ਰਾਏਕੋਟ 'ਚ 30 ਬਿਸਤਰਿਆਂ ਵਾਲਾ ਨਵਾਂ ਜੱਚਾ-ਬੱਚਾ ਹਸਪਤਾਲ ਅਗਲੇ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ

 ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ - ਕੈਬਨਿਟ ਮੰਤਰੀ

ਪੰਜਾਬ 'ਚ 550 ਹਾਊਸ ਸਰਜਨਾਂ ਦੀ ਭਰਤੀ ਮੁਕੰਮਲ, 31 ਲੱਖ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਿਆ ਲਾਭ

ਰਾਏਕੋਟ, 28 ਜੂਨ(  ਗੁਰਭਿੰਦਰ ਗੁਰੀ  ) - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ ਜਿੱਥੇ ਆਮ ਲੋਕਾਂ ਨੂੰ ਮਿਆਰੀ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਰਾਏਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਣ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲ ਲਈ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਵੀ ਮੁਕੰਮਲ ਹੋ ਚੁੱਕੀ ਹੈ ਅਤੇ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੀ ਤਾਇਨਾਤੀ ਕਰ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਇਹ ਹਸਪਤਾਲ ਹਲਕਾ ਰਾਏਕੋਟ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਓ.ਪੀ.ਡੀ. ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਯੂਨਾਈਜ਼ੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈ.ਸੀ.ਜੀ. ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 31 ਲੱਖ ਲੋਕ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 550 ਹਾਊਸ ਸਰਜਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 46 ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਵੇਗਾ।