ਗੁਜਰਾਤ ਦੰਗਿਆਂ ਸੰਬੰਧੀ ਬੀਬੀਸੀ ਦੀ ਡਾਕੂਮੈਂਟਰੀ 'ਤੇ ਪਾਬੰਦੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

 ਸਰਬ-ਉੱਚ ਅਦਾਲਤ ਇਸ ਮਾਮਲੇ ਦੀ ਸੁਣਵਾਈ 6 ਫਰਵਰੀ ਨੂੰ ਕਰੇਗੀ

ਨਵੀਂ ਦਿੱਲੀ, 30 ਜਨਵਰੀ (ਜਨ ਸ਼ਕਤੀ ਨਿਊਜ਼ ਬਿਊਰੋ  ) ਸੁਪਰੀਮ ਕੋਰਟ ਗੁਜਰਾਤ ਦੰਗਿਆਂ 'ਤੇ ਬੀਬੀਸੀ ਦੀ ਡਾਕੂਮੈਂਟਰੀ 'ਤੇ ਪਾਬੰਦੀ ਦੀ ਸੁਣਵਾਈ ਲਈ ਸਹਿਮਤ ਹੋ ਗਿਆ ਹੈ।ਸਰਬ-ਉੱਚ ਅਦਾਲਤ ਇਸ ਮਾਮਲੇ ਦੀ ਸੁਣਵਾਈ 6 ਫਰਵਰੀ ਨੂੰ ਕਰੇਗੀ।ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾ ਐਮਐਲ ਸ਼ਰਮਾ ਨੇ ਸੋਮਵਾਰ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਮਾਮਲੇ ਦੀ ਜਲਦੀ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਇਸ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ।ਐਡਵੋਕੇਟ ਐਮਐਲ ਸ਼ਰਮਾ ਨੇ ਆਪਣੀ ਜਨਹਿਤ ਪਟੀਸ਼ਨ ਵਿੱਚ ਸੰਵਿਧਾਨਕ ਸਵਾਲ ਉਠਾਇਆ ਹੈ। ਪਟੀਸ਼ਨ ਵਿੱਚ, ਉਸਨੇ ਸੁਪਰੀਮ ਕੋਰਟ ਨੂੰ ਇਹ ਫੈਸਲਾ ਕਰਨ ਦੀ ਅਪੀਲ ਕੀਤੀ ਹੈ ਕਿ ਕੀ ਨਾਗਰਿਕਾਂ ਨੂੰ ਸੰਵਿਧਾਨ ਦੀ ਧਾਰਾ 19 (1) ਅਤੇ (2) ਦੇ ਤਹਿਤ 2002 ਦੇ ਗੁਜਰਾਤ ਦੰਗਿਆਂ ਦੀਆਂ ਖਬਰਾਂ, ਤੱਥਾਂ ਅਤੇ ਰਿਪੋਰਟਾਂ ਨੂੰ ਦੇਖਣ ਦਾ ਅਧਿਕਾਰ ਹੈ ਜਾਂ ਨਹੀਂ ।