਧੜਕ ਯੋਧੇ ਸਨ ਉੱਥੇ ਗੁਰਬਾਣੀ ਦੇ ਮਹਾਨ ਵਿਦਵਾਨ ਅਤੇ ਲਿਖਾਰੀ ਵੀ ਸਨ। ਉਹ ਸੰਗਤਾਂ ਨੂੰ ਗੁਰਬਾਣੀ ਦੇ ਅਰਥ ਕਰਕੇ ਵੀ ਦਸਦੇ ਰਹੇ ਅਤੇ ਆਦਿ ਗ੍ਰੰਥ ਦੇ ਹੱਥ ਲਿਖਤ ਉਤਾਰੇ ਵੀ ਕਰਦੇ ਰਹੇ। ਬਾਬਾ ਦੀਪ ਸਿੰਘ ਜੀ ਨੇ 1705 ਈ: ਵਿੱਚ ਭਾਈ ਮਨੀ ਸਿੰਘ ਜੀ ਨਾਲ ਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਤਿਆਰ ਕੀਤੀਆਂ। ਬਾਬਾ ਦੀਪ ਸਿੰਘ ਜੀ ਵੱਲੋਂ ਤਿਆਰ ਕੀਤੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੱਖ-ਵੱਖ ਤਖ਼ਤ ਸਾਹਿਬਾਨ ਤੇ ਭੇਜੇ ਗਏ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਹੀ ਬਾਬਾ ਦੀਪ ਸਿੰਘ ਜੀ ਨੇ ਪ੍ਰਸਿੱਧੀ ਪ੍ਰਾਪਤ ਕਰ ਲਈ ਸੀ।
ਬਾਬਾ ਦੀਪ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਧਰਮ ਯੁੱਧਾਂ ਵਿੱਚ ਮਦਦ ਕੀਤੀ ਅਤੇ ਖ਼ਾਲਸਾ ਰਾਜ ਦੀ ਸਥਾਪਨਾ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰ: ਦਰਬਾਰਾ ਸਿੰਘ ਜੀ ਅਤੇ ਨਵਾਬ ਕਪੂਰ ਸਿੰਘ ਜੀ ਨੇ ਸਿੱਖ ਕੌਮ ਨੂੰ ਜਥਿਆਂ ਵਿੱਚ ਵੰਡ ਕੇ ਲਾਮਬੰਦ ਕੀਤਾ। ਇਹਨਾਂ ਜਥਿਆਂ ਨੂੰ ਮਿਸਲਾਂ ਦਾ ਨਾਂ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਨੂੰ 12 ਮਿਸਲਾਂ ਵਿੱਚੋਂ ‘ਸ਼ਹੀਦ ਮਿਸਲ’ ਦੇ ਜਥੇਦਾਰ ਦੀ ਸੇਵਾ ਵੀ ਸੌਂਪੀ ਗਈ।
ਅਹਿਮਦਸ਼ਾਹ ਅਬਦਾਲੀ ਦਾ ਪੁੱਤਰ ਤੈਮੂਰ ਸ਼ਾਹ ਸਿੱਖਾਂ ਦੀ ਚੜ੍ਹਦੀ ਕਲਾ ਤੋਂ ਪੇ੍ਰਸ਼ਾਨ ਸੀ। ਉਸ ਦੇ ਹੁਕਮ ਤੇ ਹੀ ਜਹਾਨ ਖਾਂ ਨੇ ਸਿੱਖਾਂ ਦਾ ਕਤਲੇਆਮ ਕਰਨਾ ਸ਼ੁਰੂ ਕਰ ਦਿੱਤਾ। ਉਸ ਨੂੰ ਇਹ ਵੀ ਦੱਸਿਆ ਗਿਆ ਕਿ ਜਦ ਤੱਕ ਸਿੱਖਾਂ ਦੀ ਸ਼ਕਤੀ ਦੇ ਸੋਮੇ  ਸ਼੍ਰੀ ਹਰਿਮੰਦਰ ਸਾਹਿਬ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਿੱਖ ਨਾ ਆਪ ਚੈਨ ਨਾਲ ਬੈਠਣਗੇ ਅਤੇ ਨਾ ਹੀ ਹਾਕਮਾਂ ਨੂੰ ਸੁੱਖ ਦਾ ਸਾਹ ਲੈਣ ਦੇਣਗੇ। ਇਹ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਨਵਾਂ ਜੀਵਨ ਤੇ ਉਤਸ਼ਾਹ ਪ੍ਰਾਪਤ ਕਰ ਲੈਂਦੇ ਹਨ। ਜਹਾਨ ਖਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਢਹਿ-ਢੇਰੀ ਕਰਵਾ ਦਿੱਤਾ ਅਤੇ ਸਰੋਵਰ ਨੂੰ ਮਿੱਟੀ ਨਾਲ ਪੂਰ (ਭਰ) ਦਿੱਤਾ। ਬੇਪਤੀ ਦੀ ਇਹ ਖ਼ਬਰ ਬਾਬਾ ਦੀਪ ਸਿੰਘ ਜੀ ਨੂੰ ਦਮਦਮਾ ਸਾਹਿਬ ਮਿਲ ਗਈ। ਉਹਨਾਂ ਖੰਡਾ ਹੱਥ ਵਿੱਚ ਚੁੱਕ ਕੇ ਅਕਾਲ ਪੁਰਖ ਅੱਗੇ ਸ਼ਕਤੀ ਪ੍ਰਦਾਨ ਕਰਨ ਦੀ ਅਰਦਾਸ ਕੀਤੀ।
ਬਾਬਾ ਦੀਪ ਸਿੰਘ ਜੀ ਜਦੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਉਹਨਾਂ ਨਾਲ 20 ਸਿੰਘ ਸਨ। ਜਦ ਉਹ ਮਾਲਵੇ ਦੇ ਇਲਾਕੇ ਵਿੱਚੋਂ ਲੰਘੇ ਤਾਂ ਸਿੰਘਾਂ ਦੀ ਗਿਣਤੀ 5000 ਹੋ ਗਈ। ਬਾਬਾ ਦੀਪ ਸਿੰਘ ਜੀ ਜਥੇ ਸਮੇਤ ਤਰਨਤਾਰਨ ਸਾਹਿਬ ਪਹੁੰਚੇ। ਸ਼੍ਰੀ ਤਰਨਤਾਰਨ ਸਾਹਿਬ ਪਹੁੰਚ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਅਰਦਾਸ ਕੀਤੀ। ਪੁਸ਼ਾਕੇ ਬਦਲੇ, ਸ਼ਹੀਦੀ ਗਾਨੇ ਬੰਨ੍ਹ ਲਏ। ਬਾਬਾ ਜੀ ਨੇ ਇੱਕ ਲਕੀਰ ਖਿੱਚ ਕੇ ਕਿਹਾ ਕਿ ਜੋ ਸਿੰਘ ਸ਼ਹੀਦ ਹੋਣ ਲਈ ਤਿਆਰ ਹਨ ਸਿਰਫ਼ ਉਹੀ ਲਕੀਰ ਟੱਪਣ, ਬਾਕੀ ਵਾਪਸ ਚਲੇ ਜਾਣ। ਸਾਰੇ ਸਿੰਘ ਗੁਰਧਾਮਾਂ ਦੀ ਰਾਖੀ ਲਈ ਆਪਾ ਕੁਰਬਾਨ ਕਰਨ ਦੇ ਚਾਉ ਨਾਲ ਜੈਕਾਰੇ ਛੱਡਦੇ ਲਕੀਰ ਲੰਘ (ਟੱਪ) ਗਏ।

ਸ਼੍ਰੀ ਤਰਨਤਾਰਨ ਸਾਹਿਬ ਤੋਂ 8 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਪਿੰਡ ਗੋਹਲਵੜ ਵਿਖੇ ਘਮਸਾਣ ਦਾ ਯੁੱਧ ਹੋਇਆ। ਜਹਾਨ ਖਾਂ ਨੇ 20,000 ਦੀ ਸ਼ਕਤੀਸ਼ਾਲੀ ਸੈਨਾ ਲੈ ਕੇ ਸਿੰਘਾਂ ਉੱਤੇ ਹਮਲਾ ਕਰ ਦਿੱਤਾ। ਬਾਬਾ ਦੀਪ ਸਿੰਘ ਜੀ ਨੇ ਸਿੰਘਾਂ ਨੂੰ ਦੁਸ਼ਮਣ ਦੀਆਂ ਫ਼ੌਜਾਂ ’ਤੇ ਟੁੱਟ ਪੈਣ ਲਈ ਲਲਕਾਰਿਆ। ਇਸ ਜੰਗ ਵਿੱਚ ਬਾਬਾ ਦੀਪ ਸਿੰਘ ਜੀ ਆਪਣੇ 18 ਸੇਰ ਦੇ (ਦੋ ਧਾਰੇ) ਖੰਡੇ ਨਾਲ ਜ਼ਾਲਮਾਂ ਦੇ ਆਹੂ ਲਾਹੁੰਦਿਆਂ ਅੱਗੇ ਵੱਧ ਰਹੇ ਸਨ। ਜਹਾਨ ਖਾਂ ਦੇ ਬਹੁਤ ਸਾਰੇ ਸਿਪਾਹੀ ਦੌੜ ਗਏ ਤੇ ਵੱਡੀ ਗਿਣਤੀ ਵਿੱਚ ਮਾਰੇ ਗਏ। ਬਾਬਾ ਦੀਪ ਸਿੰਘ ਜੀ ਦੇ ਕਈ ਸਾਥੀ ਜੰਗ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ। ਅਮਾਨ ਖਾਂ ਨਾਲ ਆਹਮਣੇ-ਸਾਹਮਣੇ ਦੀ ਜੰਗ ਦੌਰਾਨ ਦੋਹਾਂ ਦੇ ਸਾਂਝੇ ਵਾਰ ਨਾਲ ਦੋਨਾਂ ਦੇ ਸੀਸ ਧੜ ਨਾਲੋਂ ਅੱਡ ਹੋ ਗਏ। ਅਮਾਨ ਖਾਂ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਪਰ ਬਾਬਾ ਦੀਪ ਸਿੰਘ ਜੀ ਨੇ ਇੱਕ ਹੱਥ ਦੀ ਤਲੀ ਨਾਲ ਆਪਣੇ ਸੀਸ ਨੂੰ ਸੰਭਾਲਿਆ ਅਤੇ ਦੂਜੇ ਹੱਥ ਨਾਲ ਖੰਡਾ ਚਲਾਉਂਦੇ (ਵਾਹੁੰਦੇ) ਹੋਏ ਅੱਗੇ ਵਧਦੇ ਗਏ। ਬਾਬਾ ਜੀ ਦਾ ਦਿਰੜ੍ਹ ਨਿਸ਼ਚਾ ਸੀ ਕਿ ਉਹ ਸ਼੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਉਪਰੰਤ ਆਪਣਾ ਸੀਸ ਗੁਰੂ ਜੀ ਦੇ ਚਰਨਾਂ ਵਿੱਚ ਭੇਟ ਕਰਕੇ ਹੀ ਸ਼ਹੀਦੀ ਪ੍ਰਾਪਤ ਕਰਨਗੇ। ਬਾਬਾ ਦੀਪ ਸਿੰਘ ਜੀ ਨੂੰ ਪ੍ਰਣ ਚੇਤੇ ਆਇਆ, ਉਹਨਾਂ ਆਪਣਾ ਸੀਸ ਖੱਬੇ ਹੱਥ ਦੀ ਤਲੀ ਨਾਲ ਸੰਭਾਲਦੇ ਹੋਏ, ਜ਼ਾਲਮਾਂ ਨਾਲ ਲੜਦੇ ਹੋਏ, ਸ਼੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਆਪਣਾ ਸੀਸ ਭੇਟ ਕਰਕੇ 11 ਨਵੰਬਰ ਸੰਨ 1757 ਈ: ਨੂੰ 75 ਸਾਲ ਦੀ ਉਮਰ ਬਤੀਤ ਕਰਕੇ ਸ਼ਹੀਦੀ ਪ੍ਰਾਪਤ ਕੀਤੀ।
ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸ਼ਹੀਦੀ ਪ੍ਰਾਪਤ ਕੀਤੀ, ਉਹ ਸਥਾਨ ਸ਼੍ਰੀ ਦਰਬਾਰ ਸਾਹਿਬ ਜੀ ਦੀ ਪਰਕਰਮਾ ਵਿੱਚ ਸਸ਼ੋਭਿਤ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਹੋਰ ਸਿੰਘਾਂ ਦਾ ਜਿੱਥੇ ਸਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਸ਼ਹੀਦਾਂ ਸਸ਼ੋਭਿਤ ਹੈ।
ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸਟ ਅੰਮ੍ਰਿਤਸਰ ਵੱਲੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 26 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਪ੍ਰਚਾਰਕ, ਉੱਘੀਆਂ ਸ਼ਖ਼ਸੀਅਤਾਂ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਕਰਨੈਲ ਸਿੰਘ ਐੱਮ.ਏ. ਲੁਧਿਆਣਾ
#1138/63-ਏ, ਗੁਰੂ ਤੇਗ਼ ਬਹਾਦਰ ਨਗਰ,
ਗਲੀ ਨੰਬਰ 1, ਚੰਡੀਗੜ੍ਹ ਰੋਡ, ਜਮਾਲਪੁਰ,
ਲੁਧਿਆਣਾ।