ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ 'ਆਪ' ਵਿਧਾਇਕਾਂ, ਆਗੂਆਂ ਤੇ ਵਰਕਰਾਂ ਉਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 12 ਫ਼ਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)   ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਕਰਕੇ ਅਡਾਨੀ ਗਰੁੱਪ ਨੂੰ ਦਿੱਤੀ ਜਾ ਰਹੀ ਬੇਲੋੜੀ ਗੈਰ-ਕਾਨੂੰਨੀ ਮਦਦ ਦਾ ਵਿਰੋਧ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ, ਅਹੁਦੇਦਾਰਾਂ ਅਤੇ ਵਰਕਰਾਂ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਆਮ ਆਦਮੀ ਪਾਰਟੀ ਦੇ ਬੈਨਰ ਹੇਠ ਵੱਡੀ ਗਿਣਤੀ ਇੱਕਠੇ ਹੋ ਕੇ ਪ੍ਰਦਰਸ਼ਨ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਕਾਰਕੁੰਨ ਜਦੋਂ ਸੈਕਟਰ 37 ਭਾਜਪਾ ਦੇ ਦਫ਼ਤਰ ਵੱਲ ਅੱਗੇ ਵੱਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕਾਡ ਲਗਾ ਕੇ ਰੋਕ ਲਏ। ਜਿਉਂ ਹੀ ਵਰਕਰਾਂ ਨੇ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਰਕਰਾਂ ਹੇਠਾਂ ਡਿੱਗ ਗਏ, ਕਈ ਦੇ ਮਮੂਲੀ ਸੱਟਾਂ ਵੀ ਲੱਗੀਆਂ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਜਿੱਥੇ ਜਨਤਕ ਜਾਇਦਾਦਾਂ ਨੂੰ ਵੇਚ ਰਹੀ ਹੈ ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਲੋਕਾਂ ਲਈ ਕੰਮ ਕਰਨ ਦੀ ਬਜਾਏ ਅਡਾਨੀ ਘਿਰਾਣੇ ਦੇ ਨਿੱਜੀ ਕੰਮਾਂ ਵਿਚ ਰੁਝੇ ਹੋਏ ਹਨ। ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ 'ਤੇ ਗੌਤਮ ਅਡਾਨੀ ਦੀਆਂ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।ਅੱਗੇ ਕਿਹਾ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਨੇ ਜਨਤਕ ਖੇਤਰ ਦੇ ਬੈਂਕਾਂ, ਐਲਆਈਸੀ ਅਤੇ ਹੋਰ ਸੰਸਥਾਵਾਂ ਤੋਂ ਕਰਜ਼ੇ ਦੇ ਰੂਪ ਵਿੱਚ ਪੈਸਾ ਦੇ ਕੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਹੈ।