ਸਬ ਜੇਲ੍ਹ ਮੋਗਾ ਦੇ 500 ਮੀਟਰ ਰੇਡੀਅਸ ਏਰੀਆ ਨੂੰ 'ਨੋ ਡਰੋਨ ਜੋਨ' ਘੋਸ਼ਿਤ ਕਰਨ ਦੇ ਆਦੇਸ਼ ਜਾਰੀ

ਹੁਕਮਾਂ ਦੀ ਉਲੰਘਣਾ 'ਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 26 ਜੁਲਾਈ (ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੇ ਚਾਰੇ ਪਾਸੇ 500 ਮੀਟਰ ਦੇ ਏਰੀਆ ਨੂੰ 'ਨੋ ਡਰੋਨ ਜੋਨ' ਏਰੀਆ ਘੋਸ਼ਿਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਬ ਜੇਲ੍ਹ ਮੋਗਾ ਦੇ 500 ਮੀਟਰ ਰੇਡੀਅਸ ਏਰੀਆ ਨੂੰ 'ਨੋ ਡਰੋਨ ਜੋਨ' ਘੋਸ਼ਿਤ ਕਰਦੇ ਹੋਏ ਡਰੋਨ ਦੀ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ 23 ਸਤੰਬਰ, 2023 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਨੂੰ ਦੱਸਿਆ ਕਿ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਉਕਤ ਆਦੇਸ਼ ਦੀ ਉਲੰਘਣਾ ਕਰਕੇ ਡਰੋਨ ਚਲਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।