ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ 

 ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓ. ਵੱਲੋਂ ਕੀਤੇ ਕਾਰਜ਼ਾਂ ਦੀ ਕੀਤੀ ਸਮੀਖਿਆ
 31 ਅਗਸਤ ਤੱਕ ਵੋਟਾਂ ਦੀ ਵੈਰੀਫਿਕੇਸ਼ਨ ਦਾ ਕੰਮ ਹਰ ਹੀਲੇ ਕੀਤਾ ਜਾਵੇ ਮੁਕੰਮਲ - ਸੁਰਭੀ ਮਲਿਕ
ਲੁਧਿਆਣਾ, 25 ਅਗਸਤ (ਟੀ. ਕੇ. )
- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ। ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫਸਰਾਂ ਵੱਲੋਂ ਕੀਤੇ ਗਏ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 21 ਜੁਲਾਈ ਤੋਂ 31 ਅਗਸਤ, 2023 ਤੱਕ ਸਾਰੇ ਬੂਥ ਲੈਵਲ ਅਫਸ਼ਰਾਂ ਵੱਲੋਂ ਘਰ-ਘਰ ਜਾ ਕੇ ਵੋਟਾਂ ਦੀ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। 

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਕੁੱਝ ਬੂਥ ਲੈਵਲ ਅਫਸਰਾਂ ਵੱਲੋਂ ਕੀਤੇ ਗਏ ਕੰਮ ਦੀ ਗਤੀ ਮੱਧਮ ਹੋਣ ਸਬੰਧੀ ਪੁੱਛਿਆ ਗਿਆ ਤਾਂ ਉਹਨਾਂ ਵੱਲੋਂ ਦੱਸਿਆ ਗਿਆ ਕਿ ਐਪ ਦੀ ਅਪਡੇਸ਼ਨ ਹੋਣ ਕਾਰਨ ਐਪ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀਂ ਸੀ ਅਤੇ ਡਾਟਾ ਆਫਲਾਈਨ ਪ੍ਰਾਪਤ ਕੀਤਾ ਗਿਆ ਜਿਸਨੂੰ ਬਾਅਦ ਵਿੱਚ ਆਨਲਾਈਨ ਆਪਡੇਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣਾ ਕੰਮ 100 ਫੀਸਦ ਪੂਰਾ ਕਰ ਲਿਆ ਗਿਆ, ਉਨ੍ਹਾਂ ਦੀ ਹੌਂਸਲਾ ਅਫਜਾਈ ਲਈ ਪ੍ਰਸੰਸਾ ਪੱਤਰ ਜਾਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ। 

ਉਨ੍ਹਾਂ ਸਪੱਸ਼ਟ ਕੀਤਾ ਜਿਹੜੇ ਬੂਥ ਲੈਵਲ ਅਫ਼ਸਰਾਂ ਦਾ ਕੰਮ ਹਾਲੇ ਮੁਕੰਮਲ ਨਹੀਂ ਹੋਇਆ ਉਹ 31 ਅਗਸਤ, 2023 ਤੱਕ ਹਰ ਹੀਲੇ ਕੰਮ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋ ਇਲਾਵਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਚੌਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੀ ਆਪਣੇ ਪੱਧਰ 'ਤੇ ਆਪਣੇ ਚੋਣ ਹਲਕਿਆਂ ਦੇ 10-10 ਬੂਥ ਲੈਵਲ ਅਫ਼ਸਰਾਂ ਦੇ ਕਾਰਜ਼ਾਂ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਗਈ।