ਅਜਨਾਲਾ ਥਾਣੇ ਦੇ ਬਾਹਰ ਪ੍ਰਦਰਸ਼ ਕਰਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ਸਾਹਿਬ ਵਾਲੀ ਬੱਸ ’ਚ ਲਿਜਾਣ ’ਤੇ ਸਿੱਖ ਸੰਗਤਾਂ ’ਚ ਰੋਸ

ਕੋਈ ਜਬਰ ਜ਼ੁਲਮ, ਮਨੁੱਖੀ ਹੱਕਾਂ ਨੂੰ ਕੁਚਲਣ ਦੇ ਖ਼ਿਲਾਫ਼ ਜਾਂ ਸਿੱਖਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਸ ਦਾ ਸਿੱਧੇ ਜਾਂ ਅਸਿੱਧੇ ਰੂਪ ’ਚ ਡੱਟਵੀਂ ਹਮਾਇਤ ਕਰਨੀ ਚਾਹੀਦੀ ਹੈ-ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ , 24 ਫਰਵਰੀ  (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ) ਵਾਰਿਸ ਪੰਜਾਬ ਸੰਸਥਾ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਨਵਪ੍ਰੀਤ ਸਿੰਘ ਉਰਫ ਤੂਫਾਨ ਸਿੰਘ ’ਤੇ ਕੀਤੇ ਪਰਚੇ ਨੂੰ ਰੱਦ ਕਰਵਾਉਣ ਤੇ ਰਿਹਾਅ ਕਰਵਾਉਣ ਨੂੰ ਲੈ ਕੇ ਬੀਤੇ ਦਿਨੀਂ ਅਜਨਾਲਾ ਥਾਣੇ ਦੇ ਬਾਹਰ ਪ੍ਰਦਰਸ਼ ਕਰਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ਸਾਹਿਬ ਵਾਲੀ ਬੱਸ ’ਚ ਲਿਜਾਣ ’ਤੇ ਸਿੱਖ ਸੰਗਤਾਂ ’ਚ ਰੋਸ ਹੈ। ਪ੍ਰਦਰਸ਼ਨ ਦਰਮਿਆਨ ਹੋਈ ਝੜਪ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਹੋ ਸਕਦੀ ਸੀ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ’ਤੇ ਵੀ ਪੱਤਰ ਪੁੱਜਣੇ ਸ਼ੁਰੂ ਹੋ ਚੁੱਕੇ ਹਨ।  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਆਪਣੇ ਈ-ਮੀਡੀਆ ’ਤੇ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਜੇ ਕੋਈ ਜਬਰ ਜ਼ੁਲਮ ਦੇ ਖ਼ਿਲਾਫ਼, ਮਨੁੱਖੀ ਹੱਕਾਂ ਨੂੰ ਕੁਚਲਣ ਦੇ ਖ਼ਿਲਾਫ਼ ਜਾਂ ਸਿੱਖਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਸ ਦਾ ਸਿੱਧੇ ਜਾਂ ਅਸਿੱਧੇ ਰੂਪ ’ਚ ਡੱਟਵੀਂ ਹਮਾਇਤ ਕਰਨੀ ਚਾਹੀਦੀ ਹੈ। ਇਸ ਕਾਰਜ ’ਚ ਗੁਰੂ ਸਾਹਿਬ ਅੱਗੇ ਅਰਦਾਸ ਕਰ ਕੇ ਅਸੀਸ ਲੈਣਾ ਵੀ ਜ਼ਰੂਰੀ ਹੈ। ਜਿਥੇ ਸੰਘਰਸ਼ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ’ਚ ਕਮੀ ਆਉਣ ਦਾ ਖ਼ਦਸ਼ਾ ਹੋਵੇ, ਉਥੇ ਜ਼ਰੂਰ ਵਿਚਾਰਨਾ ਚਾਹੀਦਾ ਹੈ ਅਤੇ ਸਾਨੂੰ ਪੁਰਾਤਨ ਇਤਿਹਾਸ ਤੋਂ ਸੇਧ ਲੈ ਲੈਣੀ ਚਾਹੀਦੀ ਹੈ, ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਬਾਰੇ ਸੋਚੋ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਚਤਰ ਸਿੰਘ ਜੀਵਨ ਸਿੰਘ ਦੀ ਪ੍ਰੈੱਸ ਦੇ ਮਸਲੇ ’ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸਾਰੀਆਂ ਪ੍ਰੈੱਸਾਂ ਸਮੇਤ ਗੋਲਡਨ ਆਫਸੈੱਟ ਪ੍ਰੈੱਸ ਦੀ ਮੌਕੇ ’ਤੇ ਜਾ ਕੇ ਸਤਿਕਾਰ ਅਤੇ ਸਾਂਭ-ਸੰਭਾਲ ਸਬੰਧੀ ਹੋ ਰਹੀਆਂ ਤਰੁੱਟੀਆਂ ਬਾਰੇ ਨਿਰੀਖਣ ਕਰ ਕੇ ਆਪਣੀ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਸ ਦਿਨਾਂ ਦੇ ਅੰਦਰ-ਅੰਦਰ ਭੇਜਣ ਲਈ ਕਿਹਾ ਹੈ।