ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਨਾਲ ਹਿੰਦੁਸਤਾਨ ਲੋਕਤੰਤਰ ਤੋਂ ਨਿਰੰਕੁਸ਼ਤਾ ਵੱਲ ਮੁੜਿਆ

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦਾ ਲਗਾਇਆ ਦੋਸ਼

ਨਵੀਂ ਦਿੱਲੀ 5 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀਆਂ ਨੌਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਹਿੰਦੁਸਤਾਨ ਲੋਕਤੰਤਰ ਤੋਂ ਨਿਰੰਕੁਸ਼ਤਾ ਵੱਲ ਮੁੜਿਆ ਜਾਪਦਾ ਹੈ ਅਤੇ ਰਾਜਪਾਲ ਵਰਗੇ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਹੋ ਰਹੀ ਹੈ। ਇਹ ਸਾਡੇ ਲੋਕਤੰਤਰ ਲਈ ਚੰਗਾ ਨਹੀਂ ਹੈ। ਪੱਤਰ ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਦੇ ਮਾਮਲੇ ਦੇ ਜ਼ਿਕਰ ਨਾਲ ਸਿਸੋਦੀਆ 'ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ, ਇਹ ਸਿਆਸੀ ਸਾਜ਼ਿਸ਼ ਦਾ ਮੂੰਹ ਚਿੜਾ ਰਿਹਾ ਹੈ ਜਿਸ ਕਰਕੇ ਉਸ ਦੀ ਗ੍ਰਿਫ਼ਤਾਰੀ ਕਾਰਨ ਦੇਸ਼ ਭਰ ਦੇ ਲੋਕਾਂ ਦੇ ਮਨਾਂ ਵਿੱਚ ਗੁੱਸਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿਸੋਦੀਆ ਦਿੱਲੀ ਦੀ ਸਕੂਲੀ ਸਿੱਖਿਆ ਨੂੰ ਬਦਲਣ ਲਈ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹੈ। ਦੁਨੀਆ ਭਰ ਦੇ ਲੋਕ ਉਸ ਦੀ ਗ੍ਰਿਫਤਾਰੀ ਨੂੰ ਹਿੰਦੁਸਤਾਨ 'ਚ ਵਿਰੋਧੀਆਂ ਖਿਲਾਫ ਸਿਆਸੀ ਬਦਲਾਖੋਰੀ ਵਜੋਂ ਦੇਖ ਰਹੇ ਹਨ। ਦੁਨੀਆ ਪਹਿਲਾਂ ਹੀ ਸ਼ੱਕ ਕਰ ਰਹੀ ਹੈ ਕਿ ਭਾਜਪਾ ਦੇ ਸ਼ਾਸਨ ਤੋਂ ਹਿੰਦੁਸਤਾਨ ਦੀਆਂ ਜਮਹੂਰੀ ਕਦਰਾਂ-ਕੀਮਤਾਂ ਨੂੰ ਖ਼ਤਰਾ ਹੈ ਇਸ ਲਈ ਅਜਿਹੀ ਕਾਰਵਾਈ ਇਸ ਸ਼ੱਕ ਦੀ ਪੁਸ਼ਟੀ ਕਰਦੀ ਹੈ।

ਪੱਤਰ 'ਚ ਦੋਸ਼ ਲਗਾਇਆ ਗਿਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਦੋਸ਼ੀ ਨੇਤਾਵਾਂ ਨੂੰ ਭਾਜਪਾ 'ਚ ਸ਼ਾਮਲ ਹੋਣ 'ਤੇ ਰਾਹਤ ਮਿਲੀ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਅਤੇ ਸਾਬਕਾ ਟੀਐਮਸੀ ਨੇਤਾਵਾਂ ਸ਼ੁਭੇਂਦੂ ਅਧਿਕਾਰੀ ਅਤੇ ਮੁਕੁਲ ਰਾਏ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ, ਇਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਏ ਵਿਰੋਧੀ ਨੇਤਾਵਾਂ ਦੇ ਖਿਲਾਫ ਕੇਸਾਂ ਵਿੱਚ ਜਾਂਚ ਏਜੰਸੀਆਂ ਹੌਲੀ ਹਨ।

ਪੀ ਐਮ ਮੋਦੀ ਨੂੰ ਲਿਖੇ ਗਏ ਪੱਤਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਐਨਸੀਪੀ ਨੇਤਾ ਸ਼ਰਦ ਪਵਾਰ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ, ਸ਼ਿਵ ਸੈਨਾ ਊਧਵ ਠਾਕਰੇ ਧੜੇ ਦੇ ਨੇਤਾ ਊਧਵ ਠਾਕਰੇ ਅਤੇ ਸਮਾਜਵਾਦੀ ਪਾਰਟੀ ਨੇਤਾ ਅਖਿਲੇਸ਼ ਯਾਦਵ ਨੇ ਦਸਤਖਤ ਕੀਤੇ ਹਨ।