ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਨਵੀਂ ਦਿੱਲੀ, 23 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।
ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਤੇ ਵਿਸ਼ੇਸ਼ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਹੋਇਆ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਿੱਖ ਧਰਮ ਤੋਂ ਇਲਾਵਾ ਸ਼ਹਾਦਤਾਂ ਦੇਣ ਦਾ ਇਤਿਹਾਸ ਕਿਸੇ ਵੀ ਹੋਰ ਧਰਮ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਗੁਰੂ ਅਰਜਨ ਦੇਵ ਜੀ ਨੇ ਧਰਮ ਖਾਤਰ ਸੰਸਾਰ ਵਿਚ ਸਭ ਤੋਂ ਪਹਿਲੀ ਸ਼ਹਾਦਤ ਦਿੱਤੀ ਜਿਸ ਕਾਰਨ ਉਹਨਾਂ ਨੂੰ ਸ਼ਹੀਦਾਂ ਦਾ ਸਿਰਤਾਜ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਇਤਿਹਾਸ ਪੜ੍ਹ ਕੇ ਵੇਖ ਲਵੋ ਉਹਨਾਂ ਤੋਂ ਪਹਿਲਾਂ ਕਿਸੇ ਨੇ ਵੀ ਆਪਣੇ ਧਰਮ ਲਈ ਜਾਂ ਕਿਸੇ ਵੀ ਧਰਮ ਲਈ ਸ਼ਹਾਦਤ ਨਹੀਂ ਦਿੱਤੀ ਸੀ।
ਉਹਨਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਆਪਣੇ ਤੋਂ ਪਹਿਲੇ ਚਾਰੋ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਨੂੰ ਇਕੱਠਾ ਕਰ ਕੇ ਆਦਿ ਗ੍ਰੰਥ ਦੇ ਰੂਪ ਵਿਚ ਸ੍ਰੀ ਹਰਿਮੰਦਿਰ ਸਾਹਿਬ ਵਿਚ ਸੁਸ਼ੋਭਿਤ ਕੀਤਾ ਸੀ। ਉਹਨਾਂ ਕਿਹਾ ਕਿ ਉਹਨਾਂ ਕੋਲ ਵੱਡੀ ਗਿਣਤੀ ਵਿਚ ਸੰਗਤਾਂ ਆਉਂਦੀਆਂ ਸਨ ਤੇ ਦੀਵਾਨ ਵਿਚ ਗੁਰਬਾਣੀ ਸਰਵਣ ਕਰਦੀਆਂ ਸਨ। ਉਹਨਾਂ ਕਿਹਾ ਕਿ ਜਦੋਂ ਗੁਰੂ ਸਾਹਿਬ ਕੋਲ ਵੱਡੀ ਗਿਣਤੀ ਵਿਚ ਸੰਗਤ ਦਾ ਇਕੱਠ ਹੋਣ ਲੱਗ ਪਿਆ ਤੇ ਉਥੇ ਮੌਕੇ ਦੇ ਸ਼ਾਸ਼ਕ ਜਹਾਂਗੀਰ ਦੀ ਵਧੀਕੀ ਦੇ ਖਿਲਾਫ ਗੱਲਾਂ ਹੋਣ ਲੱਗੀਆਂ ਤਾਂ ਜਹਾਂਗੀਰ ਤੋਂ ਇਹ ਗੱਲ ਬਰਦਾਸ਼ਤ ਨਾ ਹੋਈ ਤੇ ਉਸਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਸੁਣਾਇਆ ਜਿਸ ’ਤੇ ਗੁਰੂ ਸਾਹਿਬ ਨੂੰ ਲਾਹੌਰ ਵਿਚ ਤੱਤੀ ਤਵੀ ’ਤੇ ਬਿਠਾ ਕੇ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ।
ਉਹਨਾਂ ਕਿਹਾ ਕਿ ਜੇਕਰ ਗੁਰੂ ਸਾਹਿਬ ਚਾਹੁੰਦੇ ਤਾਂ  ਤੱਤੀ ਤਵੀ ਨੂੰ ਉਹ ਠਾਰ ਵੀ ਸਕਦੇ ਸਨ ਤੇ ਕੋਈ ਵੀ  ਕੌਤਕ ਵਰਤਾ ਸਕਦੇ ਸਨ ਪਰ ਉਹਨਾਂ ਅਜਿਹਾ ਨਹੀਂ ਕੀਤਾ ਸਗੋਂ ਆਪਣੀ ਸ਼ਹਾਦਤ ਦੇਣ ਨੂੰ ਤਰਜੀਹ ਦਿੱਤੀ ਤੇ ਸਾਨੂੰ ਦੱਸਿਆ ਕਿ ਹਮੇਸ਼ਾ ਪਰਮਾਤਮਾ ਦੀ ਰਜ਼ਾ ਵਿਚ ਰਹਿਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਗਰੋਂ ਸਿੱਖਾਂ ਵਿਚ ਸ਼ਹਾਦਤ ਦੇਣ ਦਾ ਸਿਲਸਿਲਾ ਸ਼ੁਰੂ ਹੋਇਆ ਤੇ ਗੁਰੂ ਤੇਗ ਬਹਾਦਰ ਸਾਹਿਬ ਨੇ ਕਸ਼ਮੀਰੀ ਪੰਡਤਾਂ ਦੀ ਖਾਤਰ ਚਾਂਦਨੀ ਚੌਂਕ ਵਿਚ ਸ਼ਹਾਦਤ ਦਿੱਤੀ। ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਨੇ ਸ਼ਹਾਦਤ ਦਿੱਤੀ। ਭਾਈ ਮਨੀ ਸਿੰਘ ਨੇ ਬੰਦ ਬੰਦ ਕਟਵਾਇਆ, ਭਾਈ ਤਾਰੂ ਸਿੰਘ ਨੇ ਖੋਪੜੀ ਲੁਹਾਈ ਪਰ ਆਪਣੇ ਕੇਸ ਕਤਲ ਨਹੀਂ ਹੋਣ ਦਿੱਤੇ ਤੇ ਸਿੱਖੀ ’ਤੇ ਆਓ ਨਹੀਂ ਆਉਣ ਦਿੱਤੀ। ਗੁਰੂ ਗੋਬਿੰਦ ਸਿੰਘ ਸਾਹਿਬ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਾਸਤੇ ਅਸੀਂ ਅਦਾਲਤਾਂ ਵਿਚ ਲੰਬੀ ਲੜਾਈ ਲੜੀ ਹੈ ਜਿਸਦੇ ਨਤੀਜੇ ਵਜੋਂ ਸੱਜਣ ਕੁਮਾਰ ਤੇ ਹੋਰ ਦੋਸ਼ੀ ਅੱਜ ਜੇਲ੍ਹਾਂ ਵਿਚ ਹਨ ਤੇ ਹੁਣ ਜਗਦੀਸ਼ ਟਾਈਟਲਰ ਖਿਲਾਫ ਵੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ।ਉਹਨਾਂ ਕਿਹਾ ਕਿ ਸਿਰਫ ਦਿੱਲੀ ਜਾਂ ਦੇਸ਼ ਅੰਦਰ ਹੀ ਨਹੀਂ ਬਲਕਿ ਸਮੁੱਚੀ ਦੁਨੀਆਂ ਅੰਦਰ ਦਿੱਲੀ ਗੁਰਦੁਆਰਾ ਕਮੇਟੀ ਦਾ ਨਾਂ ਹੈ ਕਿ ਉਹ ਕੌਮ ਦੀ ਮਦਦ ਵਾਸਤੇ ਹਮੇਸ਼ਾ ਤਤਪਰ ਰਹਿੰਦੀ ਹੈ।
ਉਹਨਾਂ ਕਿਹਾ ਕਿ ਅਸੀਂ ਦਿੱਲੀ ਤੋਂ ਇਲਾਵਾ ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿਚ ਵੱਡੀ ਪੱਧਰ ’ਤੇ ਧਰਮ ਪ੍ਰਚਾਰ ਕਰ ਰਹੇ ਹਾਂ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਰਾਜਸਥਾਨ ਵਿਚ ਅਲਵਰ ਵਿਖੇ ਵੱਡਾ ਸਮਾਗਮ ਹੋਇਆ ਜਿਸ ਵਿਚ 1500 ਤੋਂ ਵੱਧ ਸਿੰਘ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।
ਉਹਨਾਂ ਇਹ ਵੀ ਦੱਸਿਆ ਕਿ ਕਮੇਟੀ ਵੱਲੋਂ ਦਿੱਲੀ ਦੇ ਸਾਰੇ 46 ਵਾਰਡਾਂ ਵਿਚ ਗੁਰਮਤਿ ਸੈਂਟਰ  ਬਣਾਏ ਗਏ ਜਿਥੇ 5 ਤੋਂ 25 ਜੂਨ ਤੱਕ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਵਿਚ ਗੁਰਸਿੱਖੀ ਜੀਵਨ ਜਾਚ ਸਿਖਾਈ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਸਿੱਖੀ ਜੀਵਨ ਨਾਲ ਜੋੜਨ।
ਉਹਨਾਂ ਕਿਹਾ ਕਿ ਅਜਿਹੇ ਸਾਰੇ ਕਾਰਜ ਦਿੱਲੀ ਗੁਰਦੁਆਰਾ
ਕਮੇਟੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ 10ਵੀਂ ਤੇ 12ਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਆਇਆ ਹੈ। ਉਹਨਾਂ ਕਿਹਾ ਕਿ ਇਸ ਕੰਮ ਵਿਚ ਸਕੂਲਾਂ ਦੇ ਸਟਾਫ ਦਾ ਵੱਡਾ ਰੋਲ ਹੈ। ਉਹਨਾਂ ਦੱਸਿਆ ਕਿ ਅਸੀਂ ਸਟਾਫ ਵਾਸਤੇ 55 ਕਰੋੜ ਰੁਪਏ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੇ ਬਕਾਏ ਵੀ ਅਸੀਂ ਨਿਪਟਾਏ ਹਨ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚਾਹੁੰਦੇ ਹਨ ਕਿ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਸਿਖਾਉਣੀ ਹੈ ਤਾਂ ਫਿਰ ਆਪਣੇ ਬੱਚੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਦਾਖਲ ਕਰਵਾਏ ਜਾਣ। ਉਹਨਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਸਿੱਖਿਆ ਲਈ ਲੋੜੀਂਦਾ ਪੂਰਾ ਮਿਆਰੀ ਢਾਂਚਾ ਵੀ ਹੈ ਤੇ ਗੁਰਸਿੱਖੀ ਜੀਵਨ ਜਾਂਚ ਵੀ ਇਥੇ ਸਿਖਾਈ ਜਾਂਦੀ ਹੈ।    
ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਨਿਭਾਈ। ਇਸ ਮੌਕੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰ ਗੁਰਦੇਵ ਸਿੰਘ, ਹਰਜੀਤ ਸਿੰਘ ਪੱਪਾ, ਅਮਰਜੀਤ ਸਿੰਘ ਪਿੰਕੀ, ਪਰਮਜੀਤ ਸਿੰਘ ਚੰਢੋਕ, ਕੁਲਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।