ਕੇਂਦਰੀ ਸੰਚਾਰ ਬਿਊਰੋ ਦੀ ਪ੍ਰਦਰਸ਼ਨੀ ਦੇ ਦੂਜੇ ਦਿਨ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਕੀਤਾ ਜਾਗਰੂਕ 

ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ 

ਲੁਧਿਆਣਾ, 9 ਨਵੰਬਰ (ਟੀ. ਕੇ.) ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ '9 ਸਾਲ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ’ ਵਿਸ਼ੇ ’ਤੇ ਲਗਾਈ ਗਈ ਤਿੰਨ ਦਿਨਾ ਫੋਟੋ ਪ੍ਰਦਰਸ਼ਨੀ ਦੇ ਦੂਜੇ ਦਿਨ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ ਗਿਆ। ਲੋਕਤੰਤਰ ਦੀ ਖੁਸ਼ਹਾਲੀ ਲਈ ਹਰੇਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।


ਇਹ ਪ੍ਰਦਰਸ਼ਨੀ, ਜਿਹੜੀ ਪਿਛਲੇ ਸਾਲਾਂ ਦੌਰਾਨ ਭਾਰਤ ਵੱਲੋਂ ਵੱਖ-ਵੱਖ ਖੇਤਰਾਂ ਚ ਕੀਤੀ ਗਈ ਤਰੱਕੀ ਨੂੰ ਦਰਸਾਉਂਦੀ ਹੈ। ਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਲਈ ਜਾਣਕਾਰੀ ਦਾ ਭੰਡਾਰ ਹੈ।
ਅੱਜ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਦੇ ਅਧਿਕਾਰੀ ਹੈੱਡ ਕਾਂਸਟੇਬਲ ਜਸਬੀਰ ਸਿੰਘ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਸਰੀਰ ਨੂੰ ਸੱਟ-ਫੇਟ ਲੱਗਣ ਦੇ ਖ਼ਤਰੇ ਸਮੇਤ ਕਾਨੂੰਨੀ ਪੇਸ਼ਗੀਆਂ ਚ ਫਸਣ ਬਾਰੇ ਵਿਸਥਾਰ ਚ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਚਲਦਿਆਂ ਪੰਜਾਬ ਸਮੇਤ ਦੇਸ਼ ਭਰ ਚ ਰੋਜ਼ਾਨਾ ਸੈਂਕੜੇ ਲੋਕ ਮੌਤ ਹੋ ਜਾਂਦੀ ਏ, ਉੱਥੇ ਜਿਨ੍ਹਾਂ ਨੌਜਵਾਨਾਂ ਕੋਲ ਘੱਟ ਉਮਰ ਕਾਰਨ ਜਾਂ ਵੈਸੇ ਹੀ ਲਾਇਸੰਸ ਨਹੀਂ ਹੁੰਦਾ, ਉਹਨਾਂ ਨੂੰ ਕਿਸੇ ਦੁਰਘਟਨਾ ਕਾਰਨ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰਨ ਵੇਲੇ ਬਹੁਤ ਸਾਰੀਆਂ ਕਾਨੂੰਨੀ ਕਾਰਵਾਈਆਂ ਦਾ  ਸਾਹਮਣਾ ਕਰਨਾ ਪੈਂਦਾ ਏ।
ਵੋਟਰ ਜਾਗਰੂਕਤਾ ਸਬੰਧੀ ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਪਣੀਆਂ ਪਹਿਲਾਂ ਤੋਂ ਬਣੀਆਂ ਵੋਟਾਂ ਵਿੱਚ ਕਿਸੇ ਤਰ੍ਹਾਂ ਦੀ ਗਲ਼ਤੀ ਦੀ ਸੁਧਾਈ ਕਰਵਾਉਣ ਅਤੇ ਨੌਜਵਾਨਾਂ ਨੂੰ ਆਪਣੀ ਨਵੀਂ ਵੋਟ ਬਣਾਉਣ ਦੇ ਆਨਲਾਈਨ ਤਰੀਕਿਆਂ ਬਾਰੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਹਰਨੂਰ ਕੌਰ ਅਤੇ ਜਗਦੀਪ ਸਿੰਘ ਵੱਲੋਂ ਜਾਗਰੂਕ ਕੀਤਾ ਗਿਆ।
ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫਸਰ ਵੀਰਪਾਲ ਕੌਰ ਨੇ ਵੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ रिंकी ਨੇ ਘਰੇਲੂ ਗੈਸ ਦੇ ਸੁਰੱਖਿਅਤ ਸੰਚਾਲਨ ਅਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਇੱਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਦਾ ਸੰਚਾਲਨ ਬਿਊਰੋ ਦੇ ਖੇਤਰੀ ਸਹਾਇਕ ਗੁਰਕਮਲ ਸਿੰਘ ਨੇ ਕੀਤਾ। ਮਗਰੋਂ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ।
ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਜਸਵਿੰਦਰ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਆਪਣੀ ਅਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਹੱਥਾਂ ਵਿੱਚ ਹੈ ਅਤੇ ਉਨ੍ਹਾਂ ਨੂੰ ਹਰ ਕੰਮ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਕਰਨਾ ਚਾਹੀਦਾ ਹੈ।

ਕੱਲ੍ਹ ਪ੍ਰਦਰਸ਼ਨੀ ਦੇ ਆਖਰੀ ਦਿਨ ਭਾਰਤ ਸਰਕਾਰ ਦੀ ਉੱਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਵੰਡੇ ਜਾਣਗੇ ਅਤੇ ਵਿਦਿਆਰਥੀਆਂ ਦੇ ਡਰਾਇੰਗ ਅਤੇ ਕਵਿਜ਼ ਮੁਕਾਬਲੇ ਵੀ ਕਰਵਾਏ ਜਾਣਗੇ।