ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

ਚੰਡੀਗੜ੍ਹ 26 ਜਨਵਰੀ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ   ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੋਦੀ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਤੇ ਕਿਸਾਨਾਂ ਖੇਤ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਉਂਦੇ ਹੋਏ ਲੋਕ-ਕਾਫਲੇ ਦੋ ਘੰਟੇ ਲਗਾਤਾਰ ਮਹਾਂ ਪੰਚਾਇਤ ਦੇ ਪੰਡਾਲ ਵਿੱਚ ਪੁੱਜਦੇ ਰਹੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਸੰਬੋਧਨ ਕਰਤਾ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀਆਂ ਕਿਸਾਨਾਂ ਅੰਦਰ ਫੁੱਟ ਪਾਊ ਸਾਜ਼ਸ਼ਾਂ ਨੂੰ ਨਾਕਾਮ ਕਰਨ ਲਈ ਵੱਖ ਵੱਖ ਧਰਮਾਂ ਨਾਲ ਸਬੰਧਤ ਇਨ੍ਹਾਂ ਛੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟ ਵਿਸ਼ਾਲ ਜੁਝਾਰੂ ਕਿਸਾਨ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਐੱਸ ਵਾਈ ਐੱਲ ਤੇ ਚੰਡੀਗੜ੍ਹ ਵਰਗੇ ਪੰਜਾਬ ਹਰਿਆਣੇ ਦੇ ਲੋਕਾਂ ਦੁਆਰਾ ਭਰਾਤਰੀ ਤੌਰ 'ਤੇ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਫ਼ਿਰਕੂ ਬਦਨੀਅਤ ਨਾਲ ਤੂਲ਼ ਦਿੱਤੇ ਜਾਣ ਦਾ ਪਰਦਾਫਾਸ਼ ਕਰਦੇ ਹੋਏ ਇਨ੍ਹਾਂ ਫੁੱਟਪਾਊ ਕਪਟੀ ਚਾਲਾਂ ਨੂੰ ਦੇਸ਼ ਭਰ ਦੇ ਸਾਂਝੇ ਕਿਸਾਨ ਮਸਲਿਆਂ ਦੇ ਪੁਖਤਾ ਹੱਲ ਲਈ ਜਾਨਹੂਲਵੇਂ ਸੰਘਰਸ਼ ਲੜਨ 'ਤੇ ਜ਼ੋਰ ਦਿੱਤਾ। ਇਸ ਮਹਾਂ ਪੰਚਾਇਤ ਦੇ ਠਾਠਾਂ ਮਾਰਦੇ ਲੱਖਾਂ ਦੇ ਇਕੱਠ ਨੇ ਸਰਕਾਰ ਨੂੰ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਵਾਲ਼ੇ ਜੁਝਾਰੂ ਦਿੱਲੀ ਅੰਦੋਲਨ ਦੀਆਂ ਯਾਦਾਂ ਤਾਜ਼ਾ ਕਰਵਾਉਂਦਿਆਂ ਸੱਤਾਧਾਰੀ ਹਲਕਿਆਂ ਦੇ ਇਸ ਕੂੜ ਪ੍ਰਚਾਰ ਦਾ ਭਾਂਡਾ ਵੀ ਚੌਰਾਹੇ ਭੰਨ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਤਾਂ ਖਿੰਡ ਪੁੰਡ ਗਿਆ ਹੈ।

         ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ 'ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਉਸ ਦੇ ਬਾਪ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕਾਬਲੇ ਦੇ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ 4 ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਬਿਜਲੀ ਬਿੱਲ 2021 ਰੱਦ ਕੀਤਾ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲੇ ਫਸਲੀ ਬੀਮੇ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਵਾਰ ਦੇ ਗੁਜ਼ਾਰੇ ਲਈ ਇਕ ਇਕ ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਆਕਾਸ਼ ਗੁੰਜਾਊ ਨਾਹਰਿਆਂ ਨਾਲ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਅਹਿਦ ਕਰਦਿਆਂ ਮਹਾਂ ਪੰਚਾਇਤ ਦਾ ਅੰਤ ਕੀਤਾ ਗਿਆ।

           

        ਜਾਰੀ ਕਰਤਾ: ਸੁਖਦੇਵ ਸਿੰਘ ਕੋਕਰੀ ਕਲਾਂ