ਸਭ ਰਿਸ਼ਤਿਆਂ ‘ਚੋਂ ਸਿਰਫ ਮਾਂ ਦਾ ਰਿਸ਼ਤਾ ਹੀ ਸਭ ਤੋਂ ਸੱਚਾ ਹੈ ✍️ ਪ੍ਰੋ ਗਗਨਦੀਪ ਧਾਲੀਵਾਲ ਝਲੂਰ

ਦੋਸਤੋਂ ਮਾਂ ਸ਼ਬਦ ਮੂੰਹੋਂ ਨਿਕਲਦੇ ਹੀ ਦਿਲ ਨੂੰ ਬਹੁਤ ਪਿਆਰਾ ਲੱਗਦਾ ਹੈ ਤੇ ਦਿਲ ਨੂੰ ਸਕੂਨ ਜਿਹਾ ਮਿਲ ਜਾਂਦਾ ਹੈ।ਜਿੰਨੀ ਨਿੱਘ ਤੇ ਮਿਠਾਸ ਮਾਂ ਸ਼ਬਦ ਵਿੱਚ ਭਰੀ ਹੈ ਸਾਇਦ ਦੁਨੀਆਂ ਦੀ ਹੋਰ ਕਿਸੇ ਵੀ ਚੀਜ ਵਿੱਚ ਨਹੀਂ ਮਿਲਦੀ।ਮਾਂ ਦਾ ਪਿਆਰ ਕਦੇ ਵੀ ਮਾਪਿਆ ਨਹੀਂ ਜਾ ਸਕਦਾ।ਮਾਂ ਦੇ ਪਿਆਰ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ।ਮਾਂ ਲਾਡ ਪਿਆਰ ਕਰਦੀ ਹੈ ਰੀਝਾਂ ਤੇ ਸੱਧਰਾਂ ਨਾਲ ਬੱਚੇ ਦਾ ਪਾਲਣ ਪੋਸਣ ਕਰਦੀ ਹੈ।ਇੱਕ ਮਾਂ ਹੀ ਹੈ ਜੋ ਆਪਣੀ ਕੁੱਖ ਵਿੱਚ ਬੱਚੇ ਨੂੰ ਨੌ ਮਹੀਨੇ ਰੱਖ ਕੇ ਦੁੱਖ ਝੱਲ ਕੇ ਫਿਰ ਜਨਮ ਦਿੰਦੀ ਹੈ।ਮਾਂ ਬੱਚੇ ਨੂੰ ਪੇਟ ਵਿੱਚ ਰੱਖ ਕੇ ਆਪਣੇ ਖ਼ੂਨ ਨਾਲ ਪਾਲ ਕੇ ਜਨਮ ਦਿੰਦੀ ਹੈ । ਮਾਂ ਆਪ ਗਿੱਲੀ ਥਾਂ ਤੇ ਪੈ ਕੇ ਬੱਚਿਆਂ ਨੂੰ ਸੁੱਕੀ ਥਾਂ ਤੇ ਪਾਉਂਦੀ ਹੈ ।ਦੋਸਤੋਂ ਚਾਹੇ ਘਰ ਵਿੱਚ ਸਾਰੇ ਮੈਂਬਰ ਹੋਣ ਪਰ ਮਾਂ ਨਾ ਹੋਵੇ ਤਾਂ ਘਰ ਖਾਲ਼ੀ ਜਾਪਦਾ ਹੈ ਭਾਵ ਘਰ ਵੱਢ ਖਾਣ ਨੂੰ ਪੈਂਦਾ ਹੈ।ਸਿਆਣੇ ਕਹਿੰਦੇ ਹਨ ਕਿ ਧੀਆਂ ਦੇ ਪੇਕੇ ਤਾਂ ਮਾਂ ਨਾਲ ਹੀ ਹੁੰਦੇ ਹਨ।ਮਾਂ ਕਦੇ ਵੀ ਆਪਣੇ ਬੱਚਿਆਂ ਦੇ ਲੱਗੀ ਸੱਟ ਨਹੀਂ ਝੱਲ ਸਕਦੀ।ਮਾਂ ਦੇ ਪੈਰ੍ਹਾਂ ਵਿੱਚ ਜੰਨਤ ਦਾ ਨਜ਼ਾਰਾ ਹੁੰਦਾ ਹੈ।ਇਹ ਓਹੀ ਲੋਕ ਮਾਣਦੇ ਹਨ ਜੋ ਮਾਂ ਦਾ ਸਤਿਕਾਰ ਕਰਕੇ ਉਸਦੀ ਕਦਰ ਕਰਦੇ ਹਨ ਤੇ ਮਾਂ ਦਾ ਆਸ਼ਿਰਵਾਦ ਪ੍ਰਾਪਤ ਕਰਦੇ ਹਨ।ਉਦਾਹਰਨ ਵਜੋਂ ਇਬਰਾਹਿਮ ਲਿੰਕਨ ਨੇ ਕਿਹਾ ਹੈ ਕਿ

” ਮੈਂ ਅੱਜ ਜੋ ਕੁੱਝ ਵੀ ਹਾਂ ਜਾ ਬਣ ਸਕਦਾ ਹਾਂ।”ਉਹ ਸਿਰਫ ਆਪਣੀ ਮਾਂ ਕਰਕੇ ਹੀ ਹਾਂ।ਮਾਂ ਦਾ ਪਿਆਰ ਨਸੀਬਾਂ ਵਾਲਿਆਂ ਨੂੰ ਮਿਲਦਾ ਹੈ।ਮਾਂ ਤਾਂ ਰੱਬ ਦਾ ਦੂਜਾ ਰੂਪ ਹੈ।ਪੰਜਾਬੀ ਮਸਹੂਰ ਗਾਇਕ ਕੁਲਦੀਪ ਮਾਣਕ ਨੇ ਆਪਣੇ ਗੀਤ ਵਿੱਚ ਮਾਂ ਬਾਰੇ ਸੱਚ ਕਿਹਾ ਹੈ-

ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲਿਓ ।ਹਰਭਜਨ ਮਾਨ ਦੇ ਗੀਤ ਵਿੱਚ ਵੀ ਮਾਂ ਬਾਰੇ ਬਹੁਤ ਪਿਆਰੇ ਸ਼ਬਦ ਕਹੇ ਹਨ-

ਮਾਵਾਂ ਮਾਵਾਂ ਮਾਵਾਂ ਮਾਂ ਜੰਨਤ ਦਾ ਪਰਛਾਵਾਂ

ਮਾਂਏ ਤੇਰੇ ਵੇਹੜੇ ਵਿਚ ਰੱਬ ਵਸਦਾ 

ਤੈਥੋਂ ਪਲ ਵੀ ਦੂਰ ਨਾ ਜਾਵਾਂ।

ਇੱਕ ਮਾਂ ਹੀ ਹੈ ਜਿਸਦਾ ਦੇਣਾ ਕੋਈ ਨਹੀਂ ਦੇ ਸਕਦਾ। ਮਾਂ ਸਾਡੇ ਲਈ ਬਹੁਤ ਕੁੱਝ ਕਰਦੀ ਹੈ ਸਾਡੀ ਖੁਸ਼ੀ ਲਈ ਆਪ ਦੁੱਖ ਸਹਾਰਦੀ ਹੈ।ਅਸੀਂ ਕਿੰਨੀ ਮਰਜੀ ਕੋਸ਼ਿਸ਼ ਕਰ ਲਈਏ ਪਰ ਮਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦੇ। ਮਾਂ ਦੀ ਮਮਤਾ ਹਮੇਸ਼ਾ ਨਿਰ-ਸਵਾਰਥ ਹੁੰਦੀ ਹੈ।ਦੋਸਤੋਂ ਇਸ ਦੁਨੀਆਂ ਦੇ ਜਿੰਨੇ ਵੀ ਰਿਸ਼ਤੇ ਹਨ ਸਭ ਮਤਲਬੀ ਹਨ ਸਿਰਫ ਮਾਂ ਦਾ ਰਿਸ਼ਤਾ ਹੀ ਅਜਿਹਾ ਹੈ ਜੋ ਬਿਨਾਂ ਮਤਲਬ ਲਾਲਚ ਦੇ ਹੈ।ਮਾਂ ਦਾ ਰਿਸ਼ਤਾ ਹੀ ਸਭ ਤੋਂ ਸੱਚਾ ਹੈ।ਕਿਸੇ ਸਾਇਰ ਨੇ ਸਹੀ ਕਿਹਾ ਹੈ ਕਿ —

ਮਾਂ ਦੇ ਲਈ ਸੱਭ ਨੂੰ ਛੱਡ ਦਿਓ... 

ਪਰ ਸੱਭ ਦੇ ਲਈ ਕਦੇ ਮਾਂ ਨੂੰ ਨਾ ਛੱਡਿੳ

ਮਾਂ ਕਦੇ ਵੀ ਕਿਸੇ ਵੀ ਚੀਜ ਏਥੋਂ ਤੱਕ ਕਿ ਪਿਆਰ ਦਾ ਵੀ ਦਿਖਾਵਾ ਨਹੀਂ ਕਰਦੀ।ਮਾਂ ਤਾਂ ਮਾਂ ਹੀ ਹੁੰਦੀ ਹੈ ਮਾਂ ਨਾਲ ਹੀ ਸਾਰਾ ਕੁੱਝ ਚੰਗਾ ਲੱਗਦਾ ਹੈ।ਜੋ ਲੋਕ ਮਾਂ ਦੀ ਕਦਰ ਕਰਦੇ ਹਨ ਉਹ ਹਮੇਸ਼ਾ ਖੁਸ਼ ਰਹਿੰਦੇ ਹਨ।ਜਦੋਂ ਕਿਸੇ ਇਨਸਾਨ ਨੂੰ ਸਾਰੀ ਦੁਨੀਆਂ ਬੇਗਾਨਾ ਕਰ ਦਿੰਦੀ ਹੈ।ਭਾਵ ਦੁਰਕਾਰ ਦਿੰਦੀ ਹੈ ਤਾਂ ਇੱਕ ਮਾਂ ਹੀ ਹੈ ਜੋ ਉਸਨੂੰ ਸਹਾਰਾ ਦਿੰਦੀ ਹੈ ਗੱਲ ਨਾਲ ਲਾਉਂਦੂ ਹੈ। ਦੋਸਤੋਂ ਸਭ ਤੋਂ ਅਨਮੋਲ ,ਸਦੀਵੀ ,ਅਨੋਖਾ ਰਿਸ਼ਤਾ ਮਾਂ ਦਾ ਹੁੰਦਾ ਹੈ ।ਮਾਂ ਦਾ ਪਿਆਰ ਰਿਸ਼ਤਾ ਅਜਿਹਾ ਹੁੰਦਾ ਹੈ ਜੋ ਹਰ ਇੱਕ ਮਨੁੱਖ ਚਾਹੁੰਦਾ ਹੈ ਕਿ ਮਾਂ ਕਦੇ ਨਾ ਵਿਛੜੇ ,ਮਾਂ ਦਾ ਪਿਆਰ ਕਦੇ ਨਾ ਖੁੱਸੇ। ਦੁਨੀਆਂ ਦੀਆਂ ਸਭ ਚੀਜ਼ਾਂ ‘ਚੋਂ ਇੱਕ ਸਿਰਫ ਮਾਂ ਦਾ ਪਿਆਰ ਹੀ ਸੱਚਾ ਹੈ

ਮੈਂ ਇਹੋ ਦੁਆ ਕਰਦੀ ਹਾਂ ਕਿ ਦੁਨੀਆਂ ਦੀ ਹਰ ਇੱਕ ਮਾਂ ਹਮੇਸ਼ਾ ਖੁਸ਼ ਰਹੇ ਤੇ ਕਦੇ ਵੀ ਮਾਂ ਨੂੰ ਕੋਈ ਤੱਤੀ ਵਾਹ ਨਾ ਲੱਗੇ।ਦੁਨੀਆਂ ਦੀ ਹਰ ਮਾਂ ਲਈ ਮੇਰੀ ਕਲਮ ਚੋਂ ਇੱਕ ਸ਼ਾਇਰ —

 

ਮਾਂ ਸ਼ਬਦ ਹੋਵੇ ਮੇਰੀ ਕਲਮ ਦੀ ਨੁੱਕਰੇ ,

ਬੱਸ ਮਾਂ ਖੁਸ਼ ਰਹੇ ਇਹੋ ਹੀ ਉੱਕਰੇ ।

ਮਾਂ ਦੇ ਹਿੱਸੇ ਦੇਵੀ ਹਰ ਸੁੱਖ ਮੇਰਾ ,

ਮਾਂ ਦੀ ਅੱਖ ਚੋਂ ਕਦੇ ਵੀ ਹੰਝੂ ਨਾ ਨੁੱਚੜੇ।

ਗਗਨ ਮਾਂ ਦੇ ਪੈਰ੍ਹੀ ਹੀ ਜੰਨਤ ਹੈ ,

ਰੱਬਾ ਇਹ ਜੰਨਤ ਕਦੇ ਨਾ ਉੱਜੜੇ ।

 

ਅਸਿਸਟੈਂਟ ਪ੍ਰੋ. ਗਗਨਦੀਪ ਕੌਰ ਧਾਲੀਵਾਲ।

ਝਲੂਰ ਬਰਨਾਲਾ ।