ਵਿਧਾਇਕ ਪਰਾਸ਼ਰ ਵਲੋਂ 2.33 ਕਰੋੜ ਰੁਪਏ ਦੇ ਤਿੰਨ ਸੜਕ ਪੁਨਰ ਨਿਰਮਾਣ ਪ੍ਰਾਜੈਕਟਾਂ ਦਾ ਉਦਘਾਟਨ

ਲੁਧਿਆਣਾ, 27 ਸਤੰਬਰ(ਟੀ. ਕੇ.) ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ 2.33 ਕਰੋੜ ਰੁਪਏ ਦੇ ਤਿੰਨ ਸੜਕਾਂ ਦੇ ਪੁਨਰ ਨਿਰਮਾਣ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਕਾਰਜਾਂ ਵਿੱਚ ਬਸਤੀ ਜੋਧੇਵਾਲ ਤੋਂ ਸੁੰਦਰ ਨਗਰ ਇਲਾਕੇ ਨੂੰ ਜਾਣ ਵਾਲੀ ਸੜਕ ਦੇ ਪੁਨਰ ਨਿਰਮਾਣ ਦਾ ਪ੍ਰਾਜੈਕਟ ਵੀ ਸ਼ਾਮਲ ਹੈ। ਇਹ ਪ੍ਰਾਜੈਕਟ 72.80 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਵਿਧਾਇਕ ਨੇ 99.62 ਲੱਖ ਰੁਪਏ ਦੀ ਲਾਗਤ ਨਾਲ ਸਰਕੂਲਰ ਰੋਡ ਦੀ ਮੁੜ ਉਸਾਰੀ ਦੇ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ 60.23 ਲੱਖ ਰੁਪਏ ਦੀ ਲਾਗਤ ਨਾਲ ਮੋਹਰ ਸਿੰਘ ਨਗਰ ਦੀਆਂ ਗਲੀਆਂ ਬਣਾਉਣ ਦੇ ਪ੍ਰੋਜੈਕਟ ਨੂੰ ਵੀ ਸ਼ੁਰੂ ਕੀਤਾ ਗਿਆ।
 
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ।

ਵਿਧਾਇਕ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਕੰਮਾਂ ਦੀ ਰਫ਼ਤਾਰ ਦੀ ਜਾਂਚ ਲਈ ਲਗਾਤਾਰ ਨਿਰੀਖਣ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ ਨੂੰ ਜਾਣਨ ਲਈ ਲੋਕਾਂ ਤੋਂ ਫੀਡਬੈਕ ਵੀ ਲੈ ਰਹੇ ਹਨ। ਹਲਕੇ ਵਿੱਚ ਵਿਕਾਸ ਕਾਰਜ ਕਰਨ ਵੇਲੇ ਲੋਕਾਂ ਦੇ ਸੁਝਾਵਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।